Share on Facebook

Main News Page

ਸੰਤਾਲ਼ੀ ਮੌਕੇ ਵੱਖਰਾ ਸਿੱਖ ਮੁਲਕ ਨਾ ਬਣ ਸਕਣ ਦੀ ਅਸਲੀਅਤ ਕੀ ਹੈ? (ਕਿਸ਼ਤ ਪੰਜਵੀਂ)
-: ਗੁਰਪ੍ਰੀਤ ਸਿੰਘ ਮੰਡਿਆਣੀ

👉 ਲੜੀ ਜੋੜਨ ਲਈ ਪੜ੍ਹੋ ਕਿਸ਼ਤ : ਪਹਿਲੀ ; ਦੂਜੀ ; ਤਿਜੀ ; ਚੌਥੀ

15. ਅੰਗਰੇਜ਼ਾਂ ਵਲੋਂ ਵੰਡ ਨੂੰ ਰੋਕਣ ਦਾ ਗੰਭੀਰ ਯਤਨ: ਇਹ ਗੱਲ ਸਪੱਸ਼ਟ ਸੀ ਕਿ ਜੇ ਕਾਂਗਰਸ ਤੇ ਮੁਸਲਿਮ ਲੀਗ ਦਾ ਹਿੰਦੁਸਤਾਨੀ ਸੰਵਿਧਾਨ ਬਣਾਉਣ ਬਾਰੇ ਕੋਈ ਸਮਝੌਤਾ ਨਹੀਂ ਹੁੰਦਾ ਤਾਂ ਮੁਲਕ ਦਾ ਵੰਡਾਰਾ ਅਟੱਲ ਸੀ। ਅੰਗਰੇਜ਼ਾਂ ਨੇ ਇਨ੍ਹਾਂ ਦੋਵਾਂ ਧਿਰਾਂ ਵਿਚ ਸਮਝੌਤਾ ਕਰਾਉਣ ਦਾ ਇਕ ਹੋਰ ਗੰਭੀਰ ਯਤਨ ਕੀਤਾ। ਸੈਕਟਰੀ ਆਫ ਸਟੇਟ ਬ੍ਰਿਟਿਸ਼ ਸਰਕਾਰ ਵਿਚ ਹਿੰਦੁਸਤਾਨ ਦੀ ਸਰਕਾਰ ਦਾ ਕੰਮਕਾਰ ਦੇਖਦਾ ਸੀ। ਜਿਸਦਾ ਅਹੁਦਾ ਵਾਇਸਰਾਏ ਤੋਂ ਉਪਰ ਸੀ। ਉਸਨੇ ਖੁਦ ਐਲਾਨ ਕੀਤਾ ਕਿ ਹਿੰਦੂਆਂ ਅਤੇ ਮੁਸਲਮਾਨਾਂ ਦੇ ਇਕ ਇਕ ਨੁਮਾਇੰਦੇ ਨੂੰ ਨਾਲ ਲੈ ਕੇ ਵਾਇਸਰਾਏ ਖੁਦ ਲੰਦਨ ਆਵੇ ਤਾਂ ਕਿ ਉਨ੍ਹਾਂ ਵਿਚ ਸਮਝੌਤਾ ਕਰਾਉਣ ਲਈ ਇਕ ਹੋਰ ਭਰਪੂਰ ਯਤਨ ਕੀਤਾ ਜਾਵੇ।

ਵਾਇਸਰਾਏ ਨੇ ਸਲਾਹ ਦਿੱਤੀ ਕਿ ਇਸ ਵਿਚ ਇਕ ਨੂੰਮਾਇੰਦ ਸਿੱਖਾਂ ਦਾ ਵੀ ਹੋਣਾ ਚਾਹੀਦਾ ਹੈ, ਜੋ ਕਿ ਮੰਨੀ ਗਈ। ਸੋ ਮੁਸਲਿਮ ਲੀਗ ਦਾ ਨੁਮਾਇੰਦਾ ਲਿਆਕਤ ਅਲੀ, ਕਾਂਗਰਸ ਦਾ ਨੂੰਮਾਇੰਦ ਜਵਾਹਰ ਲਾਲ ਨਹਿਰੂ ਅਤੇ ਸਿੱਖਾਂ ਦਾ ਨੂੰਮਾਇੰਦਾ ਬਲਦੇਵ ਸਿੰਘ 2 ਦਸੰਬਰ 1946 ਨੂੰ ਲੰਡਨ ਪੁੱਜੇ। ਨਹਿਰੂ ਦਾ ਰੁਤਬਾ ਪ੍ਰਧਾਨ ਮੰਤਰੀ ਵਾਲਾ ਸੀ, ਜਦਕਿ ਦੂਜੇ ਦੋ ਨੁਮਾਇੰਦੇ ਕੇਂਦਰ ਵਿਚ ਵਜ਼ੀਰ ਸਨ। ਜਿਨਾਹ ਵੱਖਰੇ ਤੌਰ ‘ਤੇ ਇਨ੍ਹਾਂ ਦੇ ਨਾਲ ਹੀ ਲੰਡਨ ਪੁੱਜੇ। ਪੂਰੇ ਚਾਰ ਦਿਨ ਇਨ੍ਹਾਂ ਦੀਆਂ ਬਰਤਾਨਵੀ ਸਰਕਾਰ ਨਾਲ ਵਿਚਾਰਾਂ ਹੁੰਦੀਆਂ ਰਹੀਆਂ ਪਰ ਗੱਲ ਕੋਈ ਸਮਝੌਤਾ ‘ਤੇ ਨਾ ਅੱਪੜ ਸਕੀ।

