Share on Facebook

Main News Page

ਸੰਤਾਲ਼ੀ ਮੌਕੇ ਵੱਖਰਾ ਸਿੱਖ ਮੁਲਕ ਨਾ ਬਣ ਸਕਣ ਦੀ ਅਸਲੀਅਤ ਕੀ ਹੈ? (ਕਿਸ਼ਤ ਚੌਥੀ)
-: ਗੁਰਪ੍ਰੀਤ ਸਿੰਘ ਮੰਡਿਆਣੀ

👉 ਲੜੀ ਜੋੜਨ ਲਈ ਪੜ੍ਹੋ ਕਿਸ਼ਤ : ਪਹਿਲੀ ; ਦੂਜੀ ; ਤਿਜੀ

11. ਡਾਇਰੈਕਟ ਐਕਸ਼ਨ ਡੇ ਦਾ ਨਤੀਜਾ: ਹਜ਼ਾਰਾਂ ਹਿੰਦੂਆਂ ਦਾ ਕਤਲੇਆਮ: ਬੰਗਾਲ ਵਿਚ ਮੁਸਲਿਮ ਲੀਗ ਦੀ ਹਕੂਮਤ ਸੀ ਅਤੇ ਜਨਾਬ ਸੁਹਾਰਵਰਦੀ ਇਸਦੇ ਮੁੱਖ ਮੰਤਰੀ ਸਨ (ਭਾਰਤ ਵਿਚਲੇ ਸੂਬੇ ਪੱਛਮੀ ਬੰਗਾਲ ਅਤੇ ਸਾਰੇ ਬੰਗਲਾ ਦੇਸ਼ ਨੂੰ ਰਲਾ ਕੇ ਬੰਗਾਲ ਬਣਦਾ ਸੀ)। 15 ਅਗਸਤ 1946 ਨੂੰ ਬੰਗਾਲ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਸੀ, ਜਿਸ ਵਿਚ ਮੁੱਖ ਮੰਤਰੀ ਨੇ ਡਾਇਰੈਕਟ ਐਕਸ਼ਨ ਡੇ 16 ਅਗਸਤ ਨੂੰ ਸੂਬੇ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ।ਕਾਂਗਰਸੀ ਮੈਂਬਰਾਂ ਨੇ ਛੁੱਟੀ ਕਰਨ ਦਾ ਵਿਰੋਧ ਕਰਦਿਆਂ ਕਿਹਾ ਕਿ “ਇਹ ਸੋਚਣਾ ਮੂਰਖਤਾ ਹੈ ਕਿ ਬੰਗਾਲ ਦੀ ਮੁਸਲਮਾਨ ਹਕੂਮਤ ਨੇ ਹੁੱਲੜਬਾਜ਼ੀ ਤੇ ਗੁੰਡਾਗਰਦੀ ਨੂੰ ਖਤਮ ਕਰਨ ਲਈ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਹੈ। ਵਿਹਲੇ ਲੋਕਾਂ ਵਾਸਤੇ ਛੁੱਟੀ ਖਰਾਬੀ ਪੈਦਾ ਕਰੇਗੀ, ਕਿਉਂਕਿ ਇਹ ਜ਼ਰੂਰੀ ਹੈ ਕਿ ਉਹ ਹਿੰਦੂ ਜਿਹੜੇ ਆਪਣਾ ਕੰਮ ਧੰਦਾ ਕਰਨਾ ਚਾਹੁਣਗੇ, ਆਪਣੀਆਂ ਦੁਕਾਨਾਂ ਖੋਲ੍ਹਣਗੇ ਤੇ ਉਨ੍ਹਾਂ ਨੂੰ ਜ਼ਬਰਦਸਤੀ ਦੁਕਾਨਾਂ ਬੰਦ ਕਰਨ ਨੂੰ ਕਿਹਾ ਜਾਵੇਗਾ। ਇਸ ਤੋਂ ਫਿਰਕੂ ਫਸਾਦ ਮਚ ਉਠਣ ਦੀ ਸੰਭਾਵਨਾ ਹੋ ਸਕਦੀ ਹੈ।”

