Share on Facebook

Main News Page

ਸਿੱਖ ਵਿਦਵਾਨਾਂ ਦੀ ਰਾਇ: ਕਿਰਪਾਨ ’ਤੇ ਰੋਕ ਦਾ ਪ੍ਰਸਤਾਵ ‘ਪੰਥ ਵਿਰੋਧੀ’

ਅੰਮ੍ਰਿਤਸਰ, 25 ਜੂਨ - ਅਕਾਲ ਤਖ਼ਤ ਵਿਖੇ ਤਿੰਨ ਫੁੱਟ ਦੀ ਵੱਡੀ ਕਿਰਪਾਨ ਲੈ ਕੇ ਜਾਣ ’ਤੇ ਰੋਕ ਲਾਉਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਸਤਾਵਿਤ ਯੋਜਨਾ ਦਾ ਸਿੱਖ ਵਿਦਵਾਨਾਂ ਨੇ ਵਿਰੋਧ ਕਰਦਿਆਂ ਇਸਨੂੰ ਪੰਥ ਵਿਰੋਧੀ ਕਾਰਵਾਈ ਕਰਾਰ ਦਿੱਤਾ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਆਖਿਆ ਕਿ ਅਕਾਲ ਤਖ਼ਤ ਵਿਖੇ ਵੱਡੀ ਕਿਰਪਾਨ ਲੈ ਕੇ ਜਾਣ ਉਪਰ ਕੋਈ ਰੋਕ ਨਹੀਂ ਹੈ ਅਤੇ ਨਾ ਹੀ ਅਜਿਹੀ ਕੋਈ ਰੋਕ ਲਾਈ ਜਾਵੇਗੀ।

ਦੱਸਣਯੋਗ ਹੈ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਮੌਕੇ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ਵਿੱਚ ਸ੍ਰੀ ਅਕਾਲ ਤਖ਼ਤ ਵਿਖੇ ਵੱਡੀ ਕਿਰਪਾਨ ਲੈ ਕੇ ਜਾਣ ’ਤੇ ਰੋਕ ਲਾਏ ਜਾਣ ਦੀ ਪ੍ਰਸਤਾਵਿਤ ਯੋਜਨਾ ਸੀ। ਇਸ ਸਬੰਧੀ ਮੀਡੀਆ ਦੇ ਇਕ ਹਿੱਸੇ ਵਿੱਚ ਕੁਝ ਖ਼ਬਰਾਂ ਵੀ ਪ੍ਰਕਾਸ਼ਿਤ ਹੋਈਆਂ ਹਨ ਪ੍ਰੰਤੂ ਅੱਜ ਇਸ ਮਾਮਲੇ ’ਤੇ ਜਥੇਦਾਰ ਅਵਤਾਰ ਸਿੰਘ ਨੇ ਸਪੱਸ਼ਟ ਆਖਿਆ ਹੈ ਕਿ ਅਕਾਲ ਤਖ਼ਤ ਵਿਖੇ ਵੱਡੀ ਕਿਰਪਾਨ ਲੈ ਕੇ ਜਾਣ ’ਤੇ ਕੋਈ ਰੋਕ ਨਹੀਂ ਲਾਈ ਗਈ ਹੈ ਅਤੇ ਨਾ ਹੀ ਲਾਈ ਜਾਵੇਗੀ। ਉਨ੍ਹਾਂ ਆਖਿਆ ਕਿ ਹਰ ਗੁਰਸਿੱਖ ਅਕਾਲ ਤਖ਼ਤ ਵਿਖੇ ਵੱਡੀ ਸ੍ਰੀ ਸਾਹਿਬ ਪਹਿਨ ਕੇ ਜਾ ਸਕਦਾ ਹੈ। ਸ੍ਰੀ ਅਕਾਲ ਤਖ਼ਤ ਸਿੱਖਾਂ ਦਾ ਸਰਵਉੱਚ ਤਖ਼ਤ ਹੈ ਅਤੇ ਉਸਦੀ ਮਾਣ ਮਰਿਆਦਾ ਨੂੰ ਕਾਇਮ ਰੱਖਣਾ ਸ਼੍ਰੋਮਣੀ ਕਮੇਟੀ ਸਮੇਤ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ 6 ਜੂਨ ਦੀ ਘਟਨਾ ਸ਼ਰਮਨਾਕ ਹੈ ਅਤੇ ਭਵਿੱਖ ਵਿੱਚ ਸ੍ਰੀ ਅਕਾਲ ਤਖ਼ਤ ਵਿਖੇ ਨੰਗੀਆਂ ਤਲਵਾਰਾਂ ਲਹਿਰਾਉਣ ਅਤੇ ਹੁੱਲੜਬਾਜ਼ੀ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸ਼ਰਧਾਂਜਲੀ ਦਿਵਸ ਅਤੇ ਸ੍ਰੀ ਅਕਾਲ ਤਖਤ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾ ਸਕੇ।

