Share on Facebook

Main News Page

ਵੱਖਰੀ ਹਰਿਆਣਾ ਕਮੇਟੀ ਨੂੰ ਰੋਕਣ ਲਈ ਅਕਾਲੀ ਦਲ ਦੀ ਟੇਕ ਕੇਂਦਰ ਅਤੇ ਅਕਾਲ ਤਖ਼ਤ ‘ਤੇ

ਚੰਡੀਗੜ੍ਹ, 4 ਜੁਲਾਈ - ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਦੀ ਵੱਖਰੀ ਸ਼੍ਰੋਮਣੀ ਕਮੇਟੀ ਦੇ ਮਾਮਲੇ ‘ਤੇ ਰਾਜਸੀ ਰਣਨੀਤੀ ਦਾ ਐਲਾਨ ਤਾਂ ਨਹੀਂ ਕੀਤਾ ਪਰ ਕੇਂਦਰ ਸਰਕਾਰ ਅਤੇ ਅਕਾਲ ਤਖ਼ਤ ਦੇ ਸਹਾਰੇ ਇਸ ਮੁਹਿੰਮ ਨੂੰ ਖੁੰਢਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਨਵੀਂ ਦਿੱਲੀ ‘ਚ ਇਸ ਮਾਮਲੇ ‘ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਕੇਂਦਰ ਦੇ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਾਂਗਰਸ ‘ਤੇ ਸਿੱਖਾਂ ਦੇ ਅੰਦਰੂਨੀ ਮਾਮਲਿਆਂ ‘ਚ ਦਖ਼ਲ ਦੇਣ ਦਾ ਦੋਸ਼ ਲਾਇਆ ਅਤੇ ਰਾਜਨਾਥ ਸਿੰਘ ਤੋਂ ਇਸ ਖ਼ਿਲਾਫ਼ ਸਹਿਯੋਗ ਮੰਗਿਆ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦਾਅਵਾ ਕੀਤਾ ਕਿ ਵੱਖਰੀ ਕਮੇਟੀ ਦੀ ਕੋਈ ਮੰਗ ਨਹੀਂ ਹੈ ਸਗੋਂ ਇਹ ਸਿਰਫ਼ ਕਾਂਗਰਸ ਵੱਲੋਂ ਹੀ ਖੜ੍ਹਾ ਕੀਤਾ ਗਿਆ ਮੁੱਦਾ ਹੈ।

ਇਸੇ ਦੌਰਾਨ ਪਾਰਟੀ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਇਸ ਮੁੱਦੇ ‘ਤੇ ਰਾਜਸੀ ਰਣਨੀਤੀ 6 ਜੁਲਾਈ ਤੋਂ ਬਾਅਦ ਹੀ ਬਣਾਈ ਜਾਵੇਗੀ। ਇਸ ਮੁੱਦੇ ਨੂੰ ਪਾਰਟੀ ਵੱਲੋਂ ਹਾਲ ਦੀ ਘੜੀ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ‘ਤੇ ਹੀ ਛੱਡਿਆ ਗਿਆ ਹੈ। ਸ੍ਰੀ ਸੁਖਬੀਰ ਸਿੰਘ ਬਾਦਲ ਜੋ ਵਿਦੇਸ਼ ਵਿੱਚ ‘ਛੁੱਟੀਆਂ ਮਨਾਉਣ’ ਤੋਂ ਬਾਅਦ ਵਾਪਸ ਪਰਤ ਆਏ ਹਨ, ਨੇ ਪਾਰਟੀ ਦੇ ਹੋਰਨਾਂ ਸੀਨੀਅਰ ਆਗੂਆਂ ਨਾਲ ਗੈਰ ਰਸਮੀ ਵਿਚਾਰ ਵਟਾਂਦਰਾ ਤਾਂ ਕੀਤਾ ਹੈ ਪਰ ਰਸਮੀ ਤੌਰ ‘ਤੇ ਕਾਂਗਰਸ ਜਾਂ ਹਰਿਆਣਾ ਦੇ ਸਿੱਖਾਂ ਦੀ ਮੰਗ ਵਿਰੁਧ ਕੋਈ ਫਰੰਟ ਨਹੀਂ ਖੋਲਿ੍ਹਆ।