16. ਅੰਗਰੇਜ਼ਾਂ ਨੇ ਹਿੰਦੁਸਤਾਨ ਛੱਡਣ ਦੀ ਤਰੀਕ ਮਿੱਥ ਦਿੱਤੀ: ਇਧਰ ਹਿੰਦੁਸਤਾਨ ਦੀਆਂ ਦੋਵਾਂ ਮੁੱਖ ਧਿਰਾਂ ਵਿਚ ਇਹ ਸਮਝੌਤਾ ਨਹੀਂ ਸੀ ਹੋ ਰਿਹਾ। ਹਿੰਦੁਸਤਾਨ ਦੀ ਵਾਗਡੋਰ ਕਿਸਨੂੰ ਸੌਂਪੀ ਜਾਵੇ, ਇਸਦਾ ਖਾਕਾ ਅੰਗਰੇਜ਼ਾਂ ਨੇ ਕੈਬਨਿਟ ਮਿਸ਼ਨ ਦੀਆਂ ਤਜਵੀਜ਼ਾਂ ਰਾਹੀਂ ਤਿਆਰ ਕਰ ਦਿੱਤਾ ਸੀ, ਇਸ ‘ਤੇ ਦੋਵੇਂ ਧਿਰਾਂ ਲਗਭਗ ਸਹਿਮਤ ਸਨ। ਇਸਦੇ ਰਹਿਤ ਸੰਵਿਧਾਨ ਸਭਾ ਦੀਆਂ ਚੋਣਾਂ ਵੀ ਹੋ ਚੁੱਕੀਆਂ ਸਨ। ਅੰਗਰੇਜ਼ਾਂ ਨੇ ਇਸ ਰਾਹੀਂ ਹਿੰਦੁਸਤਾਨ ਦੀ ਵਾਗਡੋਰ ਕਿਸੇ ਨੂੰ ਸੰਭਾਲੀ ਜਾਵੇ ਵਾਲਾ ਮਸਲਾ ਇਨ੍ਹਾਂ ਨੇ ਸਰਬ-ਸੰਮਤੀ ਨਾਲ ਲਗਭਗ 15 ਆਨੇ ਹੱਲ ਕਰ ਦਿੱਤਾ ਸੀ। ਗੱਲ ਸੋਲਾ ਆਨੇ ਹੱਲ ਹੋਣੋਂ ਕਿਵੇਂ ਰੁਕੀ ਇਸਦਾ ਵਿਸਥਾਰ ਤੁਸੀਂ ਉਪਰ ਪੜ੍ਹ ਆਏ ਹੋ। ਦਸੰਬਰ 1946 ਨੂੰ ਲੰਡਨ ਵਿਚ ਸਭ ਤੋਂ ਉੱਚ ਪੱਧਰੀ ਤਿੰਨ ਧਿਰੀ ਗੱਲਬਾਤ ਰਾਹੀਂ ਵੀ ਜਦ ਅੰਗਰੇਜ਼ਾਂ ਦਾ ਮੁਲਕ ਨੂੰ ਇਕ ਰੱਖਣ ਦਾ ਯਤਨ ਜਦੋਂ ਫੇਲ੍ਹ ਹੋ ਗਿਆ ਤਾਂ ਅਖੀਰ ਨੂੰ ਉਨ੍ਹਾਂ ਨੇ ਹਿੰਦੁਸਤਾਨ ਨੂੰ ਛੱਡ ਜਾਣ ਦੀ ਥੱਕ ਹਾਰ ਕੇ ਤਰੀਕ ਮਿੱਥ ਦਿੱਤੀ। ਬਰਤਾਨਵੀ ਪ੍ਰਧਾਨ ਮੰਤਰੀ ਮਿਸਟਰ ਐਟਲੇ ਨੇ 20 ਫਰਵਰੀ 1947 ਨੂੰ ਬ੍ਰਿਿਟਸ਼ ਪਾਰਲੀਮੈਂਟ ਵਿਚ ਇਕ ਐਲਾਨ ਕਰਦਿਆਂ ਕਿਹਾ ਕਿ ਅਸੀਂ ਹਿੰਦੁਸਤਾਨ ਦਾ ਰਾਜ ਹਿੰਦੁਸਤਾਨੀਆਂ ਨੂੰ ਸੌਂਪ ਕੇ ਵੱਧ ਤੋਂ ਵੱਧ ਜੂਨ 1948 ਤਕ ਵਾਪਸ ਆ ਜਾਣਾ ਹੈ। ਇਸ ਵਿਚ ਰਾਜ ਭਾਗ ਕੀਹਨੂੰ ਸੰਭਾਲਿਆ ਜਾਵੇਗਾ ਬਾਰੇ ਸਪੱਸ਼ਟ ਤਾਂ ਨਹੀਂ ਸੀ ਦੱਸਿਆ ਗਿਆ ਪਰ ਇਹ ਐਲਾਨ ਸਪੱਸ਼ਟ ਸੀ ਕਿ ਹਿੰਦੁਸਤਾਨ ਵਿਚ ਦੋਵਾਂ ਪ੍ਰਮੁੱਖ ਧਿਰਾਂ ਦਾ ਕੋਈ ਸਿਆਸੀ ਸਮਝੌਤਾ ਨਾ ਹੋਇਆ ਤਾਂ ਅਸੀਂ ਆਪਣੇ ਵਲੋਂ ਜਿਵੇਂ ਠੀਕ ਲੱਗਿਆ ਉਵੇਂ ਹੀ ਪੂਰੇ ਹਿੰਦੁਸਤਾਨ ਜਾਂ ਇਸਦੇ ਸੂਬਿਆਂ ਨੂੰ ਅਲੱਗ ਤੌਰ ‘ਤੇ ਯੋਗ ਧਿਰ ਦੇ ਹਵਾਲੇ ਕਰਕੇ ਆ ਜਾਣਾ ਹੈ। ਇਸ ਨਾਲ ਦੋਵੇਂ ਧਿਰਾਂ ਸਮਝੌਤੇ ਲਈ ਗੰਭੀਰ ਹੋ ਗਈਆਂ।

17. ਪੰਜਾਬ ਦੇ ਫਸਾਦ ਮਾਰਚ 1947: 1946 ਵਿਚ ਜਦੋਂ ਪੰਜਾਬ ਅਸੈਂਬਲੀ ਦੀਆਂ ਚੋਣਾਂ ਹੋਈਆਂ ਤਾਂ ਮੁਸਲਿਮ ਲੀਗ ਨੇ ਸਭ ਤੋਂ ਵਧ 75 ਸੀਟਾਂ ਜਿੱਤੀਆਂ। ਮੁਸਲਮਾਨਾਂ ਦੀ ਯੂਨੀਅਨਇਸਟ ਪਾਰਟੀ ਨੇ 19, ਕਾਂਗਰਸ ਨੇ 51, ਅਕਾਲੀ ਦਲ ਨੇ 21 ਅਤੇ ਆਜ਼ਾਦ ਉਮੀਦਵਾਰਾਂ ਨੇ 11 ਸੀਟਾਂ ਜਿੱਤੀਆਂ। ਪਰ ਮੁਸਲਿਮ ਲੀਗ ਦੀ ਸਰਕਾਰ ਬਣਨੋਂ ਰੋਕਣ ਖਾਤਰ ਅਕਾਲੀਆਂ ਅਤੇ ਕਾਂਗਰਸੀਆਂ ਨੇ ਹਮਾਇਤ ਦੇ ਕੇ ਯੂਨੀਅਨਇਸਟ ਪਾਰਟੀ ਦੇ ਸਰ ਖਿਜ਼ਰ ਹਿਆਤ ਖਾਂ ਟਿਵਾਣਾ ਦੀ ਅਗਵਾਈ ਕੁਲੀਸ਼ਨ ਵਜ਼ਾਰਤ ਬਣਾ ਲਈ।

ਚੋਣਾਂ ਤੋਂ ਇਹ ਗੱਲ ਸਪੱਸ਼ਟ ਹੋ ਗਈ ਸੀ ਕਿ ਮੁਸਲਮਾਨਾਂ ਦੀ ਨੂੰਮਾਇੰਦਾ ਜਮਾਤ ਮੁਸਲਿਮ ਲੀਗ ਹੀ ਹੈ। ਯੂਨੀਅਨਇਸਟ ਪਾਰਟੀ ਵੀ ਭਾਵੇਂ ਇਕ ਮੁਸਲਿਮ ਜਮਾਤ ਸੀ ਪਰ ਅਕਾਲੀ-ਕਾਂਗਰਸੀ ਹਮਾਇਤ ਦੇ ਸਹਾਰੇ ਖੜ੍ਹੀ ਹੋਣ ਕਰਕੇ ਉਹ ਇਨ੍ਹਾਂ ਦੀ ਲਾਇਨ ਤੋਂ ਬਾਹਰ ਨਹੀਂ ਸੀ ਜਾ ਸਕਦੀ। ਭਾਵੇਂ ਮੁਸਲਮਾਨਾਂ ਨੇ ਜਲਸੇ ਮੁਜ਼ਾਹਰਿਆਂ ਰਾਹੀਂ ਖਿਜ਼ਰ ਹਿਆਤ ਖਾਂ ਟਿਵਾਣਾ ਦਾ ਨੱਕ ਵਿਚ ਦਮ ਕੀਤਾ ਪਿਆ ਸੀ ਪਰ ਪ੍ਰਧਾਨ ਮੰਤਰੀ ਐਟਲੇ ਦੇ ਬਿਆਨ ਨੇ ਹਾਲਾਤ ਇਕ ਦਮ ਬਦਲ ਦਿੱਤੇ। ਪੰਜਾਬ ਦੇ ਮੁਸਲਮਾਨਾਂ ਨੂੰ ਇਹ ਜਾਪਣ ਲੱਗ ਪਿਆ ਕਿ ਪੰਜਾਬ ਅਸੈਂਬਲੀ ਵਿਚ ਕਾਂਗਰਸ-ਅਕਾਲੀ ਦਲ ਸਹਾਰੇ ਚੱਲਣ ਵਾਲੀ ਸਰਕਾਰ ਜਿਸਦਾ ਅਸੈਂਬਲੀ ਵਿਚ ਬਹੁਮਤ ਹੈ ਮੁਸਲਮਾਨਾਂ ਦੇ ਹੱਕ ਵਿਚ ਫੈਸਲਾ ਨਹੀਂ ਲਵੇਗੀ। ਕਿਉਂਕਿ ਫੈਸਲਾ ਅਸੈਂਬਲੀ ਦੇ ਬਹੁਮਤ ਨਾਲ ਹੋਣਾ ਸੀ ਸੋ ਮੁਸਲਮਾਨਾਂ ਨੂੰ ਡਰ ਪੈ ਗਿਆ ਕਿ ਮੁਲਕ ਦਾ ਵੰਡਾਰਾ ਹੋਣ ਦੀ ਸੂਰਤ ਵਿਚ ਪੰਜਾਬ ਅਸੈਂਬਲੀ ਮਤਾ ਪਾ ਕੇ ਸੂਬੇ ਨੂੰ ਪਾਕਿਸਤਾਨ ਦੀ ਬਜਾਏ ਹਿੰਦੁਸਤਾਨ ਵੱਲ ਧੱਕ ਦੇਵੇਗੀ। ਮੁਸਲਮਾਨਾਂ ਵਾਸਤੇ ਇਹ ਗੱਲ ਮੌਤ ਦੇ ਡਰਾਵੇ ਵਰਗੀ ਸੀ। ਇਕਦਮ ਪੈਦਾ ਹੋਏ ਇਸ ਹਾਲਾਤ ਦੇ ਮੱਦੇਨਜ਼ਰ ਸਾਰੇ ਮੁਸਲਮਾਨ ਖਿਜ਼ਰ ਹਿਆਤ ਖਾਂ ਟਿਵਾਣਾ ਨੂੰ ਗੱਦਾਰ ਕਹਿਣ ਲੱਗੇ। ਇਸ ਮਾਨਸਿਕ ਦਬਾਅ ਮੂਹਰੇ ਝੁਕਦਿਆਂ ਮੁੱਖ ਮੰਤਰੀ ਖਿਜ਼ਰ ਹਿਆਤ ਖਾਂ ਟਿਵਾਣਾ ਨੇ 3 ਮਾਰਚ 1947 ਨੂੰ ਅਹੁਦੇ ਤੋਂ ਅਸਤੀਫਾ ਦੇ ਕੇ ਯੂਨੀਅਨਇਸਟ ਪਾਰਟੀ ਦਾ ਮੁਸਲਿਮ ਲੀਗ ਵਿਚ ਰਲੇਵਾਂ ਕਰ ਦਿੱਤਾ। ਹੁਣ ਮੁਸਲਿਮ ਲੀਗ ਦਾ ਅਸੈਂਬਲੀ ਵਿਚ ਮੁਕੰਮਲ ਬਹੁਮਤ ਹੋ ਗਿਆ ਸੀ। ਪੰਜਾਬ ਮੁਸਲਿਮ ਲੀਗ ਦੇ ਪ੍ਰਧਾਨ ਖਾਨ ਇਫਤਖਾਰ ਹੁਸੈਨ (ਨਵਾਬ ਮਮਦੋਟ) ਨੇ ਗਵਰਨਰ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ।

