Share on Facebook

Main News Page

ਸਾਕਾ ਨੀਲਾ ਤਾਰਾ ਯਾਦਗਾਰ ਬਾਰੇ ਮੱਕੜ ਨੇ ਝੂਠ ਬੋਲਿਆ
-: ਪ੍ਰਕਾਸ਼ ਸਿੰਘ ਬਾਦਲ

ਜਲੰਧਰ, (14 ਫਰਵਰੀ, ਪਾਲ ਸਿੰਘ ਨੌਲੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਬਣੀ ਸਾਕਾ ਨੀਲਾ ਤਾਰਾ ਦੀ ਯਾਦਗਾਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਲਾਹ ਨਾਲ ਬਣਾਏ ਜਾਣ ਦੇ ਦਿੱਤੇ ਬਿਆਨ ’ਤੇ ਸਖ਼ਤ ਟਿੱਪਣੀ ਕਰਦਿਆਂ ਮੁੱਖ ਮੰਤਰੀ ਬਾਦਲ ਨੇ ਕਿਹਾ ਹੈ ਕਿ ਅਵਤਾਰ ਸਿੰਘ ਮੱਕੜ ਨੇ ਝੂਠ ਬੋਲਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਕ ਖੁਦਮੁਖਤਿਆਰ ਅਦਾਰਾ ਹੈ ਤੇ ਉਸ ਦੇ ਕੰਮਾਂ ਵਿੱਚ ਉਨ੍ਹਾਂ ਵੱਲੋਂ ਕਦੇ ਕੋਈ ਦਖ਼ਲ ਨਹੀਂ ਦਿੱਤਾ ਜਾਂਦਾ।

ਸ੍ਰੀ ਬਾਦਲ ਨੇ ਇਕ ਵਾਰ ਨਹੀਂ ਸਗੋਂ ਦੋ-ਤਿੰਨ ਵਾਰ ਇਸ ਗੱਲ ਨੂੰ ਦੁਹਰਾਇਆ ਕਿ ਦਰਬਾਰ ਸਾਹਿਬ ਕੰਪਲੈਕਸ ਅੰਦਰ ਬਣੀ ਸਾਕਾ ਨੀਲਾ ਤਾਰਾ ਦੀ ਯਾਦਗਾਰ ਸਮੇਂ ਉਨ੍ਹਾਂ ਦੀ ਸਲਾਹ ਲੈਣ ਬਾਰੇ ਮੱਕੜ ਵੱਲੋਂ ਕੀਤੀ ਗਈ ਬਿਆਨਬਾਜ਼ੀ ਝੂਠੀ ਹੈ। ਉਨ੍ਹਾਂ ਕਿਹਾ ਕਿ ਯਾਦਗਾਰ ਬਣਾਉਣ ਬਾਰੇ ਉਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ।

ਇਹ ਸਵਾਲ ਪੁੱਛੇ ਜਾਣ ’ਤੇ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਨਾਂ ਹੀ ਜਦੋਂ ਲਿਫ਼ਾਫ਼ੇ ’ਚੋਂ ਨਿਕਲਦਾ ਹੈ ਤਾਂ ਕੀ ਇਹ ਦਖਲਅੰਦਾਜ਼ੀ ਨਹੀਂ ਹੈ, ਦੇ ਜਵਾਬ ਵਿਚ ਸ੍ਰੀ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਦਖਲਅੰਦਾਜ਼ੀ ਸਿਰਫ਼ ਲਿਫ਼ਾਫ਼ਾ ਭੇਜਣ ਤੱਕ ਹੀ ਹੁੰਦੀ ਹੈ। ਉਸ ਤੋਂ ਬਾਅਦ ਜਦੋਂ ਪ੍ਰਧਾਨ ਬਣ ਜਾਂਦਾ ਹੈ ਤਾਂ ਉਹ ਫ਼ੈਸਲੇ ਆਪਣੀ ਮਰਜ਼ੀ ਨਾਲ ਕਰਦਾ ਹੈ। ਉਹ ਅੱਜ ਇਥੇ ਅਕਾਲੀ ਦਲ ਤੇ ਭਾਜਪਾ ਆਗੂਆਂ ਨਾਲ ਜਗਰਾਓਂ ’ਚ 23 ਫਰਵਰੀ ਨੂੰ ਹੋਣ ਵਾਲੀ ਨਰਿੰਦਰ ਮੋਦੀ ਦੀ ਰੈਲੀ ਲਈ ਤਿਆਰੀ ਮੀਟਿੰਗ ਕਰਨ ਆਏ ਹੋਏ ਸਨ।