ਇਹ ਗੱਲ ਬਿਲਕੁਲ ਸੱਚ ਸਾਬਤ ਹੋਈ ਕਿ ਜਿਹੜੇ ਹਿੰਦੂਆਂ ਨੇ 16 ਅਗਸਤ ਨੂੰ ਦੁਕਾਨਾਂ ਖੋਲ੍ਹੀਆਂ ਉਨ੍ਹਾਂ ਨੂੰ ਮੁਸਲਮਾਨਾਂ ਨੇ ਮਾਰਨਾ ਸ਼ੁਰੂ ਕਰ ਦਿੱਤਾ। ਦੁਪਹਿਰ ਤਕ ਸਾਰਾ ਸ਼ਹਿਰ ਅਗਜ਼ਨੀ ਅਤੇ ਛੁਰੇਬਾਜ਼ੀ ਅਤੇ ਕਤਲੋਗਾਰਤ ਵਾਲਾ ਬਣ ਗਿਆ ਸੀ। ਇਹ ਮਾਹੌਲ ਤਿੰਨ ਦਿਨ ਤਕ ਜਾਰੀ ਰਿਹਾ ਜਿਸਨੂੰ ਕਿ ਫੌਜ ਨੇ ਆ ਕੇ ਕਾਬੂ ਕੀਤਾ, ਇਸ ਵਿਚ ਬਹੁਤੇ ਹਿੰਦੂ ਮਾਰੇ ਗਏ ਤੇ ਥੋੜ੍ਹੇ ਮੁਸਲਮਾਨ। ਸਰਕਾਰੀ ਅੰਦਾਜ਼ੇ ਮੁਤਾਬਕ ਮੌਤਾਂ ਦੀ ਗਿਣਤੀ 4000 ਅਤੇ 10,000 ਫੱਟੜ ਹੋਏ। ਅਕਤੂਬਰ ਮਹੀਨੇ ਵਿਚ ਪੂਰਬੀ ਬੰਗਾਲ ਦੇ ਸ਼ਹਿਰ ਨੋਆਖਲੀ ਅਤੇ ਤਪੇਰਾ (ਇਹ ਅੱਜਕਲ੍ਹ ਬੰਗਲਾ ਦੇਸ਼ ਵਿਚ ਨੇ) ਵਿਚ ਵੀ ਮੁਸਲਿਮ ਲੀਗੀਆਂ ਨੇ ਕਤਲੇਆਮ ਮਚਾਇਆ, ਜਿਸ ਵਿਚ ਹਜ਼ਾਰਾਂ ਹਿੰਦੂ ਮਾਰੇ ਗਏ।

