Share on Facebook

Main News Page

ਮੱਕੜ ਨੇ ਉਡਾਈਆਂ ਚੋਣ ਕਮਿਸ਼ਨ ਦੇ ਹੁਕਮਾਂ ਦੀਆਂ ਧੱਜੀਆਂ
ਮੱਕੜ ਨੇ ਮੀਟਿੰਗ ਕਰਕੇ ਸ਼ੋਮਣੀ ਕਮੇਟੀ ਮੁਲਾਜ਼ਮਾਂ ਨੂੰ ਭਾਜਪਾ ਨੂੰ ਵੋਟ ਪਾਉਣ ਦੇ ਦਿੱਤੇ ਨਿਰਦੇਸ਼

ਅੰਮ੍ਰਿਤਸਰ 31 ਮਾਰਚ (ਜਸਬੀਰ ਸਿੰਘ ਪੱਟੀ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਅਵਤਾਰ ਸਿੰਘ ਮੱਕੜ ਅੱਜ ਉਸ ਵੇਲੇ ਨਵੀਂ ਕੁੜਿੱਕੀ ਵਿੱਚ ਫਸ ਗਏ, ਜਦੋਂ ਉਹਨਾਂ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜਮਾਂ ਨੂੰ ਸੰਬੋਧਨ ਕਰਦਿਆਂ ਸਮੂਹ ਮੁਲਾਜਮਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਆਪਣੀਆਂ ਵੋਟਾਂ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਭਾਈਵਾਲ ਪਾਰਟੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਰੁਣ ਜੇਤਲੀ ਨੂੰ ਪਾਉਣ ਅਤੇ ਨਾਲ ਹੀ ਉਹਨਾਂ ਮੁਅੱਤਲ ਸ਼ੁਦਾ ਮੁਲਾਜਮਾਂ ਨੂੰ ਬਹਾਲ ਕਰਨ ਤੇ ਜਿਹਨਾਂ ਨੂੰ ਜੁਰਮਾਨੇ ਕੀਤੇ ਗਏ ਹਨ, ਉਹਨਾਂ ਦੇ ਜੁਰਮਾਨੇ ਮੁਆਫ ਕਰਨ ਦਾ ਵੀ ਐਲਾਨ ਕਰ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰ. ਅਵਤਾਰ ਸਿੰਘ ਮੱਕੜ ਨੇ ਅੱਜ ਸ੍ਰੋਮਣੀ ਕਮੇਟੀ ਮੁਲਾਜਮਾਂ ਦੀ ਕਲੌਨੀ ਵਿੱਚ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਨੇ ਮੁਲਾਜਮਾਂ ਨੂੰ ਸੰਬੋਧਨ ਕਰਦਿਆਂ ਪਹਿਲਾਂ ਤਾਂ ਕਾਂਗਰਸ ਸਰਕਾਰ ਨੂੰ ਸਾਕਾ ਨੀਲਾ ਤਾਰਾ ਨਾਲ ਜੋੜ ਕੇ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਇਆ ਤੇ ਫਿਰ ਮੁਲਜਾਮਾਂ ਨੂੰ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਰਫ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕਰਕੇ ਹੀ ਹੈ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਭਾਜਪਾ ਦੀ ਲੋਕ ਸਭਾ ਚੋਣਾਂ ਵਿੱਚ ਹਮਾਇਤ ਕਰ ਰਹੀ ਹੈ, ਇਸ ਲਈ ਵੋਟਾਂ ਭਾਜਪਾ ਦੇ ਚੋਣ ਨਿਸ਼ਾਨ ਕੰਵਲ ਦੇ ਫੁੱਲ 'ਤੇ ਪਾ ਕੇ ਭਾਜਪਾ ਉਮੀਦਵਾਰ ਅਰੁਣ ਜੇਤਲੀ ਨੂੰ ਕਾਮਯਾਬ ਕੀਤਾ ਜਾਵੇ। ਸ੍ਰ. ਮੱਕੜ ਨੇ ਮੁਲਾਜਮਾਂ ਨੂੰ ਲਾਲਚ ਦਿੰਦਿਆ ਇਹ ਵੀ ਐਲਾਨ ਕੀਤਾ ਕਿ ਜਿਹੜੇ ਮੁਲਾਜ਼ਮ ਮੁਅੱਤਲ ਹਨ, ਉਹਨਾਂ ਨੂੰ ਬਹਾਲ ਕੀਤਾ ਜਾਂਦਾ ਹੈ ਅਤੇ ਜਿਹਨਾਂ ਨੂੰ ਕਿਸੇ ਵੀ ਸਜ਼ਾ ਵੱਜੋਂ ਜੁਰਮਾਨਾ ਕੀਤਾ ਗਿਆ ਹੈ, ਉਸ ਦਾ ਜੁਰਮਾਨਾ ਮੁਆਫ ਕੀਤਾ ਜਾਂਦਾ ਹੈ

ਉਹਨਾਂ ਸਾਰੇ ਮੁਲਾਜਮਾਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਅਕਾਲੀ ਦਲ ਦੀ ਹਮਾਇਤੀ ਪਾਰਟੀ ਭਾਜਪਾ ਦੇ ਉਮੀਦਵਾਰ ਅਰੁਣ ਜੇਤਲੀ ਮੈਦਾਨ ਵਿੱਚ ਉਹਨਾਂ ਨੂੰ ਵੋਟ ਪਾ ਕੇ ਕਾਮਯਾਬ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ੍ਰੀ ਦਿਲਮੇਘ ਸਿੰਘ ਨੇ ਸ੍ਰੀ ਮੱਕੜ ਨੂੰ ਭਰੋਸਾ ਦਿਵਾਇਆ ਕਿ ਸਾਰੇ ਮੁਲਾਜਮ ਅਰੁਣ ਜੇਤਲੀ ਵੋਟਾਂ ਪਾਉਣਗੇ ਅਤੇ ਉਹਨਾਂ ਦੁਆਰਾ ਕੀਤੇ ਗਏ ਹੁਕਮਾਂ ਤੇ ਫੁੱਲ ਚੜਾਉਣਗੇ। ਮੁਲਾਜਮਾਂ ਦੀ ਸੇਵਾ ਪਾਣੀ ਲਈ ਪਹਿਲਾਂ ਸ੍ਰੀ ਗੁਰੂ ਰਾਮਦਾਸ ਦੇ ਲੰਗਰ ਵਿੱਚੋਂ ਗਰਮਾ ਗਰਮ ਪਕੌੜੇ, ਚਾਹ ਦੇ ਲੰਗਰ ਪਹੁੰਚਾਅ ਦਿੱਤਾ ਗਿਆ ਸੀ ਜਿਸ ਦਾ ਮੁਲਾਜਮਾਂ ਨੇ ਖੂਬ ਅਨੰਦ ਮਾਣਿਆ।

ਦੂਸਰੇ ਪਾਸੇ ਕਾਂਗਰਸ ਦੇ ਆਗੂ ਐਡਵੋਕੇਟ ਅਮਨ ਪਰਾਸ਼ਰ ਨੇ ਕਿਹਾ ਕਿ ਇਹ ਸ਼ਰੇਆਮ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਹੈ ਅਤੇ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ਸ਼੍ਰੋਮਣੀ ਕਮੇਟੀ ਜੋ ਸਾਰੇ ਸਿੱਖਾਂ ਦੀ ਨੁੰਮਾਇੰਦਗੀ ਕਰਨ ਦਾ ਦਾਅਵਾ ਕਰਦੀ ਹੈ ਅਤੇ ਪਾਰਲੀਮੈਂਟ ਵਿੱਚ ਤਿਆਰ ਕੀਤੇ ਗਏ ਐਕਟ ਤਹਿਤ ਕੰਮ ਕਰਦੀ ਹੈ, ਜਿਸ ਦੀ ਨਿਯਮਾਂ ਮੁਤਾਬਕ ਚੋਣ ਹੁੰਦੀ ਹੈ ਅਤੇ ਲੋਕਤਾਂਤਰਿਕ ਤਰੀਕੇ ਨਾਲ ਇਸ ਦਾ ਪ੍ਰਬੰਧ ਚਲਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਦਾ ਮੁੱਖੀ ਮੱਕੜ ਇਸ ਤਰ੍ਹਾਂ ਆਪਣੇ ਮੁਲਾਜਮਾਂ ਨੂੰ ਇੱਕ ਵਿਸ਼ੇਸ਼ ਵਿਅਕਤੀ ਨੂੰ ਵੋਟਾਂ ਪਾਉਣ ਦੇ ਆਦੇਸ਼ ਨਹੀਂ ਦੇ ਸਕਦਾ। ਉਹਨਾਂ ਕਿਹਾ ਕਿ ਲਾਲਚ ਦੇ ਕੇ ਵੋਟ ਮੰਗਣਾ ਵੀ ਨਿਯਮਾਂ ਦੀ ਉਲੰਘਣਾ ਹੈ ਅਤੇ ਮੱਕੜ ਨੇ ਮੁਅੱਤਲ ਮੁਲਾਜ਼ਮ ਬਹਾਲ ਤੇ ਜੁਰਮਾਨੇ ਮੁਆਫ ਕਰਨ ਦਾ ਲਾਲਚ ਦੇ ਕੇ ਜੇਤਲੀ ਲਈ ਵੋਟ ਮੰਗੇ ਹਨ, ਜਿਸ ਦੀ ਰਿਕਾਡਿੰਗ ਉਹਨਾਂ ਕੋਲ ਪੁੱਜ ਗਈ ਹੈ ਅਤੇ ਇਹ ਰਿਕਾਡਿੰਗ ਉਹ ਚੋਣ ਕਮਿਸ਼ਨ ਤੇ ਸੁਪਰੀਮ ਕੋਰਟ ਨੂੰ ਭੇਜ ਰਹੇ ਹਨ।

ਉਹਨਾਂ ਕਿਹਾ ਕਿ ਮੱਕੜ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਜੇਤਲੀ ਦੀ ਪਲੇਠੀ ਅੰਮ੍ਰਿਤਸਰ ਫੇਰੀ ਦੌਰਾਨ ਜਿਸ ਤਰੀਕੇ ਨਾਲ ਚੋਣ ਕਮਿਸ਼ਨ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਸਨ, ਉਸ ਦੀ ਵੀਡੀਉ ਦੇ ਆਧਾਰ 'ਤੇ ਚੋਣ ਕਮਿਸ਼ਨ ਤੇ ਭਾਜਪਾ ਤੇ ਅਕਾਲੀ ਦਲ ਦੇ ਜਿਲ੍ਹਾ ਪਰਧਾਨਾਂ ਨੂੰ 90-90 ਹਜਾਰ ਰੁਪਏ ਜੁਰਮਾਨਾ ਵੀ ਕੀਤਾ ਸੀ ਅਤੇ ਬੱਚ ਹੁਣ ਮੱਕੜ ਵੀ ਨਹੀਂ ਸਕੇਗਾ।

ਮੱਕੜ ਦੀ ਸਪੀਚ ਦੀ ਆਡੀਓ 


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top