Share on Facebook

Main News Page

ਬਾਦਲ ਵੱਲੋਂ ਧਾਰਾ 370 ਦੇ ਸਰਬ-ਪ੍ਰਵਾਨਤ ਹੱਲ ਦੀ ਵਕਾਲਤ

ਤਲਵੰਡੀ ਸਾਬੋ - ਧਾਰਾ 370 ਦੇ ਮੁੱਦੇ ਦੇ ਸਰਬਪ੍ਰਵਾਨਤ ਹੱਲ ਦੀ ਵਕਾਲਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਜਿਹੇ ਮੁੱਦਿਆਂ ‘ਤੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਦੇਸ਼ ਦੀਆਂ ਸਾਰੀਆਂ ਸਿਆਸੀਆਂ ਪਾਰਟੀਆਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਹੈ।

ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਮੁੱਦਿਆਂ ਉੱਪਰ ਕੋਈ ਵੀ ਫੈਸਲਾ ਜਲਦਬਾਜ਼ੀ ਵਿੱਚ ਨਹੀਂ ਲੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਜਿਹੇ ਮਸਲੇ ‘ਤੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਦੇਸ਼ ਦੀ ਸਾਰੀ ਸਿਆਸੀ ਲੀਡਰਸ਼ਿਪ ਨਾਲ ਗੱਲਬਾਤ ਕਰਨੀ ਚਾਹੀਦੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੁਣ ਗਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਮੋਦੀ ਵੱਲੋਂ ਵਿਦੇਸ਼ੀ ਬੈਂਕਾਂ ਵਿੱਚ ਪਿਆ ਕਾਲਾ ਧਨ ਵਾਪਸ ਲਿਆਉਣ ਲਈ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ) ਦੇ ਗਠਨ ਸੰਬੰਧੀ ਕੀਤਾ ਗਿਆ ਪਹਿਲਾ ਫੈਸਲਾ ਹੀ ਇਹ ਸਾਬਿਤ ਕਰਦਾ ਹੈ ਕਿ ਉਹ ਦੇਸ਼ ਦੇ ਮੁੱਦਿਆਂ ਨੂੰ ਸੁਲਝਾਉਣ ਲਈ ਕਿੰਨੇ ਗੰਭੀਰ ਹਨ। ਸੂਬੇ ਵਿੱਚ ਨਸ਼ਿਆਂ ਦੇ ਜਾਲ ਨੂੰ ਤੋੜਨ ਲਈ ਕੇਂਦਰ ਸਰਕਾਰ ਤੋਂ ਪੂਰੀ ਸਹਾਇਤਾ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੋਂ ਪਾਰ ਤੋਂ ਆ ਰਹੇ ਨਸ਼ੇ ਨੂੰ ਰੋਕਣਾ ਸਮੇਂ ਦੀ ਲੋੜ ਹੈ। ਸਰਹੱਦਾਂ ਦੀ ਰਾਖੀ ਕਰਨ ਵਾਲੀ ਸੀਮਾ ਸੁਰੱਖਿਆ ਬਲ ਅਤੇ ਹੋਰ ਏਜੰਸੀਆਂ ਸਿੱਧੇ ਤੌਰ ‘ਤੇ ਕੇਂਦਰ ਸਰਕਾਰ ਦੇ ਕੰਟਰੋਲ ਹੇਠ ਹਨ, ਜਿਸ ਲਈ ਸੂਬਾ ਸਰਕਾਰ ਕੇਂਦਰ ਨੂੰ ਸਰਹੱਦਾਂ ‘ਤੇ ਗਸ਼ਤ ਵਧਾਉਣ ਦੀ ਅਪੀਲ ਕਰੇਗੀ ਤਾਂ ਜੋ ਸਰਹੱਦੋਂ ਪਾਰ ਤੋਂ ਆਉਣ ਵਾਲੀ ਨਸ਼ੇ ਦੀ ਸਪਲਾਈ ਨੂੰ ਠੱਲ੍ਹ ਪਾਈ ਜਾ ਸਕੇ। ਦੇਸ਼ ਦੇ ਸਾਹਮਣੇ ਆ ਰਹੀ ਇਸ ਗੰਭੀਰ ਚੁਣੌਤੀ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ।

ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਮੁੜ ਦਹੁਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਸੰਬੰਧੀ ਆਈ.ਜੀ.ਰੈਂਕ ਦੇ ਇੱਕ ਅਫਸਰ ਤਹਿਤ ਇੱਕ ਸਪੈਸ਼ਲ ਸੈੱਲ ਦਾ ਗਠਨ ਕੀਤਾ ਹੈ, ਜੋ ਨਸ਼ੇ ਦੇ ਤਸਕਰਾਂ ਵਿਰੁੱਧ ਕਾਰਵਾਈ ਕਰੇਗਾ। ਇਹ ਸੈੱਲ ਅਫਸਰਾਂ ਅਤੇ ਸਿਆਸੀ ਆਗੂਆਂ ਦੀ ਇਸ ਘਿਨੌਣੇ ਅਪਰਾਧ ਵਿੱਚ ਕਥਿਤ ਤੌਰ ‘ਤੇ ਸ਼ਮੂਲੀਅਤ ਨੂੰ ਵੀ ਘੋਖੇਗਾ। ਇਸ ਸੈੱਲ ਦੇ ਗਠਨ ਕਰਨ ਦਾ ਇਕੋ-ਇਕ ਮੰਤਵ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ। ਇਸ ਤੋਂ ਪਹਿਲਾਂ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਨਗਰੀ ਦੇ ਵਿਕਾਸ ਲਈ ਪੂਰੀ ਤਰ੍ਹਾਂ ਨਾਲ ਵਚਨਵੱਧ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਇਸ ਸ਼ਹਿਰ ਦੇ ਵਿਕਾਸ ‘ਤੇ 90 ਕਰੋੜ ਰੁਪਏ ਤੋਂ ਵੀ ਜ਼ਿਆਦਾ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ, ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਇਸ ਸ਼ਹਿਰ ਦੇ ਹਰ ਵਾਰਡ ਵਿੱਚ ਸੌ ਫੀਸਦੀ ਪਾਣੀ ਸਪਲਾਈ ਯਕੀਨੀ ਬਣਾਏਗੀ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਨੀਤੀਆਂ ਵਿੱਚ ਵਾਰ-ਵਾਰ ਭਰੋਸਾ ਪ੍ਰਗਟਾਉਣ ਲਈ ਲੋਕਾਂ ਦਾ ਧੰਨਵਾਦ ਕਰਦੇ ਹੋਏ ਬਾਦਲ ਨੇ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਦੇ ਕੇਂਦਰ ਸਰਕਾਰ ਵਿੱਚ ਅਹਿਮ ਵਜ਼ੀਰ ਬਣਨ ਦੇ ਨਾਲ ਸੂਬੇ ਦੇ ਵਿਕਾਸ ਕਾਰਜਾਂ ਨੂੰ ਹੋਰ ਵੀ ਹੁਲਾਰਾ ਮਿਲੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸੰਸਦੀ ਸਕੱਤਰ ਸ੍ਰੀ ਐੱਨ.ਕੇ.ਸ਼ਰਮਾ, ਸਾਬਕਾ ਵਿਧਾਇਕ ਸ੍ਰੀ ਜੀਤਮਹਿੰਦਰ ਸਿੰਘ ਸਿੱਧੂ, ਸੀਨੀਅਰ ਅਕਾਲੀ ਆਗੂ ਸ੍ਰੀ ਅਮਰਜੀਤ ਸਿੰਘ ਸਿੱਧੂ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐੱਸ.ਚੀਮਾ, ਡਾ: ਓਮ ਪ੍ਰਕਾਸ਼ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਹਾਜ਼ਰ ਸਨ।

ਘੱਟ ਵੋਟਾਂ ਲਈ ਦਿੱਤੇ ਨਿਹੋਰੇ

ਲੋਕ ਸਭਾ ਚੋਣਾਂ ਉਪਰੰਤ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਹਲਕੇ ਵਿੱਚ ਕੀਤੇ ਸੰਗਤ ਦਰਸ਼ਨ ਸਮੇਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਸੰਬੰਧੀ ਵਧਾਈ ਦੇਣ ਲਈ ਪਹੁੰਚੇ ਇਲਾਕੇ ਦੇ ਅਕਾਲੀ ਆਗੂਆਂ ਤੇ ਗਰਾਂਟਾਂ ਲੈਣ ਵਾਲੇ ਸਰਪੰਚਾਂ ਨੂੰ ਸ੍ਰ: ਬਾਦਲ ਨੇ ਨਿਹੋਰੇ ਦੇ ਕੇ ਗੁੱਸੇ ਦਾ ਪ੍ਰਗਟਾਵਾ ਕੀਤਾ। ਉਹ ਕਹਿੰਦੇ ਰਹੇ ਕਿ ਬੀਬਾ ਹਰਸਿਮਰਤ ਨੇ ਤਾਂ ਮੇਰੇ ਨਾਲੋਂ ਵੀ ਹਲਕੇ ਦੇ ਵੱਧ ਦੌਰੇ ਕੀਤੇ ਅਤੇ ਸੇਵਾ ਕੀਤੀ, ਪਰ ਤੁਸੀਂ ਵੋਟਾਂ ਪਾਉਣ ਵੇਲੇ ਕੀ ਕੀਤਾ?


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top