Share on Facebook

Main News Page

ਗਿਆਨੀ ਇਕਬਾਲ ਸਿੰਘ ਵੱਲੋਂ ਜਾਰੀ ਹੁਕਮਨਾਮਾ ਅਯੋਗ ਕਰਾਰ

ਅੰਮ੍ਰਿਤਸਰ, ਜਗਤਾਰ ਸਿੰਘ ਲਾਂਬਾ/ਟ.ਨ.ਸ. ( 9 ਜਨਵਰੀ 2014): ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਕਮੇਟੀ ਭੰਗ ਕਰਨ ਸਬੰਧੀ ਜਾਰੀ ਕੀਤੇ ਹੁਕਮਨਾਮੇ ਨੂੰ ਅਯੋਗ ਕਰਾਰ ਦਿੰਦਿਆਂ ਇਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਅਤੇ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੀਆਂ ਜਾਂਚ ਕਮੇਟੀਆਂ ਵੱਲੋਂ ਆਪੋ ਆਪਣੇ ਪੱਧਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।

ਗੁਰਪੁਰਬ ਵਾਲੇ ਦਿਨ ਪਟਨਾ ਸਾਹਿਬ ਵਿਖੇ ਵਾਪਰੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਕੱਲ੍ਹ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਵੱਲੋਂ ਜਥੇਦਾਰ ਗਿਆਨੀ ਇਕਬਾਲ ਸਿੰਘ, ਉਨ੍ਹਾਂ ਦੇ ਪੁੱਤਰ ਗੁਰਪ੍ਰਸਾਦ ਸਿੰਘ ਅਤੇ ਇਕ ਗ੍ਰੰਥੀ ਗੁਰਦਿਆਲ ਸਿੰਘ ਨੂੰ ਮੁਅਤੱਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਦੂਜੇ ਪਾਸੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਉਥੋਂ ਦੇ ਚਾਰ ਸਿੰਘਾਂ ਨੂੰ ਨਾਲ ਲੈ ਕੇ ਇਕ ਹੁਕਮਨਾਮਾ ਜਾਰੀ ਕਰ ਦਿੱਤਾ, ਜਿਸ ਰਾਹੀਂ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੂੰ ਭੰਗ ਕਰਨ ਦਾ ਆਦੇਸ਼ ਦਿੱਤਾ। ਇਸ ਤੋਂ ਇਲਾਵਾ ਪ੍ਰਬੰਧਕੀ ਕਮੇਟੀ ਵੱਲੋਂ ਵਧੀਕ ਗ੍ਰੰਥੀ (ਮੀਤ ਜਥੇਦਾਰ) ਵਜੋਂ ਗਿਆਨੀ ਪ੍ਰਤਾਪ ਸਿੰਘ ਦੀ ਕੀਤੀ ਗਈ ਨਿਯੁਕਤੀ ਨੂੰ ਵੀ ਰੱਦ ਕਰ ਦਿੱਤਾ ਗਿਆ। ਇਸੇ ਤਰ੍ਹਾਂ ਪ੍ਰਬੰਧਕੀ ਕਮੇਟੀ ਵੱਲੋਂ ਕੁਝ ਸਮਾਂ ਪਹਿਲਾਂ ਭੁਪਿੰਦਰ ਸਿੰਘ ਸਾਧੂ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਵਜੋਂ ਕੀਤੀ ਗਈ ਨਿਯੁਕਤੀ ਨੂੰ ਵੀ ਉਨ੍ਹਾਂ ਰੱਦ ਕਰ ਦਿੱਤਾ ਸੀ।

ਇਸ ਸਬੰਧ ਵਿਚ ਗੱਲ ਕਰਦਿਆਂ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਆਰ.ਐਸ ਗਾਂਧੀ ਨੇ ਗਿਆਨੀ ਇਕਬਾਲ ਸਿੰਘ ਵੱਲੋਂ ਜਾਰੀ ਕੀਤੇ ਹੁਕਮਨਾਮੇ ਨੂੰ ਅਯੋਗ ਕਰਾਰ ਦਿੱਤਾ ਹੈ ਅਤੇ ਇਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਆਖਿਆ ਕਿ ਗਿਆਨੀ ਇਕਬਾਲ ਸਿੰਘ ਤੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਮੁਅੱਤਲ ਕੀਤਾ ਹੋਇਆ ਹੈ। ਅਜਿਹੀ ਸਥਿਤੀ ਵਿਚ ਉਨ੍ਹਾਂ ਨੂੰ ਕੋਈ ਵੀ ਹੁਕਮਨਾਮਾ ਜਾਰੀ ਕਰਨ ਦਾ ਕੋਈ ਕਾਨੂੰਨੀ ਤੇ ਨੈਤਿਕ ਹੱਕ ਨਹੀਂ ਹੈ। ਉਨ੍ਹਾਂ ਆਖਿਆ ਕਿ ਉਂਜ ਵੀ ਇਹ ਕਾਰਵਾਈ ਈਰਖਾਵੱਸ ਕਾਹਲੀ ਨਾਲ ਕੀਤੀ ਗਈ ਹੈ, ਜੋ ਸਿਰਫ਼ ਸਮਝੌਤਾ ਕਰਨ ਲਈ ਦਬਾਅ ਪਾਉਣ ਦੀ ਕਾਰਵਾਈ ਹੈ। ਉਨ੍ਹਾਂ ਆਖਿਆ ਕਿ ਹੁਕਮਨਾਮਾ ਜਾਰੀ ਕਰਨ ਦਾ ਇਕ ਢੰਗ ਤਰੀਕਾ ਹੈ ਅਤੇ ਉਹ ਪੰਜ ਸਿੰਘ ਸਾਹਿਬਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਰੀ ਕੀਤਾ ਜਾ ਸਕਦਾ ਹੈ। ਇਸ ਲਈ ਉਹ ਕਮੇਟੀ ਨੂੰ ਭੰਗ ਨਹੀਂ ਕਰ ਸਕਦੇ।

ਉਨ੍ਹਾਂ ਦੱਸਿਆ ਕਿ ਗਿਆਨੀ ਇਕਬਾਲ ਸਿੰਘ ਨੂੰ ਤਖਤ ਸ੍ਰੀ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਮੁਅੱਤਲ ਕਰਨ ਤੋਂ ਬਾਅਦ ਇਥੋਂ ਦਾ ਕੰਮਕਾਜ ਚਲਾਉਣ ਲਈ ਜਲਦੀ ਹੀ ਇਸ ਦੀ ਜ਼ਿੰਮੇਵਾਰੀ ਕਿਸੇ ਸੀਨੀਅਰ ਗ੍ਰੰਥੀ ਨੂੰ ਸੌਂਪੀ ਜਾਵੇਗੀ। ਇਸ ਦੌਰਾਨ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਵੱਲੋਂ ਪਟਨਾ ਪੁਲੀਸ ਨੂੰ ਇਕ ਅਰਜ਼ੀ ਦੇ ਕੇ ਗਿਆਨੀ ਪ੍ਰਤਾਪ ਸਿੰਘ ਦੀ ਸੁਰੱਖਿਆ ਲਈ ਪ੍ਰਬੰਧ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਪੱਤਰ ਵਿਚ ਉਨ੍ਹਾਂ ਦੋਸ਼ ਲਾਇਆ ਕਿ ਗਿਆਨੀ ਇਕਬਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਨਵੇਂ ਨਿਯੁਕਤ ਕੀਤੇ ਗਏ ਵਧੀਕ ਗ੍ਰੰਥੀ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਦੀ ਜਾਨ ਮਾਲ ਨੂੰ ਖਤਰਾ ਹੈ।

ਦੂਜੇ ਪਾਸੇ ਗੱਲ ਕਰਦਿਆਂ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਆਖਿਆ ਕਿ ਗੁਰਪੁਰਬ ਵਾਲੇ ਦਿਨ ਉਨ੍ਹਾਂ ’ਤੇ ਕੀਤਾ ਗਿਆ ਹਮਲਾ ਇਕ ਯੋਜਨਾਬੱਧ ਕਾਰਵਾਈ ਸੀ। ਇਸ ਹਮਲੇ ਲਈ ਉਨ੍ਹਾਂ ਪ੍ਰਬੰਧਕੀ ਕਮੇਟੀ ਤੇ ਹਰਵਿੰਦਰ ਸਿੰਘ ਸਰਨਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦੱਸਿਆ ਕਿ ਇਥੋਂ ਦੇ ਪੰਜ ਪਿਆਰਿਆਂ ਦੇ ਸਹਿਯੋਗ ਨਾਲ ਹੁਕਮਨਾਮਾ ਜਾਰੀ ਕਰਕੇ ਸਰਨਾ ਪ੍ਰਭਾਵ ਵਾਲੀ ਪ੍ਰਬੰਧਕੀ ਕਮੇਟੀ ਨੂੰ ਭੰਗ ਕਰ ਦਿੱਤਾ ਹੈ। ਇਸ ਤੋਂ ਇਲਾਵਾ ਵਧੀਕ ਗ੍ਰੰਥੀ ਦੀ ਨਵੀਂ ਨਿਯੁਕਤੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਦੀ ਕੀਤੀ ਨਿਯੁਕਤੀ ਨੂੰ ਵੀ ਰੱਦ ਕਰ ਦਿੱਤਾ ਹੈ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਪੰਜ ਮੈਂਬਰੀ ਜਾਂਚ ਕਮੇਟੀ ਵੱਲੋਂ ਪਟਨਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਜਾਂਚ ਲਈ ਵੱਖ-ਵੱਖ ਸ਼ਖਸੀਅਤਾਂ ਨਾਲ ਸੰਪਰਕ ਕਰਕੇ ਘਟਨਾ ਦੀ ਜਾਣਕਾਰੀ ਲਈ ਗਈ। ਦੂਜੇ ਪਾਸੇ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਵਲੋਂ ਬਣਾਈ ਗਈ ਤਿੰਨ ਮੈਂਬਰੀ ਜਾਂਚ ਕਮੇਟੀ ਨੇ ਵੀ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸੇ ਤਰ੍ਹਾਂ ਦਮਦਮੀ ਟਕਸਾਲ ਵਲੋਂ ਵੀ ਇਕ ਹੋਰ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ। ਇੰਜ ਹੁਣ ਤਿੰਨ ਜਾਂਚ ਕਮੇਟੀਆਂ ਆਪੋ ਆਪਣੇ ਪੱਧਰ ’ਤੇ ਇਸ ਮਾਮਲੇ ਦੀ ਜਾਂਚ ਕਰਨਗੀਆਂ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top