12. ਬਦਲੇ ਵਿਚ ਹਜ਼ਾਰਾਂ ਮੁਸਲਮਾਨਾਂ ਦੇ ਕਤਲ: ਬੰਗਾਲ ਵਿਚ ਹੋਏ ਹਿੰਦੂਆਂ ਦੇ ਕਤਲੇਆਮ ਦੇ ਬਦਲੇ ਵਿਚ ਬਿਹਾਰ ਦੇ ਸ਼ਹਿਰਾਂ ਵਿਚ 25 ਅਕਤੂਬਰ ਤੋਂ ਲੈ ਕੇ 7 ਨਵੰਬਰ ਤਕ ਹਿੰਦੂਆਂ ਵਲੋਂ ਮੁਸਲਮਾਨਾਂ ਦਾ ਕਤਲੇਆਮ ਮਚਾਇਆ ਗਿਆ। ਬਹੁਤੀ ਹਿੰਸਾ ਵਾਲੇ ਸ਼ਹਿਰਾਂ ਵਿਚ ਛਪਰਾ, ਸਰਾਨ, ਪਟਨਾ ਅਤੇ ਭਾਗਲਪੁਰ ਦੇ ਜ਼ਿਲ੍ਹੇ ਸ਼ਾਮਿਲ ਸਨ। ਬਰਤਾਨਵੀ ਪਾਰਲੀਮੈਂਟ ਵਿਚ ਇਨ੍ਹਾਂ ਕਤਲਾਂ ਦੀ ਗਿਣਤੀ 5000 ਹਜ਼ਾਰ ਦੱਸੀ ਗਈ। ‘ਸਟੇਟਸਮੈਨ’ ਅਖਬਾਰ ਨੇ ਇਹ ਗਿਣਤੀ 7500 ਤੋਂ 10,000 ਦੱਸੀ। ਕਾਂਗਰਸ ਪਾਰਟੀ ਨੇ 2000 ਕਤਲ ਮੰਨੇ ਜਦਕਿ ਜਿਨਾਹ ਨੇ ਇਹ ਗਿਣਤੀ 30,000 ਦੱਸੀ। ਇਸੇ ਤਰ੍ਹਾਂ ਯੂ.ਪੀ. ਵਿਚ ਮੇਰਠ ਦੇ ਨੇੜੇ ਗੜ੍ਹਮੁਕਟੇਸ਼ਵਰ ਵਿਚ ਲੱਗੇ ਇਕ ਮੇਲੇ ਦੌਰਾਨ ਹਿੰਦੂਆਂ ਨੇ 1000 ਤੋਂ ਲੈ ਕੇ 2000 ਤਕ ਮੁਸਲਮਾਨਾਂ ਨੂੰ ਕਤਲ ਕਰ ਦਿੱਤਾ। ਇਸਦੇ ਬਦਲੇ ਵਿਚ ਮੁਸਲਮਾਨਾਂ ਨੇ ਉਤਰ-ਪੱਛਮੀ ਸਰਹੱਦੀ ਸੂਬੇ (ਜੋ ਅੱਜਕਲ੍ਹ ਪਾਕਿਸਤਾਨ ਵਿਚ ਹੈ) ਖਾਸ ਕਰ ਹਜ਼ਾਰਾ ਇਲਾਕੇ ਵਿਚ ਹਿੰਦੂਆਂ ਅਤੇ ਸਿੱਖਾਂ ਦਾ ਕਤਲੇਆਮ ਕੀਤਾ। ਜਿਨ੍ਹਾਂ ਦੀ ਗਿਣਤੀ ਵੀ ਹਜ਼ਾਰਾਂ ਵਿਚ ਸੀ। ਕਬਾਇਲੀ ਮੁਸਲਮਾਨਾਂ ਵਲੋਂ ਐਨੀ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਇਹ ਹਮਲੇ ਕੀਤੇ ਕਿ ਉਨ੍ਹਾਂ ਨੂੰ ਰੋਕਣ ਲਈ ਫੌਜੀ ਹਵਾਈ ਜਹਾਜ਼ਾਂ ਨੇ ਬੰਬ-ਬਾਰੀ ਵੀ ਕੀਤੀ ਜਿਸ ਵਿਚ ਵੱਡੀ ਤਾਦਾਦ ਵਿਚ ਮੁਸਲਮਾਨ ਵੀ ਮਾਰੇ ਗਏ। ਇਹ ਗੱਲ ਦਸੰਬਰ 1946 ਦੀ ਹੈ। ਸੂਬਾ ਸਰਹੱਦ ਵਿਚ ਉਸ ਮੌਕੇ ਕਾਂਗਰਸ ਦੀ ਹਕੂਮਤ ਸੀ।