ਜੋ ਡਰ ਕੁਝ ਦਿਨ ਪਹਿਲਾਂ ਮੁਸਲਮਾਨਾਂ ਸਾਹਮਣੇ ਪੈਦਾ ਹੋਇਆ ਸੀ ਉਹੀ ਡਰ ਇਕਦਮ ਹਿੰਦੂਆਂ ਤੇ ਸਿੱਖਾਂ ਮੂਹਰੇ ਆ ਖੜ੍ਹਾ ਹੋਇਆ। ਉਨ੍ਹਾਂ ਨੂੰ ਵੀ ਇਹ ਖਦਸ਼ਾ ਸੀ ਕਿ ਮੁਸਲਿਮ ਲੀਗ ਦੇ ਬਹੁਮਤ ਵਾਲੀ ਅਸੈਂਬਲੀ ਸਾਰੇ ਪੰਜਾਬ ਨੂੰ ਪਾਕਿਸਤਾਨ ਵੱਲ ਧੱਕ ਦੇਵੇਗੀ। ਉਹ ਬੀਤੇ ਕਈ ਮਹੀਨਿਆਂ ਤੋਂ ਮੁਸਲਮਾਨਾਂ ਵਲੋਂ ਹਿੰਦੂਆਂ ਸਿੱਖਾਂ ਦੇ ਕਤਲਾਂ ਨੂੰ ਅਜੇ ਭੁੱਲੇ ਵੀ ਨਹੀਂ ਸਨ ਕਿ ਉਨ੍ਹਾਂ ਨੂੰ ਸਦਾ ਲਈ ਮੁਸਲਿਮ ਗਲਬੇ ਥੱਲੇ ਜਿਉਣ ਵਾਲੀ ਹਾਲਤ ਸਾਹਮਣੇ ਪੈਦਾ ਹੋਈ ਦਿਸ ਰਹੀ ਸੀ। ਅਕਾਲੀ ਦਲ ਨੇ ਐਲਾਨ ਕੀਤਾ ਕਿ ਉਹ ਵਿਧਾਨ ਸਭਾ ਵਿਚ ਅਤੇ ਉਸ ਤੋਂ ਬਾਹਰ ਪੂਰਾ ਜ਼ੋਰ ਲਗਾ ਕੇ ਮੁਸਲਿਮ ਲੀਗ ਵਜ਼ਾਰਤ ਕਾਇਮ ਹੋਣ ਨੂੰ ਰੋਕਣਗੇ। ਪੰਜਾਬ ਜਿਹੜਾ ਸਿੱਖਾਂ ਦਾ ਘਰ ਹੈ ਉਥੇ ਉਹ ਮੁਸਲਮਾਨ ਹਕੂਮਤ ਨਹੀਂ ਕਾਇਮ ਹੋਣ ਦੇਣਗੇ।

ਹਿੰਦੂ ਅਤੇ ਸਿੱਖ ਵਿਦਿਆਰਥੀਆਂ ਨੇ ਬਣ ਰਹੀ ਨਵੀਂ ਲੀਗੀ ਵਜ਼ਾਰਤ ਦੇ ਵਿਰੋਧ ਰੋਸ ਜ਼ਾਹਰ ਕਰਨ ਲਈ 4 ਮਾਰਚ ਨੂੰ ਲਾਹੌਰ ਵਿਚ ਇਕ ਜਲੂਸ ਕੱਢਿਆ, ਪੁਲਿਸ ਨੇ ਇਸ ‘ਤੇ ਗੋਲੀ ਚਲਾਈ। ਜਿਸ ਵਿਚ ਡੀ.ਏ.ਵੀ ਕਾਲਜ ਦਾ ਵਿਦਿਆਰਥੀ ਰਤਨ ਚੰਦ ਮਾਰਿਆ ਗਿਆ। ਉਸੇ ਦਿਨ ਹਿੰਦੂ ਸਿੱਖਾਂ ਦਾ ਇਕ ਹੋਰ ਜਲੂਸ ਜਦੋਂ ਚੌਂਕ ਮਤੀ ਦਾਸ ਵਿਚ ਜਾ ਰਿਹਾ ਸੀ ਤਾਂ ਇਸਦਾ ਟਾਕਰਾ ਮੁਸਲਮਾਨਾਂ ਨਾਲ ਹੋ ਗਿਆ। ਜਿਸ ਵਿਚ ਲਾਠੀਆਂ ਤੇ ਤੇਜ਼ਧਾਰ ਹਥਿਆਰਾਂ ਦਾ ਖੁੱਲ੍ਹਾ ਇਸਤੇਮਾਲ ਹੋਇਆ। ਪੁਲਿਸ ਨੇ ਮਸਾਂ ਇਨ੍ਹਾਂ ਹਜ਼ੂਮਾਂ ਨੂੰ ਨਿਖੇੜਿਆ। ਡੀ.ਸੀ. ਨੇ 10 ਦਿਨ ਵਾਸਤੇ ਲਾਹੌਰ ਵਿਚ ਕਰਫਿਊ ਲਗਾ ਦਿੱਤਾ। ਪੰਜਾਬ ਵਿਚ ਗਵਰਨਰੀ ਰਾਜ ਸੀ ਸੋ 5 ਮਾਰਚ ਨੂੰ ਗਵਰਨਰ ਸਰ ਜੈਨਕਿਨਜ਼ ਨੇ ਸੂਬੇ ਵਿਚ ਦਫਾ 93 ਦੇ ਤਹਿਤ ਜਲੂਸ-ਜਲਸਿਆਂ ‘ਤੇ ਕਈ ਪਾਬੰਦੀਆਂ ਲਾ ਦਿੱਤੀਆਂ।

ਮੁਸਲਮਾਨਾਂ ਨੇ ਕਿਹਾ ਕਿ ਮੁਸਲਿਮ ਲੀਗ ਕੋਲ ਬਹੁਮਤ ਹੁੰਦਿਆਂ ਗਵਰਨਰ, ਹਿੰਦੂ ਸਿੱਖਾਂ ਦੇ ਰੋਸ ਤੋਂ ਡਰਦਾ ਲੀਗ ਨੂੰ ਵਜ਼ਾਰਤ ਬਣਾਉਣ ਦਾ ਸੱਦਾ ਨਹੀਂ ਦੇ ਰਿਹਾ। ਇਸਦੇ ਬਦਲੇ ਵਿਚ ਉਨ੍ਹਾਂ ਨੇ ਰਾਵਲਪਿੰਡੀ ਜ਼ਿਲ੍ਹੇ ਵਿਚ ਹਿੰਦੂ ਸਿੱਖਾਂ ਦਾ ਕਤਲੇਆਮ ਸ਼ੁਰੂ ਕਰ ਦਿੱਤਾ। ਇਸ ਹਿੰਸਾ ਦੇ ਖਿਲਾਫ ਸਰਕਾਰ ਨੂੰ ਫੌਜ ਦੀ ਵੀ ਵਰਤੋ ਕਰਨੀ ਪਈ। ਇਸ ਵਿਚ 18 ਹਜ਼ਾਰ ਹਿੰਦੁਸਤਾਨੀ ਤੇ 2 ਹਜ਼ਾਰ ਅੰਗਰੇਜ਼ੀ ਫੌਜੀਆਂ ਨੇ ਹਿੱਸਾ ਲਿਆ। 2 ਸਕੂਐਰਡਿਨ ਹਵਾਈ ਜਹਾਜ਼ਾਂ ਦੇ ਵਰਤੇ ਗਏ ਜਿਨ੍ਹਾਂ ਵਿਚੋਂ ਬੰਬ ਵੀ ਸੁੱਟੇ ਗਏ। 19 ਮਾਰਚ ਨੂੰ ਗਵਰਨਰ ਪੰਜਾਬ ਨੇ ਸਾਰੇ ਸੂਬੇ ਨੂੰ ਡਿਸਟਰਬਰਡ ਏਰੀਆ ਕਰਾਰ ਦੇ ਕੇ ਪਬਲਿਕ ਸੇਫਟੀ ਐਕਟ ਤਹਿਤ ਪੁਲਿਸ ਨੂੰ ਵਧੇਰੇ ਅਖਤਿਆਰ ਦੇ ਦਿੱਤੇ। 17 ਮਾਰਚ ਨੂੰ ਪੰਡਤ ਨਹਿਰੂ ਨੇ ਰਾਵਲਪਿੰਡੀ ਜ਼ਿਲ੍ਹੇ ਦਾ ਦੌਰਾ ਕੀਤਾ। ਵਾਇਸਰਾਏ ਨੇ ਇਸ ਇਲਾਕੇ ਦੇ ਦੌਰੇ ਤੋਂ ਬਾਅਦ ਬਰਤਾਨਵੀ ਸਰਕਾਰ ਨੂੰ ਰਿਪੋਰਟ ਭੇਜਦਿਆਂ ਲਿਖਿਆ ਕਿ ਇਉਂ ਜਾਪਦਾ ਹੈ ਜਿਵੇਂ ਹਵਾਈ ਬੰਬ-ਬਾਰੀ ਨਾਲ ਜਾਨ-ਮਾਲ ਦੀ ਤਬਾਹੀ ਹੋਈ ਹੋਵੇ। ਪਿੰਡਾਂ ਦੇ ਪਿੰਡ ਵਿਚ ਹੀ ਸੌ ਫੀਸਦੀ ਹਿੰਦੂ-ਸਿੱਖ ਅਬਾਦੀ ਮਾਰੀ ਗਈ।

18. ਨਵਾਂ ਵਾਇਸਰਾਏ ਹਿੰਦੁਸਤਾਨ ਆਇਆ: ਬਰਤਾਨਵੀ ਸਰਕਾਰ ਨੇ ਲਾਰਡ ਵੇਵਲ ਦੀ ਥਾਂ ‘ਤੇ ਲਾਰਡ ਮਾਊਂਟਬੈਟਨ ਨੂੰ ਭਾਰਤ ਦਾ ਵਾਇਸਰਾਏ ਨਿਯੁਕਤ ਕਰ ਦਿੱਤਾ ਅਤੇ ਕਿਹਾ ਕਿ ਮਿਸਟਰ ਵੇਵਲ ਨੇ ਬਹੁਤ ਵਧੀਆ ਕਾਰਗੁਜ਼ਾਰੀ ਦਿਖਾਈ ਹੈ ਪਰ ਉਹ ਭਾਰਤ ਦੀਆਂ ਦੋਵਾਂ ਧਿਰਾਂ ਵਿਚ ਸਮਝੌਤਾ ਕਰਵਾਉਣ ਲਈ ਅਸਫਲ ਰਿਹਾ ਹੈ। ਭਾਵੇਂ ਇਹ ਗੱਲ ਕਿਸੇ ਇਤਿਹਾਸ ਦੀ ਕਿਤਾਬ ਵਿਚ ਲਿਖੀ ਤਾਂ ਨਹੀਂ ਮਿਲਦੀ ਪਰ ਕਿਸੇ ਸਮਝੌਤੇ ਤੋਂ ਬਿਨਾਂ ਅੰਗਰੇਜ਼ਾਂ ਵਲੋਂ ਹਿੰਦੁਸਤਾਨ ਨੂੰ ਛੱਡਕੇ ਚਲੇ ਜਾਣ ਨੇ ਕਾਂਗਰਸ ਨੂੰ ਜ਼ਰੂਰ ਡਰਾਇਆ ਹੋਵੇਗਾ। ਹਿੰਦੁਸਤਾਨੀ ਫੌਜ ਵਿਚ ਮੁਸਲਮਾਨਾਂ ਦੀ ਨਫਰੀ ਵੱਡੀ ਗਿਣਤੀ ਵਿਚ ਸੀ। 1940 ਵਿਚ ਛਿੜੀ ਸੰਸਾਰ ਜੰਗ ਮੌਕੇ ਕਾਂਗਰਸ ਦੇ ਕਹਿਣ ‘ਤੇ ਹਿੰਦੂ ਫੌਜ ਵਿਚ ਭਰਤੀ ਨਹੀਂ ਸੀ ਹੋਏ। ਜਦਕਿ ਸਿੱਖ ਅਤੇ ਮੁਸਲਮਾਨ ਗਜਵਜ ਕੇ ਭਰਤੀ ਹੋਏ ਸਨ। ਫਿਰ ਵੀ ਸਿੱਖਾਂ ਨਾਲੋਂ ਮੁਸਲਮਾਨਾਂ ਦੀ ਖਾਸ ਕਰਕੇ ਪਠਾਣਾਂ ਦੀ ਭਰਤੀ ਕਿਤੇ ਵੱਧ ਸੀ। ਇਹੀ ਸਮਾਂ ਸੀ ਜਦੋਂ ਹਿੰਦੁਸਤਾਨੀ ਫੌਜ ਦਾ ਆਕਾਰ ਇਕਦਮ ਵਧਿਆ ਸੀ। ਮਾਰਚ 1947 ਤਕ ਹਿੰਦੂ ਅਤੇ ਸਿੱਖ ਵਸੋਂ ਮੁਸਲਮਾਨਾਂ ਦੀ ਮਾਰਕਾਟ ਵਾਲੀ ਨੀਤੀ ਤੋਂ ਅੱਕੀ ਅਤੇ ਡਰੀ ਬੈਠੀ ਸੀ। ਜੇ ਅੰਗਰੇਜ਼ ਮੁਲਕ ਨੂੰ ਇਵੇਂ ਹੀ ਛੱਡਕੇ ਚਲੇ ਜਾਂਦੇ ਤਾਂ ਵੱਡੀ ਮੁਸਲਮਾਨ ਫੌਜ ਦੇ ਹੁੰਦਿਆਂ ਮੁਲਕ ਵਿਚ ਖਾਨਾਜੰਗੀ ਛਿੜਣ ਨਾਲ ਜੋ ਤਸਵੀਰ ਕਲਪੀ ਜਾ ਸਕਦੀ ਸੀ ਓਸ ਦਾ ਲੱਖਣ ਕਾਂਗਰਸੀ ਆਗੂਆਂ ਨੇ ਜ਼ਰੂਰ ਲਾ ਲਿਆ ਹੋਵੇਗਾ। ਕਿਉਂਕਿ ਮਿਸਟਰ ਜਿਨਾਹ ਖੁੱਲ੍ਹੇਆਮ ਕਹਿੰਦਾ ਸੀ ਕਿ “ਜਾਂ ਮੁਲਕ ਦਾ ਵੰਡਾਰਾ ਕਰਾਂਗੇ ਜਾਂ ਸਾਰਾ ਤਬਾਹ ਕਰਾਂਗੇ।” ਇਹ ਗੱਲਾਂ ਸੋਚ ਕੇ ਜਾਂ ਕੁਝ ਹੋਰ ਸੋਚਕੇ ਨਹਿਰੂ ਅਤੇ ਪਟੇਲ ਵਰਗੇ ਅਪ੍ਰੈਲ 1947 ਤਕ ਚਿੱਤ ਵਿਚ ਵੰਡ ਨੂੰ ਸਵੀਕਾਰ ਕਰ ਚੁੱਕੇ ਸਨ। ਉਨ੍ਹਾਂ ਮਨ ਟੋਹ ਕੇ ਹੀ ਵਾਇਸਰਾਏ ਮਾਊਂਟਬੈਟਨ ਨੇ ਵੰਡ ਦੀ ਤਜਵੀਜ਼ ਉਤੇ ਕੰਮ ਸ਼ੁਰੂ ਕਰ ਦਿੱਤਾ। ਪੋਠੋਹਾਰ (ਜ਼ਿਲ੍ਹਾ ਰਾਵਲਪਿੰਡੀ) ਵਿਚ ਸਿੱਖਾਂ ਅਤੇ ਹਿੰਦੂਆਂ ਦੇ ਕਤਲੇਆਮ ਨੇ ਆਗੂਆਂ ਦੇ ਮਨਾਂ ‘ਤੇ ਇਸ ਕਦਰ ਸੱਟ ਮਾਰੀ ਕਿ ਪੰਜਾਬ ਵਿਧਾਨ ਸਭਾ ਦੇ ਹਿੰਦੂ ਸਿੱਖ ਮੈਂਬਰਾਂ ਨੇ ਨਹਿਰੂ ਨੂੰ ਲਿਖਿਆ ਕਿ ਸਾਡੇ ਵਲੋਂ ਪੰਜਾਬ ਦੇ ਵੰਡਾਰੇ ਦੀ ਮੰਗ ਨੂੰ ਵਾਇਸਰਾਏ ਤਕ ਪਹੁੰਚਾ ਦੇਵੇ। 8 ਅਪ੍ਰੈਲ ਨੂੰ ਇਸਦੇ ਹੱਕ ਵਿਚ ਬਕਾਇਦਾ ਮਤਾ ਪਾਸ ਕਰ ਦਿੱਤਾ। 18 ਅਪ੍ਰੈਲ ਨੂੰ ਮਾਸਟਰ ਤਾਰਾ ਸਿੰਘ ਤੇ ਸਰਦਾਰ ਬਲਦੇਵ ਸਿੰਘ ਨੇ ਵਾਇਸਰਾਏ ਕੋਲ ਵੀ ਇਹੋ ਮੰਗ ਰੱਖੀ। ਪੰਜਾਬ ਦੇ ਵੰਡਾਰੇ ਦੀ ਮੰਗ ਸਿੱਖਾਂ ਤੇ ਕਾਂਗਰਸ ਵਲੋਂ ਕਰਨ ਕਰਕੇ ਮੁਲਕ ਦੇ ਵੰਡਾਰੇ ਦਾ ਅੜਿੱਕਾ ਕਾਫੀ ਹੱਦ ਤਕ ਹੱਲ ਹੋ ਗਿਆ ਸੀ। ਇਸ ਨਾਲ ਦੇਸ਼ ਦੇ ਵੰਡਾਰੇ ਦੀ ਸੂਰਤ ਵਿਚ ਪੰਜਾਬ ਦਾ ਹਿੰਦੂ ਸਿੱਖ ਬਹੁਗਿਣਤੀ ਵਾਲਾ ਹਿੱਸਾ ਹਿੰਦੁਸਤਾਨ ਵਾਲੇ ਪਾਸੇ ਰਹਿ ਜਾਣਾ ਸੀ। ਅਣਵੰਡੇ ਪੰਜਾਬ ਵਿਚ ਮੁਸਲਮਾਨ ਬਹੁਗਿਣਤੀ ਕਰਕੇ ਇਹ ਪਾਕਿਸਤਾਨ ਵਾਲੇ ਪਾਸੇ ਜਾਣਾ ਸੀ। ਜਿਸ ਤੋਂ ਤ੍ਰਬਕ ਕੇ ਪੰਜਾਬ ਦੇ ਹਿੰਦੂ ਸਿੱਖ ਪਾਕਿਸਤਾਨ ਦੀ ਵਿਰੋਧਤਾ ਕਰਦੇ ਸਨ। ਇਸੇ ਤਰ੍ਹਾਂ ਦਾ ਡਰ ਹਿੰਦੂ ਬਹੁਗਿਣਤੀ ਵਾਲੇ ਪੱਛਮੀ ਬੰਗਾਲ ਦੇ ਹਿੰਦੂਆਂ ਨੂੰ ਸੀ, ਕਿਉਂਕਿ ਅਣਵੰਡੇ ਬੰਗਾਲ ਵਿਚ ਵੀ ਮੁਸਲਮਾਨ ਬਹੁਗਿਣਤੀ ਸੀ, ਜਿਸ ਕਰਕੇ ਉਸਨੇ ਵੀ ਪਾਕਿਸਤਾਨ ਵਿਚ ਜਾਣਾ ਸੀ। ਦੋਵਾਂ ਸੂਬਿਆਂ ਦੀ ਵੰਡ ਵਾਲੀ ਜੁਗਤ ਨੇ ਵੀ ਕਾਂਗਰਸੀਆਂ ਨੂੰ ਕਾਫੀ ਹਦ ਤਕ ਸੰਤੁਸ਼ਟ ਕੀਤਾ।

ਚਲਦਾ...


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top