ਇਸੇ ਮਾਮਲੇ ਬਾਰੇ ਸਿੱਖ ਵਿਦਵਾਨ ਅਸ਼ੋਕ ਸਿੰਘ ਬਾਗੜੀਆ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਵਿਖੇ ਵੱਡੀ ਕਿਰਪਾਨ ਲੈ ਕੇ ਜਾਣ ’ਤੇ ਰੋਕ ਲਾਉਣ ਬਾਰੇ ਸੋਚਣਾ ਵੀ ਜਾਇਜ਼ ਨਹੀਂ ਹੈ। ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਦਾ ਫੈਸਲੇ ਦਾ ਉਨ੍ਹਾਂ ਮੁਲਕਾਂ ਵਿੱਚ ਚੱਲ ਰਹੇ ਕੇਸਾਂ ’ਤੇ ਮਾੜਾ ਅਸਰ ਪਵੇਗਾ, ਜਿਥੇ ਕਿਰਪਾਨ ਲੈ ਕੇ ਜਾਣ ਲਈ ਕਾਨੂੰਨੀ ਲੜਾਈ ਲੜੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਵਿਖੇ ਵੱਡੀ ਕਿਰਪਾਨ ਲੈ ਕੇ ਜਾਣ ’ਤੇ ਰੋਕ ਲਾਉਣਾ ਅਜਿਹੇ ਮਸਲਿਆਂ ਦਾ ਹੱਲ ਨਹੀਂ ਹੈ ਸਗੋਂ ਸ਼੍ਰੋਮਣੀ ਕਮੇਟੀ ਨੂੰ ਅਜਿਹੇ ਕਦਮ ਪੁੱਟਣੇ ਚਾਹੀਦੇ ਹਨ, ਜਿਸ ਨਾਲ ਧਾਰਮਿਕ ਅਸਥਾਨ ਦੀ ਮਾਣ ਮਰਿਆਦਾ ਨੂੰ ਕਾਇਮ ਰੱਖਿਆ ਜਾ ਸਕੇਗਾ। 6 ਜੂਨ ਨੂੰ ਕਿਸੇ ਭਾਸ਼ਣਬਾਜ਼ੀ ਅਤੇ ਨਾਅਰੇਬਾਜ਼ੀ ’ਤੇ ਰੋਕ ਹੋਣੀ ਚਾਹੀਦੀ ਹੈ।

ਸ਼੍ਰੋਮਣੀ ਕਮੇਟੀ ਦੀ ਮੌਜੂਦਾ ਮੈਂਬਰ ਅਤੇ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ ਆਖਿਆ ਕਿ ਸਿਰਫ਼ ਗ਼ੈਰ-ਅੰਮ੍ਰਿਤਧਾਰੀ ਵਿਅਕਤੀਆਂ ਨੂੰ ਕਿਰਪਾਨ ਲੈ ਕੇ ਜਾਣ ਤੋਂ ਰੋਕਿਆ ਜਾਣਾ ਚਾਹੀਦਾ ਹੈ ਜਦਕਿ ਅੰਮ੍ਰਿਤਧਾਰੀ ਵਿਅਕਤੀ ’ਤੇ ਅਜਿਹੀ ਰੋਕ ਨਹੀਂ ਹੋਣੀ ਚਾਹੀਦੀ। ਉਨ੍ਹਾਂ ਆਖਿਆ ਕਿ ਕਿਰਪਾਨ ਨੂੰ ਅੰਮ੍ਰਿਤਧਾਰੀ ਗੁਰਸਿੱਖ ਤੋਂ ਵੱਖ ਨਹੀਂ ਕੀਤਾ ਜਾ ਸਕਦਾ। ਇਹ ਸਿੱਖ ਪਛਾਣ ਦਾ ਹਿੱਸਾ ਹੈ।

ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਜੇਕਰ ਸ਼੍ਰੋਮਣੀ ਕਮੇਟੀਅਕਾਲ ਤਖ਼ਤ ’ਤੇ ਵੱਡੀ ਕਿਰਪਾਨ ਲੈ ਕੇ ਜਾਣ ’ਤੇ ਕੋਈ ਰੋਕ ਲਾਉਂਦੀ ਹੈ ਤਾਂ ਇਹ ਫੈਸਲਾ ਪੰਥ ਵਿਰੋਧੀ ਹੋਵੇਗਾ। ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਖਿਆ ਕਿ ਅਜਿਹੀ ਰੋਕ ਸਿੱਖ ਅਤੇ ਪੰਥ ਵਿਰੋਧੀ ਹੋਵੇਗੀ। ਸ਼੍ਰੋਮਣੀ ਕਮੇਟੀ ਨੂੰ ਅਜਿਹੇ ਬਿਆਨ ਬਾਰੇ ਸਿੱਖ ਕੌਮ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਜੇਕਰ ਅਜਿਹੀ ਕੋਈ ਰੋਕ ਲੱਗਦੀ ਹੈ ਤਾਂ ਇਹ ਸਿੱਖ ਆਜ਼ਾਦੀ ’ਤੇ ਖੁਦ ਹੀ ਵਾਰ ਕਰਨ ਵਾਲੀ ਗੱਲ ਹੋਵੇਗੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top