Share on Facebook

Main News Page

ਨਾਨਕਸ਼ਾਹੀ ਕੈਲੰਡਰ ਦਾ ਮਸਲਾ ਹੱਲ ਕਰਨ ਲਈ ਸਿਰਫ ਇੱਕ ਗੁਰੂ ਗ੍ਰੰਥ ਸਾਹਿਬ ਜੀ ਅਤੇ ਅਕਾਲ ਤਖ਼ਤ ਦੀ ਮਰਯਾਦਾ ਨੂੰ ਮੰਨਣ ਵਾਲੇ ਵਿਦਵਾਨਾਂ ਨੂੰ ਹੀ ਕਮੇਟੀ ਵਿੱਚ ਸ਼ਾਮਲ ਕੀਤਾ ਜਾਵੇ
-: ਸਿੱਖ ਜਥੇਬੰਦੀਆਂ

* ਨਾਨਕਸ਼ਾਹੀ ਕੈਲੰਡਰ ਨੂੰ ਬਿਕ੍ਰਮੀ ਕੈਲੰਡਰ ਵਿੱਚ ਤਬਦੀਲ ਕਰਨ ਦਾ ਭਾਵ ਹੋਵੇਗਾ ਧਾਰਾ 25 ਵਿੱਚ ਸੋਧ ਦਾ ਅਧਾਰ ਖਤਮ ਕਰਨਾ

ਬਠਿੰਡਾ, 27 ਫਰਵਰੀ (ਕਿਰਪਾਲ ਸਿੰਘ): ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ ਦੇ ਸਕੱਤਰ ਭਾਈ ਖੁਸ਼ਹਾਲ ਸਿੰਘ, ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਗੰਥੀ ਅਤੇ ਇੰਟਰਨੈਸ਼ਨਲ ਸਿੱਖ ਮਿਸ਼ਨਰੀ ਗਿਆਨੀ ਜਗਤਾਰ ਸਿੰਘ ਜਾਚਕ, ਗੁਰਮਤਿ ਦੇ ਨਿਸ਼ਕਾਮ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਖ਼ਾਲਸਾ, ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਮਾਸਕ ਪੱਤਰ ਸਿੱਖ ਫੁਲਵਾੜੀ ਦੇ ਸੰਪਾਦਕ ਹਰਜੀਤ ਸਿੰਘ ਜਲੰਧਰ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਂਤਾ ਕਲਾਂ (ਰੋਪੜ) ਦੇ ਮਾਸਕ ਪੱਤਰ ਮਿਸ਼ਨਰੀ ਸੇਧਾਂ ਦੇ ਸੰਪਾਦਕ ਗਿਆਨੀ ਅਵਤਾਰ ਸਿੰਘ ਜਲੰਧਰ, ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਪ੍ਰਿੰਸੀਪਲ ਗਿਆਨੀ ਗੁਰਬਚਨ ਸਿੰਘ ਅਤੇ ਨਾਨਕਸ਼ਾਹੀ ਕੈਲੰਡਰ ਤਾਲਮੇਲ ਕਮੇਟੀ ਦੇ ਕਨਵੀਨਰ ਕਿਰਪਾਲ ਸਿੰਘ ਨੇ ਇੱਕ ਸਾਂਝੇ ਬਿਆਨ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਮੰਗ ਕੀਤੀ ਹੈ ਕਿ ਨਾਨਕਸ਼ਾਹੀ ਕੈਲੰਡਰ ਦਾ ਮਸਲਾ ਹੱਲ ਕਰਨ ਲਈ ਬਣਾਈ ਜਾਣ ਵਾਲੀ ਕਮੇਟੀ ਵਿੱਚ ਕੇਵਲ ਇੱਕ ਗੁਰੂ ਗ੍ਰੰਥ ਸਾਹਿਬ ਜੀ ਅਤੇ ਅਕਾਲ ਤਖ਼ਤ ਦੀ ਮਰਯਾਦਾ ਨੂੰ ਮੰਨਣ ਵਾਲੇ ਦੇਸ਼ ਵਿਦੇਸ਼ ਦੇ ਵਿਦਵਾਨਾਂ ਨੂੰ ਹੀ ਸ਼ਾਮਲ ਕੀਤਾ ਜਾਵੇ।