13. ਨਹਿਰੂ ਦੀ ਅਗਵਾਈ ਵਿਚ ਕੇਂਦਰੀ ਵਜ਼ਾਰਤ ਕਾਇਮ: 19 ਸਤੰਬਰ 1946 ਨੂੰ ਵਾਇਸਰਾਏ ਨੇ ਇਕ ਵਜ਼ਾਰਤ ਕਾਇਮ ਕੀਤੀ ਜਿਸ ਨੂੰ ਵਾਇਸਰਾਏ ਦੀ ਐਗਜ਼ੈਕਟਿਵ ਕੌਂਸਲ ਕਿਹਾ ਗਿਆ। ਵਾਇਸਰਾਏ ਇਸ ਦਾ ਮੁਖੀ ਸੀ ਅਤੇ ਜਵਾਹਰ ਲਾਲ ਨਹਿਰੂ ਇਸਦਾ ਉਪ ਮੁਖੀ ਸੀ (ਜੋ ਕਿ ਅੱਜਕਲ੍ਹ ਦੇ ਪ੍ਰਧਾਨ ਮੰਤਰੀ ਬਰਾਬਰ ਸੀ) ਸਰਕਾਰ ਦਾ ਸਾਰਾ ਕੰਟਰੋਲ ਉਪ ਮੁਖੀ ਨੂੰ ਦਿੱਤਾ ਗਿਆ ਸੀ ਅਤੇ ਮੁਖੀ ਸਿਰਫ ਫੌਜਾਂ ਦਾ ਚੀਫ ਕਮਾਂਡਰ ਹੀ ਸੀ। ਕੌਂਸਲ ਦੇ ਮੈਂਬਰ ਵਜ਼ੀਰਾਂ ਬਰਾਬਰ ਸਨ। 13 ਅਕਤੂਬਰ 1946 ਨੂੰ ਮੁਸਲਿਮ ਲੀਗ ਵੀ ਵਜ਼ਾਰਤ ਵਿਚ ਸ਼ਾਮਿਲ ਹੋ ਗਈ। ਕਾਂਗਰਸੀ ਹਿੱਸੇ ਦੇ ਵਜ਼ੀਰ ਇਸ ਤਰ੍ਹਾਂ ਸਨ। ਗ੍ਰਹਿ ਮੰਤਰੀ ਬੱਲਭ ਭਾਈ ਪਟੇਲ, ਵਿਦਆ ਮੰਤਰੀ ਸੀ. ਰਾਜਗੋਪਾਲਚਾਰੀਆ, ਰੇਲਵੇ ਅਤੇ ਟਰਾਂਸਪੋਰਟ ਮੰਤਰੀ ਆਸਿਫ ਅਲੀ, ਖੇਤੀਬਾੜੀ ਅਤੇ ਖੁਰਾਕ ਮੰਤਰੀ ਰਜਿੰਦਰ ਪ੍ਰਸਾਦ, ਸਨਅਤ ਅਤੇ ਸਿਵਲ ਸਪਲਾਈ ਮੰਤਰੀ ਜੌਹਨ ਮੈਥਾਈ।

ਮੁਸਲਿਮ ਲੀਗ ਦੇ ਮੰਤਰੀਆਂ ਵਿਚ ਖਜ਼ਾਨਾ ਮੰਤਰੀ ਲਿਆਕਤ ਅਲੀ ਖਾਨ, ਡਾਕ ਮੰਤਰੀ ਅਬਦੁਰ ਰੱਬ ਨਿਸਤਰ, ਵਪਾਰ ਮੰਤਰੀ ਇਬਰਾਹਿਮ ਇਸਮਾਇਲ, ਕਾਨੂੰਨ ਮੰਤਰੀ ਦਲਿਤ ਕੋਟੇ ਵਿਚੋਂ ਜੋਗਿੰਦਰ ਨਾਥ ਮੰਡਲ ਸਨ। ਵਾਇਸਰਾਏ ਨੇ ਸਿੱਖਾਂ ਦੇ ਨੁਮਾਇੰਦੇ ਵਜੋਂ ਸ. ਬਲਦੇਵ ਸਿੰਘ ਨੂੰ ਖੁਦ ਨਾਮਜ਼ਦ ਕਰਕੇ ਰੱਖਿਆ ਮੰਤਰੀ ਬਣਾਇਆ ਸੀ।

14. ਮੁਸਲਿਮ ਲੀਗ ਨੇ ਸੰਵਿਧਾਨ ਸਭਾ ਦਾ ਬਾਈਕਾਟ ਕੀਤਾ: ਸੰਵਿਧਾਨ ਘੜ੍ਹਨੀ ਅਸੈਂਬਲੀ ਦਾ 9 ਦਸੰਬਰ ਇਜਲਾਸ ਸੱਦਣ ਬਾਰੇ 20 ਨਵੰਬਰ 1946 ਨੂੰ ਸੱਦਾ ਪੱਤਰ ਜਾਰੀ ਕਰ ਦਿੱਤਾ ਗਿਆ। ਪਰ ਮੁਸਲਿਮ ਲੀਗ ਨੇ ਕਿਹਾ ਕਿ ਉਸਦੇ ਇਤਰਾਜ਼ਾਂ ਦੇ ਬਾਵਜੂਦ ਸੰਵਿਧਾਨ ਸਭਾ ਦੀਆਂ ਚੋਣਾਂ ਕਰਵਾਉਣੀਆਂ ਅਤੇ ਇਸਦਾ ਇਜਲਾਸ ਸੱਦਣਾ ਕਾਬਿਲ-ਏ-ਇਤਰਾਜ਼ ਹੈ। ਕੈਬਨਿਟ ਮਿਸ਼ਨ ਦੀ ਸਕੀਮ ਵਿਚ ਇਹ ਨਿਸਚਾ ਕੀਤਾ ਗਿਆ ਸੀ ਕਿ ਵਿਧਾਨ ਪ੍ਰੀਸ਼ਦ ਦੇ ਸੂਬਾਈ ਨੂੰਮਾਇੰਦਿਆਂ ਦੀ ਇੱਛਾ ਅਨੁਸਾਰ, ਭਾਗ ਵੀ ਬਣ ਸਕਦੇ ਹਨ। ਇਸ ਮੁਤਾਬਕ ਜੇ ਬੰਗਾਲ ਤੇ ਪੰਜਾਬ ਦੇ ਨੁਮਾਇੰਦੇ ਚਾਹੁੰਦੇ ਤਾਂ ਆਪਣੇ ਸੂਬਾਈ ਗੁੱਟ ਦਾ ਵੱਖਰਾ ਵਿਧਾਨ ਬਣਾਉਣ ਲਈ, ਭਾਗਾਂ ਵਿਚ ਵੀ ਬੈਠ ਸਕਦੇ ਹਨ। ਹੁਣ ਝਗੜਾ ਇਸ ਗੱਲ ਤੇ ਪੈ ਗਿਆ ਕਿ ਕੀ ਭਾਗਾਂ ਵਿਚ ਬੈਠਣ ਵਾਲੇ ਹਿੱਸੇ ਆਪਣੇ ਵਿਧਾਨ ਬਹੁਸੰਮਤੀ ਨਾਲ, ਬਣਾ ਸਕਦੇ ਸਨ। ਕਾਂਗਰਸ ਕਹਿੰਦੀ ਸੀ ਕਿ ਨਹੀਂ ਉਨ੍ਹਾਂ ਨੂੰ ਆਪਣੇ ਸੰਵਿਧਾਨਾਂ ਦੀ ਅੰਤਿਮ ਮਨਜ਼ੂਰੀ ਸਾਂਝੇ ਤੇ ਸਾਰੀ ਸੰਵਿਧਾਨ ਸਭਾ ਤੋਂ ਲੈਣੀ ਪਵੇਗੀ। ਸਮੁੱਚੀ ਸੰਵਿਧਾਨ ਸਭਾ ਵਿਚ ਬਹੁ-ਗਿਣਤੀ ਹਿੰਦੂਆਂ ਦੀ ਸੀ। ਇਸਦਾ ਸਪੱਸ਼ਟ ਭਾਵ ਇਹ ਸੀ ਕਿ ਬਹੁਗਿਣਤੀ ਦੇ ਮੁਸਲਿਮ ਇਲਾਕਿਆਂ ਵਾਸਤੇ ਵੀ, ਕੋਈ ਵਿਧਾਨ ਅਜਿਹਾ ਨਹੀਂ ਪ੍ਰਵਾਨ ਹੋਵੇਗਾ, ਜਿਸ ਦੀ ਆਗਿਆ ਹਿੰਦੂ ਬਹੁਸੰਮਤੀ ਨਾ ਦੇਵੇ। ਇਉਂ ਇਹ ਹਿੰਦੂ-ਮੁਸਲਿਮ ਝਗੜਾ ਜਿਥੋਂ ਤੁਰਿਆ ਸੀ, ਉਥੇ ਆ ਖੜ੍ਹਾ ਹੋਇਆ। ਮਿਸਟਰ ਜਿਨਾਹ ਨੇ ਕਿਹਾ ਕਿ ਹਿੰਦੂ ਸਾਰੀ ਰਾਜ ਸੱਤਾ ਆਪਣੇ ਹੱਥਾਂ ਵਿਚ ਹੀ ਰੱਖਣ ਤੇ ਅੜੇ ਹੋਏ ਹਨ, ਕਿਸੇ ਹੋਰ ਨੂੰ ਕੁਝ ਵੀ ਦਵਾਲ ਨਹੀਂ। ਉਸਨੇ ਸਾਫ ਕਹਿ ਦਿੱਤਾ ਕਿ ਹੁਣ ਹਿੰਦੂਆਂ ਨਾਲ ਸਮਝੌਤਾ ਅਸੰਭਵ ਹੈ। ਜਿਨਾਹ ਨੇ ਇਥੋਂ ਤਕ ਕਹਿ ਦਿੱਤਾ ਕਿ ਮੁਸਲਮਾਨਾਂ ਨੂੰ ਭਾਵੇਂ ਜਿੰਨਾ ਮਰਜੀ ਛੋਟਾ ਮੁਲਕ ਮਿਲ ਜਾਵੇ ਚਾਹੇ ਉਨ੍ਹਾਂ ਨੂੰ ਦਿਹਾੜੀ ਵਿਚ ਇਕ ਡੰਗ ਦੀ ਰੋਟੀ ਖਾ ਕੇ ਗੁਜ਼ਾਰਾ ਕਰਨਾ ਪਵੇ ਪਰ ਉਹ ਵੱਖਰਾ ਮੁਲਕ ਜ਼ਰੂਰ ਲੈ ਕੇ ਹਟਣਗੇ। ਸੋ 9 ਦਸੰਬਰ ਵਾਲੇ ਇਜਲਾਸ ਵਿਚ ਮੁਸਲਿਮ ਲੀਗ ਸ਼ਾਮਲ ਨਾ ਹੋਈ। ਵਾਇਸਰਾਏ ਨੇ ਉਚੇਚੇ ਤੌਰ ‘ਤੇ ਜਵਾਹਰ ਲਾਲ ਨਹਿਰੂ ਨੂੰ ਕਿਹਾ ਕਿ ਉਹ ਜਿਨਾਹ ਨੂੰ ਸੰਵਿਧਾਨ ਸਭਾ ਵਿਚ ਹਿੱਸਾ ਲੈਣ ਲਈ ਮਨਾਵੇ ਪਰ ਨਹਿਰੂ ਨੇ ਇਸ ਪ੍ਰਤੀ ਕੋਈ ਗੰਭੀਰਤਾ ਨਾ ਦਿਖਾਈ। ਜਿਸ ਕਰਕੇ ਪਲੈਨ ਮੁਤਾਬਕ ਕੰਮ ਸਿਰੇ ਚੜ੍ਹਦਾ ਚੜ੍ਹਦਾ ਰੁਕ ਗਿਆ।

ਚਲਦਾ...


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top