Share on Facebook

Main News Page

ਸੰਤਾਲ਼ੀ ਮੌਕੇ ਵੱਖਰਾ ਸਿੱਖ ਮੁਲਕ ਨਾ ਬਣ ਸਕਣ ਦੀ ਅਸਲੀਅਤ ਕੀ ਹੈ? (ਕਿਸ਼ਤ ਤਿਜੀ)
-: ਗੁਰਪ੍ਰੀਤ ਸਿੰਘ ਮੰਡਿਆਣੀ

👉 ਲੜੀ ਜੋੜਨ ਲਈ ਪੜ੍ਹੋ ਕਿਸ਼ਤ : ਪਹਿਲੀ ; ਦੂਜੀ ;

6. ਨਹਿਰੂ ਦੇ ਬਿਆਨ ਨੇ ਮੁਸਲਮਾਨ ਹੋਰ ਡਰਾਏ: ਜਿਨਾਹ ਹਾਲੇ 25 ਜੂਨ ਵਾਲੀ ਮੀਟਿੰਗ ਦੇ ਸਦਮੇ ਵਿਚੋਂ ਨਿਕਲਿਆ ਨਹੀਂ ਸੀ ਉਤੋਂ ਦੀ ਪੰਡਤ ਨਹਿਰੂ ਦੇ ਬਿਆਨ ਨੇ ਉਸਨੂੰ ਹੋਰ ਡਰਾ ਦਿੱਤਾ। 7 ਜੁਲਾਈ ਨੂੰ ਮੁੰਬਈ ਵਿਚ ਆਲ ਇੰਡੀਆ ਕਾਂਗਰਸ ਦਾ ਇਜਲਾਸ ਹੋਇਆ, ਜਿਸਦਾ ਤੱਤਸਾਰ ਜਵਾਹਰ ਲਾਲ ਨਹਿਰੂ ਨੇ 10 ਜੁਲਾਈ 1946 ਨੂੰ ਬੰਬਈ ਵਿਚ ਹੀ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਆਖਿਆ ਕਿ ਸੰਵਿਧਾਨ ਘੜਣੀ ਅਸੈਂਬਲੀ ਆਪਣੇ ਬਹੁਮਤ ਦੇ ਜ਼ੋਰ ਨਾਲ ਜਿਹੋ-ਜਿਹਾ ਮਰਜ਼ੀ ਸੰਵਿਧਾਨ ਬਣਾ ਸਕਦੀ ਹੈ ਅਤੇ ਉਹ ਇਸ ਗੱਲ ਦੀ ਵੀ ਵਿਆਖਿਆ ਕਰਨ ਦੇ ਸਮਰੱਥ ਹੈ ਕਿ ਕੇਂਦਰੀ ਮਹਿਕਮੇ ਕਿਹੜੇ ਹਨ ਅਤੇ ਕੇਂਦਰੀ ਮਹਿਕਮੇ ਤੋਂ ਕੀ ਭਾਵ ਹੈ ਤੇ ਸੂਬਾਈ ਮਹਿਕਮੇ ਤੋਂ ਕੀ? ਇਸਦਾ ਸਿੱਧਾ ਮਤਲਬ ਇਹ ਦੱਸਣਾ ਸੀ ਕਿ ਕਾਂਗਰਸ ਕੋਲ ਬਹੁਮਤ ਹੋਣ ਕਰਕੇ ਉਹ ਆਪਣੀ ਮਰਜ਼ੀ ਦਾ ਸੰਵਿਧਾਨ ਬਣਾਵੇਗੀ। ਕਾਂਗਰਸ ਵਲੋਂ ਪਹਿਲਾਂ ਕੀਤੀ ਗਈ ਮੰਗ ਕਿ “ਸੰਵਿਧਾਨ ਘੜਣੀ ਅਸੈਂਬਲੀ ਦੇ ਕੰਮ ਕਰਨ ਤੋਂ ਪਹਿਲਾਂ ਅੰਗਰੇਜ਼ ਫੌਜ ਇਥੋਂ ਨਿਕਲ ਜਾਵੇ।” ਜੇ ਬਹੁਮਤ ਵਾਲੀ ਗੱਲ ਨਾਲ ਜੋੜ ਕੇ ਵੇਖਿਆ ਜਾਵੇ ਤਾਂ ਮੁਸਲਮਾਨਾਂ ਲਈ ਇਹ ਗੱਲ ਬਹੁਤ ਖਤਰਨਾਕ ਸੀ। ਜਿਨਾਹ ਨੇ ਇਸਦਾ ਅਰਥ ਇਹ ਕੱਢਿਆ ਕਿ ਕਾਂਗਰਸ ਅੰਗਰੇਜ਼ਾਂ ਨੂੰ ਇਥੋਂ ਪਹਿਲਾਂ ਰੁਖਸਤ ਕਰਕੇ ਹੁੱਲੜਬਾਜ਼ੀ ਦੇ ਜ਼ੋਰ ਨਾਲ ਮੁਲਕ ਦਾ ਸੰਵਿਧਾਨ ਆਪਣੀ ਕੁੱਲ ਮਰਜੀ ਮੁਤਾਬਕ ਬਣਾਵੇਗੀ।

7. ਮੁਸਲਮਾਨ ਲਾਚਾਰੀ ਦੇ ਆਲਮ ਵਿਚ: ਵਾਇਸਰਾਏ ਨੇ ਸੰਵਿਧਾਨ ਘੜਣੀ ਅਸੈਂਬਲੀ ਦੀਆਂ ਚੋਣਾਂ 1946 ਜੁਲਾਈ ਦੇ ਪਹਿਲੇ ਹਫਤੇ ਵਿਚ ਮੁਸਲਿਮ ਲੀਗ ਦੇ ਇਤ ਰਾਜ਼ ਦੇ ਬਾਵਜੂਦ ਕਰਵਾ ਦਿੱਤੀਆਂ। ਇਕ ਪਾਸੇ ਵਾਇਸਰਾਏ ਸੰਵਿਧਾਨ ਬਣਾਉਣ ਦਾ ਅਮਲ ਇਸ ਆੜ ਵਿਚ ਅੱਗੇ ਵਧਾ ਰਿਹਾ ਸੀ ਕਿ ਮੁਸਲਿਮ ਲੀਗ ਨੇ ਸੰਵਿਧਾਨ ਸਭਾ ਵਾਲੀ ਤਜਵੀਜ਼ ਨੂੰ ਮਾਨਤਾ ਦਿੱਤੀ ਹੋਈ ਹੈ। ਦੂਜੇ ਬੰਨੇ ਕਾਂਗਰਸ ਖੁੱਲ੍ਹਮ-ਖੁੱਲ੍ਹਾ ਆਖ ਰਹੀ ਸੀ ਕਿ ਉਹ ਬਹੁਮਤ ਦੇ ਜ਼ੋਰ ਨਾਲ ਸੰਵਿਧਾਨ ਬਣਾਵੇਗੀ ਜੋ ਕਿ ਕੈਬਨਿਟ ਮਿਸ਼ਨ ਦੀਆਂ ਤਜਵੀਜ਼ਾਂ ਦੇ ਦਾਇਰੇ ਤੋਂ ਬਾਹਰ ਹੋਵੇਗਾ। ਮੁਸਲਿਮ ਲੀਗ ਨੂੰ ਜਾਪਣ ਲੱਗਿਆ ਕਿ ਅਜਿਹੀਆਂ ਹਾਲਤਾਂ ਵਿਚ ਹੀ ਦੇਸ਼ ਦਾ ਸੰਵਿਧਾਨ ਤਿਆਰ ਹੋ ਗਿਆ ਤਾਂ ਮੁਸਲਮਾਨਾਂ ਦੀ ਇਸ ਵਿਚ ਸਲਾਮਤੀ ਨਹੀਂ ਰਹਿਣੀ।