ਦ ਟ੍ਰਿਬਿਯੂਨ ਦੇ ਅੱਜ ਦੇ ਅੰਕ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਨਾਨਕਸ਼ਾਹੀ ਕੈਲੰਡਰ ਦਾ ਮਸਲਾ ਹੱਲ ਕਰਨ ਲਈ ਅਕਾਲ ਤਖ਼ਤ ਦੇ ਜਥੇਦਾਰ ਨੂੰ ਕਮੇਟੀ ਬਣਾਉਣ ਦੇ ਦਿੱਤੇ ਸੁਝਾਉ ’ਤੇ ਸ਼ੰਕਾ ਜ਼ਾਹਿਰ ਕਰਦੇ ਹੋਏ ਉਕਤ ਜਥੇਬੰਦੀਆਂ ਅਤੇ ਸੰਸਥਾਵਾਂ ਨੇ ਕਿਹਾ ਕਿ ਜਾਪਦਾ ਹੈ ਕਿ ਸੰਤ ਸਮਾਜ ਦੇ ਦਬਾਅ ਹੇਠ ਨਾਨਕਸ਼ਾਹੀ ਕੈਲੰਡਰ ਨੂੰ ਮੁੱਢੋਂ ਰੱਦ ਕਰਕੇ ਮੁੜ ਬਿਕ੍ਰਮੀ ਕੈਲੰਡਰ ਲਾਗੂ ਕਰਨ ਦੀ ਅੰਦਰੋਂ ਅੰਦਰੀ ਤਿਆਰੀ ਹੋ ਚੁੱਕੀ ਹੈ ਤੇ ਕਮੇਟੀ ਬਣਾਉਣੀ ਸਿੱਖ ਪੰਥ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਉਸੇ ਤਰ੍ਹਾਂ ਮਹਿਜ ਇੱਕ ਡਰਾਮਾ ਹੋਵੇਗਾ ਜਿਸ ਤਰ੍ਹਾਂ 2009 ਵਿੱਚ ਬਣਾਈ ਦੋ ਮੈਂਬਰੀ ਕਮੇਟੀ ਵੱਲੋਂ ਸੁਝਾਈਆਂ ਗਈਆਂ ਸੋਧਾਂ ਕਰਕੇ ਨਾਨਕਸ਼ਾਹੀ ਕੈਲੰਡਰ ਦੀ ਰੂਹ ਦਾ ਕਤਲ ਕਰ ਦਿੱਤਾ ਗਿਆ ਸੀ।

ਇਸ ਸ਼ੰਕਾ ਦਾ ਆਧਾਰ ਉਨ੍ਹਾਂ ਪਿਛਲੇ ਸਮੇਂ ਵਿੱਚ ਵਾਪਰੀਆਂ ਘਟਨਾਵਾਂ ਨੂੰ ਬਣਾਉਂਦਿਆਂ ਕਿਹਾ ਕਿ ਜਿਸ ਸਮੇਂ ਦੇਸ਼ ਵਿਦੇਸ਼ਾਂ ਵਿੱਚੋਂ ਇਹ ਮੰਗ ਜੋਰ ਫੜਨ ਲੱਗੀ ਕਿ ਮੱਕੜ+ਧੁੰਮਾ ਦੋ ਮੈਂਬਰੀ ਕਮੇਟੀ ਵੱਲੋਂ ਕੀਤੀਆਂ ਗੈਰ ਸਿਧਾਂਤਕ ਸੋਧਾਂ ਵਾਪਸ ਲੈ ਕੇ 2003 ਵਾਲਾ ਮੂਲ ਨਾਨਕਸ਼ਾਹੀ ਕੈਲੰਡਰ ਬਹਾਲ ਕੀਤਾ ਜਾਵੇ ਤਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਹ ਬਿਆਨ ਦਿੱਤਾ ਸੀ ਕਿ ਕੈਲੰਡਰ ਕੋਈ ਗੁਰਬਾਣੀ ਨਹੀਂ ਪੰਥ ਦੀਆਂ ਭਾਵਨਾਵਾਂ ਨੂੰ ਮੁੱਖ ਰੱਖ ਕੇ ਵਿਦਵਾਨਾਂ ਦੀ ਸਲਾਹ ਨਾਲ ਇਸ ਵਿੱਚ ਮੁੜ ਸੋਧਾਂ ਹੋ ਸਕਦੀਆਂ ਹਨ। ਉਸ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਜਥੇਦਾਰ ਸਾਹਿਬ ਦੇ ਇਸ ਸ਼ਾਲਾਘਾਯੋਗ ਬਿਆਨ ਦੀ ਤੁਰੰਤ ਕਾਟ ਕਰਨ ਲਈ ਬਿਆਨ ਦੇ ਦਿੱਤਾ ਸੀ ਕਿ ਨਾਨਕਸ਼ਾਹੀ ਕੈਲੰਡਰ ਵਿੱਚ ਕੋਈ ਸੋਧ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਇਸ ਵਿੱਚ ਪਹਿਲਾਂ ਹੀ ਸੋਧ ਹੋ ਚੁੱਕੀ ਹੈ। ਪਰ ਹੁਣ ਜਦੋਂ ਸੰਤ ਸਮਾਜ ਨੇ ਨਾਨਕਸ਼ਾਹੀ ਕੈਲੰਡਰ ਨੂੰ ਮੁੱਢੋਂ ਰੱਦ ਕਰਕੇ ਮੁੜ ਬਿਕ੍ਰਮੀ ਕੈਲੰਡਰ ਲਾਗੂ ਕਰਨ ਦੀ ਮੰਗ ਕਰ ਦਿੱਤੀ ਤਾਂ ਉਨ੍ਹਾਂ ਦੀ ਮੰਗ ਲਾਗੂ ਕਰਨ ਲਈ ਕਮੇਟੀ ਬਣਾਉਣ ਦਾ ਸੁਝਾਉ ਮਹਿਜ ਇੱਕ ਖਾਨਾ ਪੂਰਤੀ ਜਾਪਦਾ ਹੈ ਜਦੋਂ ਕਿ ਨਾਨਕਸ਼ਾਹੀ ਕੈਲੰਡਰ ਨੂੰ ਮੁੱਢੋਂ ਰੱਦ ਕਰਕੇ ਮੁੜ ਬਿਕ੍ਰਮੀ ਕੈਲੰਡਰ ਲਾਗੂ ਕਰਨ ਦੀ ਤਿਆਰੀ ਹੋ ਚੁੱਕੀ ਹੈ।

