Share on Facebook

Main News Page

ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਈ ਖੂਨੀ ਝੜਪ ਦੀ ਜਾਂਚ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਆਦੇਸ਼

ਅੰਮ੍ਰਿਤਸਰ 7 ਜੂਨ (ਜਸਬੀਰ ਸਿੰਘ) ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬੀਤੇ ਕਲ ਸ੍ਰੀ ਅਕਾਲ ਤਖਤ ਸਾਹਿਬ ਤੇ ਵਾਪਰੀ ਮੰਦਭਾਗੀ ਘਟਨਾ ਨੂੰ ਸਿੱਖ ਪੰਥ ਲਈ ਅਫਸੋਸਨਾਕ ਦੱਸਦਿਆ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਅਵਤਾਰ ਸਿੰਘ ਮੱਕੜ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਵਾਪਰੀ ਘਟਨਾ ਦੀ ਜਾਂਚ ਇੱਕ ਸਬ ਕਮੇਟੀ ਬਣਾ ਕੇ ਕਰਵਾਈ ਜਾਵੇ ਅਤੇ ਬਿਨਾਂ ਕਿਸੇ ਦੇਰੀ ਤੋ ਰੀਪੋਰਟ ਅਕਾਲ ਤਖਤ ਸਾਹਿਬ ਨੂੰ ਭੇਜੀ ਜਾਵੇ।

 

ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੇ ਹਰ ਸਾਲ ਦੀ ਤਰ੍ਹਾਂ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਸੀ ਅਤੇ ਪਰੰਪਰਾ ਅਨੁਸਾਰ ਤਖਤ ਸਾਹਿਬ ਤੇ ਜਥੇਦਾਰ ਤੋ ਬਗੈਰ ਕਿਸੇ ਵੀ ਹੋਰ ਵਿਅਕਤੀ ਨੂੰ ਬੋਲਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਉਹਨਾਂ ਕਿਹਾ ਕਿ ਸ਼ਹੀਦੀ ਸਮਾਗਮ ਪੂਰੀ ਤਰ੍ਹਾਂ ਸ਼ਾਤਮਈ ਢੰਗ ਨਾਲ ਨੇਪਰੇ ਚੜ ਗਿਆ ਅਤੇ ਦੇਗ ਵੀ ਵਰਤਾਈ ਗਈ ਸੀ, ਪਰ ਕੁਝ ਸ਼ਰਾਰਤੀ ਅਨਸਰਾਂ ਨੇ ਕਿਸੇ ਸਾਜਿਸ਼ ਤਹਿਤ ਹੁੱਲੜਬਾਜੀ ਕਰਕੇ ਤਖਤ ਸਾਹਿਬ ਦੀ ਮਾਣ ਮਰਿਆਦਾ ਨੂੰ ਠੇਸ ਪਹੁੰਚਾਈ ਤੇ ਪ੍ਰਬੰਧ ਵਿੱਚ ਜੁੱਟੇ ਸ਼੍ਰੋਮਣੀ ਕਮੇਟੀ ਦੇ ਕਰੀਬ ਇੱਕ ਦਰਜਨ ਮੁਲਾਜਮਾਂ ਨੂੰ ਖੂਨੀ ਝੜਪ ਵਿੱਚ ਜਖਮੀ ਕਰ ਦਿੱਤਾ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਕਿਸੇ ਵੀ ਉਸ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਜਿਹੜਾ ਇਸ ਸਾਜਿਸ਼ ਵਿੱਚ ਸ਼ਾਮਲ ਹੋਵੇਗਾ। ਉਹਨਾਂ ਦੱਸਿਆ ਕਿ ਘਟਨਾ ਦੀ ਬਰੀਕੀ ਨਾਲ ਜਾਂਚ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਜਲਦ ਤੋ ਜਲਦ ਰੀਪੋਰਟ ਸੋਪਣ ਦੀ ਹਦਾਇਤ ਸ਼੍ਰੋਮਣੀ ਕਮੇਟੀ ਨੂੰ ਕਰ ਦਿੱਤੀ ਗਈ ਹੈ।

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰ ਪਰਤਾਪ ਸਿੰਘ ਵੱਲੋ ਗੁਰੂ ਸਾਹਿਬ ਦੇ ਅੱਗੇ ਪਈ ਸਿਰੀ ਸਾਹਿਬ ਚੁੱਕ ਕੇ ਲੜਾਈ ਕਰਨ ਦੀਆ ਛੱਪੀਆ ਖਬਰਾਂ ਦਾ ਵੀ ਖੰਡਨ ਕਰਦਿਆ ਉਹਨਾਂ ਕਿਹਾ ਕਿ ਪਰਤਾਪ ਸਿੰਘ ਮੈਨੇਜਰ ਨੇ ਗੁਰੂ ਸਾਹਿਬ ਦੇ ਅੱਗਿਉ ਕੋਈ ਸਿਰੀ ਸਾਹਿਬ ਨਹੀਂ ਚੁੱਕੀ ਸਗੋ ਉਹਨਾਂ ਨੇ ਤਾਂ ਸਿਰਫ ਲੜਾਈ ਨੂੰ ਸ਼ਾਤ ਕਰਨ ਲਈ ਹਮਲਾਵਾਰਾਂ ਤੋ ਹੀ ਕਿਰਪਾਨ ਖੋਹੀ ਸੀ।