ਜਿਨਾਹ ਨੇ ਅੰਦਾਜ਼ਾ ਲਾਇਆ ਕਿ ਕਾਂਗਰਸ ਦੇ ਵੱਡੇ ਸੱਤਿਆ ਗ੍ਰਹਿ ਦੇ ਡਰਾਵੇ ਕਰਕੇ ਹੀ ਅੰਗਰੇਜ਼ ਮੁਸਲਮਾਨਾਂ ਦੀਆਂ ਹੱਕੀ ਮੰਗਾਂ ਤੋਂ ਇਨਕਾਰੀ ਹੈ ਅਤੇ ਉਹ ਕਿਸੇ ਸੂਰਤ ਵਿਚ ਵੀ ਪਾਕਿਸਤਾਨ ਦੀ ਕਾਇਮੀ ਜਾਂ ਮੁਸਲਮਾਨਾਂ ਦੀ ਆਜ਼ਾਦੀ ਨੂੰ ਰੋਕਣ ਦਾ ਮਤਾ ਪੁਗਾਈ ਬੈਠੇ ਹਨ। ਉਹਨੇ ਉਸ ਵੇਲੇ ਦੇ ਵਾਇਸਰਾਏ ਮਿਸਟਰ ਵੇਵਲ ‘ਤੇ ਸ਼ਰੇਆਮ ਦੋਸ਼ ਲਾਇਆ ਕਿ ਉਹ ਅਖੰਡ ਭਾਰਤ ਦਾ ਪਰਚਾਰਕ ਹੋਣ ਕਰਕੇ ਪਾਕਿਸਤਾਨ ਵਿਰੁੱਧ ਕਾਂਗਰਸ ਨਾਲ ਗਠਜੋੜ ਕਰੀ ਬੈਠਾ ਹੈ। ਇਸ ਨਾਲ ਮੁਸਲਮਾਨਾਂ ਵਿਚ ਲਾਚਾਰੀ ਵਾਲੀ ਹਾਲਤ ਪੈਦਾ ਹੋਈ।

8. ਮੁਸਲਿਮ ਲੀਗ ਕਾਊਂਸਲ ਦਾ ਇਜਲਾਸ: ਮੁਸਲਮਾਨਾਂ ਵਿਚ ਲਾਚਾਰੀ ਅਤੇ ਨਿਰਾਸ਼ਤਾ ਵਾਲੇ ਮਾਹੌਲ ਨੂੰ ਤੋੜਨ ਖਾਤਰ ਜਿਨਾਹ ਨੇ ਮੁਸਲਿਮ ਲੀਗ ਕਾਊਂਸਲ (ਜਿਸ ਨੂੰ ਮੁਸਲਮਾਨ ਕੌਮ ਦੀ ਪਾਰਲੀਮੈਂਟ ਕਿਹਾ ਜਾਂਦਾ ਸੀ) ਦਾ ਜਨਰਲ ਇਜਲਾਸ 27 ਜੁਲਾਈ 1946 ਨੂੰ ਬੰਬਈ ਵਿਚਲੇ ਆਪਣੇ ਮਾਲਾਬਾਰ-ਹਿੱਲ ਬੰਗਲੇ ਵਿਚ ਸੱਦਿਆ। ਇਜਲਾਸ ਵਿਚ ਜਿਨਾਹ ਨੇ ਢਾਈ ਘੰਟੇ ਤਕਰੀਰ ਕੀਤੀ ਅਤੇ ਕਿਹਾ ਕਿ “ਕਾਂਗਰਸ ਹੁੱਲੜਬਾਜ਼ੀ ਨਾਲ ਸੰਵਿਧਾਨ ਘੜਨੀ ਅਸੈਂਬਲੀ ‘ਤੇ ਛਾ ਜਾਵੇਗੀ ਤੇ ਕੈਬਨਿਟ ਮਿਸ਼ਨ ਦੀ ਸਕੀਮ ਦੇ ਬੁਨਿਆਦੀ ਅਸੂਲਾਂ ਦਾ ਮਲੀਆਮੇਟ ਕਰ ਦੇਵੇਗੀ। ਉਸ ਨੇ ਅੰਗਰੇਜ਼ਾਂ ‘ਤੇ ਦੂਸ਼ਣ ਲਾਏ ਕਿ ਉਹ ਕਾਂਗਰਸ ਦੀ ਇਨਕਲਾਬੀ ਤੇ ਖੂਨੀ ਬਗਾਵਤ ਤੋਂ ਡਰਦੇ ਹੋਏ ਮੁਸਲਮਾਨਾਂ ਨਾਲ ਕੀਤੇ ਵਾਅਦੇ ਭੁੱਲ ਗਏ ਹਨ। ਉਸਨੇ ਮੁਸਲਮਾਨਾਂ ਨੂੰ ਵੰਗਾਰਿਆ ਤੇ ਕਿਹਾ ਕਿ ਸਾਨੂੰ ਆਪਣੇ ਪੈਰਾਂ ‘ਤੇ ਆਪ ਖੜ੍ਹਾ ਹੋਣਾ ਚਾਹੀਦਾ ਹੈ ਉਸਨੇ ਜ਼ੋਰਦਾਰ ਸ਼ਬਦਾਂ ਵਿਚ ਕਿਹਾ, ਹੁਣ ਕਿਸੇ ਵੱਲ ਉਮੀਦ ਜਾਂ ਸਹਾਇਤਾ ਦੀ ਆਸ ਰੱਖਣ ਦੀ ਕੋਈ ਲੋੜ ਨਹੀਂ। ਹੁਣ ਕੋਈ ਅਦਾਲਤ ਨਹੀਂ ਰਹੀ, ਜਿਸ ਵਿਚ ਅਸੀਂ ਇਨਸਾਫ ਲਈ ਜਾ ਸਕੀਏ। ਹੁਣ ਸਾਡੀ ਅਦਾਲਤ ਕੇਵਲ ਮੁਸਲਿਮ ਕੌਮ ਹੈ।” ਮੁਸਲਿਮ ਲੀਗ ਨੇ 16 ਮਈ ਵਾਲੀਆਂ ਤਜਵੀਜ਼ਾਂ ਦੀ ਪ੍ਰਵਾਨਗੀ ਵਾਪਸ ਲੈ ਲਈ ਤੇ ਅਪੀਲ ਕੀਤੀ ਕਿ ਉਹ ‘ਅੰਗਰੇਜ਼ ਦੇ ਵਤੀਰੇ ਦੀ ਸਖਤ ਨਿਖੇਧੀ ਕਰਦੇ ਹੋਏ ਬਦੇਸ਼ੀ ਸਰਕਾਰ ਦੇ ਦਿੱਤੇ ਖਿਤਾਬ ਵਾਪਸ ਕਰ ਦੇਣ।’ ਕਈ ਮੈਂਬਰਾਂ ਨੇ ਉਸੇ ਵੇਲੇ ਆਪਣੇ ਖਿਤਾਬ ਛੱਡਣ ਦਾ ਐਲਾਨ ਕਰ ਦਿੱਤਾ। ਇਜਲਾਸ ਵਿਚ ਮਾਹੌਲ ਬਹੁਤ ਜੋਸ਼ੀਲਾ ਤੇ ਭੜਕਾਊ ਹੋ ਗਿਆ ਸੀ।

9. ਮੁਸਲਿਮ ਲੀਗ ਵਲੋਂ ਡਾਇਰੈਕਟ ਐਕਸ਼ਨ ਦਾ ਐਲਾਨ: ਇਸ ਗਰਮ ਮਾਹੌਲ ਵਿਚ ਕਾਊਂਸਲ ਨੇ ਇਹ ਮਤਾ ਪਾਸ ਕੀਤਾ, “ਜਦੋਂ ਕਿ ਲੀਗ, ਕਾਂਗਰਸ ਦੀ ਇੰਤਹਾਪਸੰਦੀ ਤੇ ਬਰਤਾਨਵੀ ਸਰਕਾਰ ਦੀ ਮੁਸਲਮਾਨਾਂ ਨਾਲ ਗੱਦਾਰੀ ਕਰਨ ਤੇ ਅੱਜ ਕੈਬਨਿਟ ਮਿਸ਼ਨ ਦੀਆਂ 16 ਮਈ ਦੀਆਂ ਤਜਵੀਜ਼ਾਂ ਨੂੰ ਰੱਦ ਕਰਦੀ ਹੈ ਅਤੇ ਜਦੋਂ ਕਿ ਹਿੰਦੁਸਤਾਨ ਦੇ ਮੁਸਲਮਾਨਾਂ ਨੇ ਹਰੇਕ ਤਰੀਕੇ ਤੇ ਸ਼ਾਂਤਮਈ ਸਮਝੌਤੇ ਨਾਲ ਹਿੰਦ ਦੇ ਮਸਲੇ ਨੂੰ ਹੱਲ ਕਰਨ ਦੇ ਸਭ ਯਤਨ ਕਰ ਵੇਖੇ ਹਨ; ਜਦੋਂ ਕਿ ਕਾਂਗਰਸ ਅੰਗਰੇਜ਼ੀ ਸਰਕਾਰ ਦੀ ਸ਼ਹਿ ‘ਤੇ ਹਿੰਦ ਵਿਚ ਹਿੰਦੂ ਰਾਜ ਸਥਾਪਤ ਕਰਨ ਲਈ ਤੁਲੀ ਹੋਈ ਹੈ; ਜਦੋਂ ਕਿ ਸੱਜਰੀਆਂ ਘਟਨਾਵਾਂ ਦੱਸਦੀਆਂ ਹਨ ਕਿ ਹਿੰਦ ਦੇ ਰਾਜਸੀ ਮਸਲਿਆਂ ਵਿਚ ਹੁੱਲੜਬਾਜ਼ੀ ਦਾ ਜ਼ੋਰ ਹੈ ਨਾ ਕਿ ਇਨਸਾਫ ਤੇ ਈਮਾਨਦਾਰੀ ਦਾ, ਜਦੋਂ ਕਿ ਹਿੰਦੁਸਤਾਨ ਦੇ ਮੁਸਲਮਾਨ ਕਦੀ ਵੀ ਆਜ਼ਾਦ ਪਾਕਿਸਤਾਨ ਤੋਂ ਘੱਟ ਕਿਸੇ ਗੱਲ ਨਾਲ ਕਦੀ ਵੀ ਸੰਤੁਸ਼ਟ ਨਹੀਂ ਹੋਣਗੇ ਅਤੇ ਪੂਰੀ ਤਾਕਤ ਨਾਲ ਕਿਸੇ ਵਿਧਾਨ ਦੇ ਲਾਗੂ ਕਰਨ ਦੇ ਯਤਨਾਂ ਦਾ ਟਾਕਰਾ ਕਰਨਗੇ ਭਾਵੇਂ ਉਹ ਵਿਧਾਨ ਥੋੜ੍ਹੇ ਚਿਰ ਲਈ ਹੋਵੇ ਭਾਵੇਂ ਬਹੁਤੇ ਚਿਰ ਲਈ। ਜੇਕਰ ਉਹ ਰਾਜ-ਬਣਤਰ ਮੁਸਲਿਮ ਲੀਗ ਦੇ ਆਸ਼ੇ ਦੇ ਉਲਟ ਬਣਾਈ ਗਈ, ਮੁਸਲਿਮ ਲੀਗ ਦੀ ਕੌਂਸਲ ਦਾ ਨਿਸਚਾ ਹੈ ਕਿ ਮੁਸਲਮਾਨ ਕੌਮ ਲਈ ਆਪਣੇ ਅਣਖ ਤੇ ਇੱਜ਼ਤ ਦਾ ਸਬੂਤ ਦੇਣ ਲਈ ਅਤੇ ਅੰਗਰੇਜ਼ ਦੀ ਗ਼ੁਲਾਮੀ ਤੋਂ ਛੁਟਕਾਰਾ ਪਾਉਣ ਲਈ ਡਾਇਰੈਕਟ ਐਕਸ਼ਨ ਕਰਨ ਦਾ ਸਮਾਂ ਆ ਗਿਆ ਹੈ।” ਮੁਸਲਿਮ ਲੀਗ ਵਲੋਂ ਅੰਗਰੇਜ਼ਾਂ ਦੇ ਖਿਲਾਫ ਅਜਿਹੀ ਬਿਆਨਬਾਜ਼ੀ ਦੇ ਮੱਦੇਨਜ਼ਰ ਇਹ ਕਿਵੇਂ ਕਿਹਾ ਜਾ ਸਕਦਾ ਹੈ ਕਿ ਉਨ੍ਹਾਂ ਵਲੋਂ ਪਾਕਿਸਤਾਨ ਦੀ ਮੰਗ ਅੰਗਰੇਜ਼ਾਂ ਦੇ ਇਸ਼ਾਰੇ ‘ਤੇ ਸੀ।

10. ਜਿਨਾਹ ਦਾ ਐਲਾਨ: ਜਾਂ ਹਿੰਦ ਦਾ ਵੰਡਾਰਾ ਕਰਾਂਗੇ ਜਾਂ ਸਾਰਾ ਤਬਾਹ ਕਰਾਂਗੇ: 29 ਜੁਲਾਈ ਨੂੰ ਬੰਬਈ ਵਿਚ ਹੀ ਉਸਨੇ ਹਜ਼ਾਰਾਂ ਮੁਸਲਮਾਨਾਂ ਸਾਹਮਣੇ ਤਕਰੀਰ ਕਰਦਿਆਂ 16 ਜੁਲਾਈ 1946 ਨੂੰ ਡਾਇਰੈਕਟ ਐਕਸ਼ਨ ਭਾਵ ਦੋ-ਦੋ ਹੱਥ ਕਰਨ ਦਾ ਦਿਨ ਮਿੱਥ ਦਿੱਤਾ। ਕਾਂਗਰਸ ਨੂੰ ਸੰਬੋਧਨ ਹੁੰਦਿਆਂ ਉਸਨੇ ਕਿਹਾ, “ਜੇਕਰ ਤੁਸੀਂ ਅਮਨ ਚਾਹੁੰਦੇ ਹੋ ਤਾਂ ਅਸੀਂ ਜੰਗ ਨਹੀਂ ਚਾਹੁੰਦੇ। ਜੇਕਰ ਤੁਸੀਂ ਜੰਗ ਚਾਹੁੰਦੇ ਹੋ ਤਾਂ ਉਹ ਵੀ ਅਸੀਂ ਬੇ-ਝਿਜਕ ਕਬੂਲਦੇ ਹਾਂ। ਅਸੀਂ ਜਾਂ ਤਾਂ ਹਿੰਦ ਦਾ ਵੰਡਾਰਾ ਕਰਾਂਗੇ ਜਾਂ ਸਾਰਾ ਤਬਾਹ ਕਰਾਂਗੇ।” ਮੁਸਲਮ ਲੀਗੀ ਇਹ ਸੁਣ ਕੇ ਆਪਣੀਆਂ ਸੀਟਾਂ ਤੋਂ ਉਛਲ ਪਏ, ਆਪਣੀਆਂ ਫੈਜ਼ੀ ਟੋਪੀਆਂ ਹਵਾ ਵਿਚ ਸੁੱਟ ਦਿੱਤੀਆਂ ਤੇ ਆਕਾਸ਼ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਕੰਬ ਉਠਿਆ। ਮੁਸਲਮਾਨਾਂ ਵਲੋਂ ਜਿਨਾਹ ਦੀ ਤਕਰੀਰ ਨਾਲ ਐਨੇ ਜੋਸ਼ ਵਿਚ ਆਉਣ ਦਾ ਭਾਵ ਇਹ ਸੀ ਕਿ ਉਨ੍ਹਾਂ ਦੇ ਲੀਡਰ ਦੀ ਤਕਰੀਰ ਨੇ ਉਨ੍ਹਾਂ ਦੀਆਂ ਭਾਵਨਾਵਾਂ ਦੀ ਤ੍ਰਿਪਤੀ ਕੀਤੀ ਹੈ। ਅਸਲ ਗੱਲ ਇਹ ਨਹੀਂ ਸੀ ਕਿ ਜੋ ਜਿਨਾਹ ਕਹਿੰਦਾ ਸੀ ਇਹ ਸਿਰਫ ਉਸਦੀ ਆਪਣੀ ਹੀ ਸੋਚ ਸੀ ਬਲਕਿ ਉਹਦੀ ਸੋਚ ਹਿੰਦੁਸਤਾਨ ਦੇ ਲਗਭਗ ਸਮੁੱਚੇ ਮੁਸਲਮਾਨਾਂ ਦੀ ਤਰਜਮਾਨੀ ਕਰਦੀ ਸੀ। 1946 ਦੀਆਂ ਚੋਣਾਂ ਉਹਨੇ ਪਾਕਿਸਤਾਨ ਦੇ ਮੁੱਦੇ ‘ਤੇ ਹੀ ਲੜੀਆਂ ਸਨ ਤੇ ਉਹਨੂੰ ਲਾਮਿਸਾਲ ਕਾਮਯਾਬੀ ਮਿਲੀ ਸੀ। ਜਦੋਂ ਪੱਤਰਕਾਰਾਂ ਨੇ ਜਿਨਾਹ ਤੋਂ ਡਾਇਰੈਕਟ ਐਕਸ਼ਨ ਡੇ ਦਾ ਮਤਲਬ ਪੁੱਛਿਆ ਤਾਂ ਉਹਨੇ ਕਿਹਾ “ਮੇਰੇ ਕੋਲੋਂ ਡਾਇਰੈਕਟ ਐਕਸ਼ਨ ਦਾ ਮਤਲਬ ਕਿਉਂ ਪੁਛਦੇ ਹੋ? ਕਾਂਗਰਸ ਕੋਲ ਜਾਓ। ਉਨ੍ਹਾਂ ਕੋਲੋਂ ਉਨ੍ਹਾਂ ਦੀਆਂ ਵਿਉਂਤਾਂ ਪੁੱਛੋਂ। ਜੇਕਰ ਉਹ ਤੁਹਾਨੂੰ ਦੱਸ ਦੇਣਗੇ ਤਾਂ ਮੈਂ ਵੀ ਦੱਸ ਦੇਵਾਂਗਾ। ਮੇਰੇ ਕੋਲੋਂ ਕਿਉਂ ਆਸ ਰੱਖਦੇ ਹੋ ਕਿ ਮੈਂ ਹੱਥ ਜੋੜ ਕੇ ਬੈਠਾ ਰਿਹਾ? ਮੈਂ ਵੀ ਹੁਣ ਅੰਦੋਲਨ ਕਰਨ ਵਾਲਾ ਹਾਂ। ਅਸੀਂ ਆਤਮ ਰੱਖਿਆ ਲਈ ਵਿਧਾਨਕ ਤਰੀਕਿਆਂ ਦਾ ਤਿਆਗ ਕਰਨ ਲਈ ਮਜ਼ਬੂਰ ਹਾਂ।” ਇਹ ਗੱਲਾਂ ਸਪੱਸ਼ਟ ਕਰਦੀਆਂ ਸਨ ਕਿ ਡਾਇਰੈਕਟ ਐਕਸ਼ਨ ਰਾਹੀਂ ਜ਼ਰੂਰ ਫਸਾਦ ਪੈਦਾ ਹੋਵੇਗਾ, ਜੋ ਕਿ ਹੋ ਕੇ ਰਿਹਾ।

ਚਲਦਾ...


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top