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਗੱਲ ਦਾ ਖ਼ੁਲਾਸਾ ਕੀਤਾ ਸੀ ਕਿ ਦਰਬਾਰ ਸਾਹਿਬ ਕੰਪਲੈਕਸ ਵਿੱਚ ਬਣੀ ਸਾਕਾ ਨੀਲਾ ਤਾਰਾ ਦੀ ਯਾਦਗਾਰ ਪ੍ਰਕਾਸ਼ ਸਿੰਘ ਬਾਦਲ ਦੀ ਸਲਾਹ ਨਾਲ ਬਣਾਈ ਗਈ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਸੀ ਕਿ ਸ਼੍ਰੋਮਣੀ ਕਮੇਟੀ ਦੇ ਬਹੁਤ ਸਾਰੇ ਕੰਮ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਸਲਾਹ ਨਾਲ ਹੀ ਹੁੰਦੇ ਹਨ ਕਿਉਂਕਿ ਸ਼੍ਰੋਮਣੀ ਕਮੇਟੀ ’ਤੇ ਅਕਾਲੀ ਦਲ ਦਾ ਹੀ ਕੰਟਰੋਲ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਕਾ ਨੀਲਾ ਤਾਰਾ ਸਬੰਧੀ ਕੇਂਦਰ ਨਾਲ ਗੰਢਤੁੱਪ ਕਰਨ ਦੇ ਲਾਏ ਜਾ ਰਹੇ ਦੋਸ਼ਾਂ ਸਬੰਧੀ ਕੀਤੇ ਗਏ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੂਠ ਬੋਲਣ ਦੇ ਮਾਮਲੇ ’ਚ ਅਮਰਿੰਦਰ ਸਿੰਘ ਦਾ ਵੀ ਕੋਈ ਸਾਨੀ ਨਹੀਂ ਹੈ। ਜੇਲ੍ਹ ਕੱਟਣ ਬਾਰੇ ਕੀਤੇ ਜਾ ਰਹੇ ਦਾਅਵਿਆਂ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਜਦੋਂ ਲੋਕ ਸਭਾ ਚੋਣਾਂ ਨੇੜੇ ਆ ਗਈਆਂ ਹਨ ਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਕਾਂਗਰਸ ਅਜਿਹੇ ਹੱਥਕੰਡੇ ਅਪਣਾ ਰਹੀ ਹੈ।

ਉਨ੍ਹਾਂ ਕਿਹਾ ਕਿ ਐਮਰਜੈਂਸੀ ਦੌਰਾਨ ਉਨ੍ਹਾਂ ਨੇ 19 ਮਹੀਨੇ ਜੇਲ੍ਹ ਕੱਟੀ ਹੈ। ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਵਾਲੇ ਦਿਨ ਉਹ ਕਿਥੇ ਸਨ, ਤਾਂ ਉਨ੍ਹਾਂ ਕਿਹਾ ਕਿ ਉਹ ਉਸ ਦਿਨ ਆਪਣੇ ਪਿੰਡ ਬਾਦਲ ’ਚ ਸਨ ਤੇ ਅਗਲੇ ਦਿਨ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਜੇ ਕਾਂਗਰਸੀ ਇਸ ਗੱਲ ’ਤੇ ਖੁਸ਼ ਹੁੰਦੇ ਹਨ ਕਿ ਉਨ੍ਹਾਂ ਨੇ 17 ਸਾਲ ਜੇਲ੍ਹ ਨਹੀਂ ਕੱਟੀ ਤਾਂ ਉਹ ਕਾਂਗਰਸੀਆਂ ਦੀ ਖੁਸ਼ੀ ਲਈ ਇਹ ਵੀ ਮੰਨਣ ਨੂੰ ਤਿਆਰ ਹਨ ਕਿ ਉਹ ਇਕ ਦਿਨ ਵੀ ਜੇਲ੍ਹ ਨਹੀਂ ਗਏ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top