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਨੇ ਬੀਤੇ ਕਲ ਸ੍ਰੀ ਅਕਾਲ ਤਖਤ ਸਾਹਿਬ ਤੇ ਕਿਰਪਾਨਾਂ ਚੱਲਣ ਦੀ ਘਟਨਾ ਨੂੰ ਮੰਦਭਾਗੀ ਗਰਦਾਨਦਿਆ ਕਿਹਾ ਕਿ ਉਹ ਆਪਣੇ ਸਮੇਂ ਦੌਰਾਨ ਕਰੀਬ ਦੋ ਦਹਾਕੇ ਤੋ ਵੱਧ ਸਮਾਂ ਸ਼ਹੀਦੀ ਦਿਹਾੜਾ ਮਨਾਉਦੇ ਰਹੇ ਹਨ ਅਤੇ ਸ਼ੁਰੂ ਸ਼ੁਰੂ ਵਿੱਚ ਤਾਂ ਇਸ ਸਮਾਗਮ ਵਿੱਚ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਦਾ ਸਟਾਫ ਹੀ ਸ਼ਾਮਲ ਹੁੰਦਾ ਸੀ। ਉਹਨਾਂ ਕਿਹਾ ਕਿ ਜਦੋਂ 1997 ਵਿੱਚ ਪੰਜਾਬ ਵਿੱਚ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਬਣੀ ਤਾਂ ਉਸ ਵੇਲੇ ਤੋਂ ਹੀ ਸ਼ਹੀਦਾਂ ਦੇ ਪਰਿਵਾਰਾਂ ਤੇ ਹੋਰ ਅਕਾਲੀਆ ਨੇ ਸ਼ਮੂਲੀਅਤ ਕਰਨੀ ਸ਼ੁਰੂ ਕਰ ਦਿੱਤੀ ਸੀ। ਉਹਨਾਂ ਕਿਹਾ ਕਿ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹੀ ਕੌਮ ਦੇ ਨਾਮ ਸੰਦੇਸ਼ ਦਿੰਦਾ ਸੀ ਤੇ ਸਿਰੋਪਾ ਦੇਣ ਦੀ ਕੋਈ ਵੀ ਪਰੰਪਰਾ ਨਹੀਂ ਸੀ। ਉਹਨਾਂ ਕਿਹਾ ਕਿ ਜਦੋਂ ਤੋਂ ਸਿਰੋਪਾ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ ਉਸ ਸਮੇਂ ਤੋ ਹੀ ਘਟਨਾਵਾਂ ਵਾਪਰਨੀਆ ਸ਼ੁਰੂ ਹੋ ਗਈਆ ਹਨ, ਇਸ ਲਈ ਸਿਰੋਪਾ ਦੇਣ ਦੀ ਸ਼ੁਰੂ ਕੀਤੀ ਪਰੰਪਰਾ ਨੂੰ ਮੁੜ ਬੰਦ ਕਰਕੇ ਪਹਿਲਾਂ ਦੀ ਤਰ੍ਹਾਂ ਹੀ ਅਖੰਡ ਪਾਠ ਭੋਗ ਪਾ ਕੇ ਜਥੇਦਾਰ ਦਾ ਸੰਦੇਸ਼ ਹੀ ਪੜਿਆ ਜਾਵੇ। ਉਹਨਾਂ ਕਿਹਾ ਕਿ ਜਿਹੜੇ ਲੋਕਾਂ ਨੇ ਖਾਲਿਸਤਾਨ ਦੇ ਨਾਅਰੇ ਲਗਾ ਕੇ ਸ੍ਰੀ ਦਰਬਾਰ ਸਾਹਿਬ ਦੀ ਪਰੰਪਰਾ ਨੂੰ ਭੰਗ ਕੀਤਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿੱਚ ਕਿਰਪਾਨਾ ਚਲਾ ਕੇ ਗੁਰੂ ਸਾਹਿਬ ਦਾ ਨਿਰਾਦਰ ਕੀਤਾ ਹੈ , ਉਹਨਾਂ ਦੇ ਖਿਲਾਫ ਕਨੂੰਨੀ ਤੇ ਪੰਥਕ ਮਰਿਆਦਾ ਦੇ ਅਨੁਸਾਰ ਕੜ•ੀ ਤੋ ਕੜ•ੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਸਿੱਖ ਸਿਟੀਜਨ ਕੌਸਲ ਦੇ ਪ੍ਰਧਾਨ ਭਾਈ ਬੇਅੰਤ ਸਿੰਘ ਨੇ ਕਿਹਾ ਕਿ ਸ੍ਰ. ਸਿਮਰਨਜੀਤ ਸਿੰਘ ਮਾਨ ਨੂੰ ਖਾਲਿਸਤਾਨ ਦੀ ਕਾਵਾਂਰੌਲੀ ਪਾਉਣ ਦੀ ਬਜਾਏ ਸਿੱਖ ਪੰਥ ਦੇ ਵਿਕਾਸ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਇਸ ਘਟਨਾ ਦੇ ਉਚ ਪੱਧਰੀ ਪੜਤਾਲ ਕਰਵਾਈ ਜਾਵੇ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆ ਨੂੰ ਕੜੀ ਸਜਾ ਦਿੱਤੀ ਜਾਵੇ ਤਾਂ ਕਿ ਭਵਿੱਖ ਵਿੱਚ ਕੋਈ ਹੋਰ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top