ਉਕਤ ਪੰਥਕ ਜਥੇਬੰਦੀਆਂ ਅਤੇ ਸੰਸਥਾਵਾਂ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਿੱਖ ਧਰਮ ਨੂੰ ਹਿੰਦੂ ਧਰਮ ਦਾ ਅੰਗ ਦਰਸਾਉਣ ਵਾਲੀ ਸੰਵਿਧਾਨ ਦੀ ਧਾਰਾ 25 ਵਿੱਚ ਸੋਧ ਕਰਵਾਉਣ ਲਈ ਸਿੱਖ ਪੰਥ ਵੱਲੋਂ ਸੁਪ੍ਰੀਮ ਕੋਰਟ ਵਿੱਚ ਕੇਸ ਚੱਲ ਰਿਹਾ ਹੈ ਜੋ ਫੈਸਲੇ ਦੇ ਬਿਲਕੁਲ ਨਜ਼ਦੀਕ ਹੈ। ਉਸ ਕੇਸ ਵਿੱਚ ਸਿੱਖ ਧਰਮ ਨੂੰ ਹਿੰਦੂ ਧਰਮ ਤੋਂ ਵੱਖਰਾ ਸਿੱਧ ਕਰਨ ਲਈ ਮੁੱਖ ਦਲੀਲ ਇਹ ਦਿੱਤੀ ਗਈ ਹੈ ਕਿ ਸਿੱਖਾਂ ਦਾ ਵੱਖਰਾ ਸਭਿਆਚਾਰ ਅਤੇ ਵੱਖਰਾ ਕੈਲੰਡਰ ਹੈ ਇਸ ਲਈ ਇਹ ਹੋਰ ਕਿਸੇ ਧਰਮ ਦਾ ਅੰਗ ਨਹੀਂ ਹੋ ਸਕਦਾ। ਪਰ ਜੇ ਸਿਆਸੀ ਪ੍ਰਭਾਵ ਹੇਠ ਸਿੱਖ ਕੌਮ ਦੀ ਵਿਲੱਖਣ ਹੋਂਦ ਦੇ ਪ੍ਰਤੀਕ ਨਾਨਕਸ਼ਾਹੀ ਕੈਲੰਡਰ ਨੂੰ ਖਤਮ ਕਰ ਦਿੱਤਾ ਗਿਆ ਤਾਂ ਸੰਵਿਧਾਨ ਦੀ ਧਾਰਾ 25 ਦੀ ਸੋਧ ਦੀ ਸਿੱਖਾਂ ਦੀ ਚਿਰੋਕਣੀ ਮੰਗ ਦਾ ਅਧਾਰ ਖਤਮ ਹੋ ਜਾਵੇਗਾ ਤੇ ਸਿੱਖ ਇਤਿਹਾਸ ਵਿੱਚ ਇਕ ਕੌਮ ਮਾਰੂ ਅਧਿਆਇ ਸ਼ਾਮਲ ਹੋ ਜਾਵੇਗਾ।

ਇਸ ਲਈ ਪੰਥ ਦੀਆਂ ਦੋ ਸਿਰਮੌਰ ਸੰਸਥਾਵਾਂ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਕੌਮ ਦੇ ਪੈਰ ਕੁਹਾੜਾ ਮਾਰਨ ਵਾਲੀ ਕੋਈ ਕਾਰਵਾਈ ਕਰਨ ਤੋਂ ਪਹਿਲਾਂ 100 ਵਾਰ ਸੋਚਣ। ਉਨ੍ਹਾਂ ਸਲਾਹ ਦਿੱਤੀ ਕਿ ਨਾਨਕਸ਼ਾਹੀ ਕੈਲੰਡਰ ਦਾ ਮਸਲਾ ਹੱਲ ਕਰਨ ਲਈ ਬਣਾਈ ਜਾਣ ਵਾਲੀ ਕਮੇਟੀ ਵਿੱਚ ਕੈਲੰਡਰ ਦੇ ਮੁੱਖ ਨਿਰਮਾਤਾ ਸ: ਪਾਲ ਸਿੰਘ ਪੁਰੇਵਾਲ ਸਮੇਤ ਦੇਸ਼ ਵਿਦੇਸ਼ ਵਿੱਚੋਂ ਕੇਵਲ ਉਨ੍ਹਾਂ ਸਿੱਖ ਵਿਦਵਾਨਾਂ ਨੂੰ ਹੀ ਸ਼ਾਮਲ ਕਰਨ ਜਿਹੜੇ ਅਕਾਲ ਤਖ਼ਤ ਦੀ ਮਰਯਾਦਾ ਨੂੰ ਪੂਰਨ ਤੌਰ ’ਤੇ ਮੰਨਦੇ ਹੋਣ ਅਤੇ ਕਿਸੇ ਵੀ ਐਸੇ ਡੇਰੇਦਾਰ ਨੂੰ ਇਸ ਕਮੇਟੀ ਵਿੱਚ ਸ਼ਾਮਲ ਨਾ ਕੀਤਾ ਜਾਵੇ ਜੋ ਅਕਾਲ ਤਖ਼ਤ ਦੀ ਮਰਯਾਦਾ ਮੰਨਣ ਤੋਂ ਇਨਕਾਰੀ ਹੋਵੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top