ਪਾਰਟੀ ਹਲਕਿਆਂ ਦਾ ਇਹ ਵੀ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਮਾਮਲਾ ਅਕਾਲ ਤਖ਼ਤ ਅਤੇ ਕੇਂਦਰ ਸਰਕਾਰ ਦੇ ਦਖ਼ਲ ਨਾਲ ਹੱਲ ਹੋ ਜਾਣ ਦੀ ਉਮੀਦ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਸੀ ਮਸਲੇ ਪਾਰਟੀ ਦੀ ਕੋਰ ਕਮੇਟੀ ‘ਚ ਵਿਚਾਰੇ ਜਾਂਦੇ ਹਨ। ਪਾਰਟੀ ਵੱਲੋਂ ਅਜੇ ਤੱਕ ਕੋਰ ਕਮੇਟੀ ਦੀ ਮੀਟਿੰਗ ਨਹੀਂ ਬੁਲਾਈ ਗਈ। ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਵੱਖਰੀ ਕਮੇਟੀ ਦਾ ਮਾਮਲਾ ਬੇਸ਼ੱਕ ਗੰਭੀਰ ਮੁੱਦਾ ਹੈ ਪਰ ਪਾਰਟੀ ਕਾਹਲੀ ‘ਚ ਕੋਈ ਵੀ ਫ਼ੈਸਲਾ ਨਹੀਂ ਲਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 6 ਜੁਲਾਈ ਨੂੰ ਹੋਣ ਵਾਲੇ ਐਲਾਨ ਦੇ ਇੰਤਜ਼ਾਰ ‘ਚ ਹੈ। ਉਸ ਤੋਂ ਬਾਅਦ ਹੀ ਅਗਲੀ ਰਣਨੀਤੀ ਐਲਾਨੀ ਜਾਵੇਗੀ।

ਡਾਕਟਰ ਚੀਮਾ ਨੇ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਕਮੇਟੀ ਬਣਾ ਕੇ ਇਸ ਮਾਮਲੇ ਨੂੰ ਹੱਲ ਕਰਨ ਦੀਆਂ ਕੋਸ਼ਿਸ਼ਾਂ ‘ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਹੱਲ ਨਹੀਂ ਨਿਕਲਦਾ ਤਾਂ ਰਾਜਸੀ ਰਣਨੀਤੀ ਐਲਾਨੀ ਜਾਵੇਗੀ। ਪਾਰਟੀ ਹਲਕਿਆਂ ਦਾ ਇਹ ਵੀ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਸ ਮੁੱਦੇ ‘ਤੇ ਇਸ ਵਾਰ ਸੰਭਲ ਕੇ ਫ਼ੈਸਲੇ ਲੈਣ ਦੇ ਰੌਂਅ ‘ਚ ਹੈ ਕਿਉਂਕਿ ਕੁਝ ਮਹੀਨਿਆਂ ਤੱਕ ਹਰਿਆਣਾ ‘ਚ ਵਿਧਾਨ ਸਭਾ ਦੀਆਂ ਚੋਣਾਂ ਹੋਣ ਵਾਲੀਆਂ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਦਾ ਇੰਡੀਅਨ ਨੈਸ਼ਨਲ ਲੋਕ ਦਲ ਨਾਲ ਗਠਜੋੜ ਸੀ। ਕੇਂਦਰ ‘ਚ ਵੀ ਸੱਤਾ ਤਬਦੀਲ ਹੋ ਚੁੱਕੀ ਹੈ ਇਸ ਲਈ ਅਕਾਲੀ ਦਲ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਵੀ ਰਾਹਤ ਮਿਲਣ ਦੀ ਉਮੀਦ ਹੈ। ਅਕਾਲੀ ਦਲ ਵੱਲੋਂ ਕਾਂਗਰਸ ਤੇ ਹਰਿਆਣਾ ਦੇ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਵਿਰੁਧ ਤਾਂ ਭੜਾਸ ਕੱਢੀ ਜਾ ਰਹੀ ਹੈ ਪਰ ਕਾਨੂੰਨੀ ਤੌਰ ‘ਤੇ ਕੋਈ ਚਾਰਾਜੋਈ ਨਹੀਂ ਕਰ ਰਿਹਾ।

ਹਰਿਆਣੇ ਦੀ ਵਖਰੀ ਗੁਰਦਵਾਰਾ ਕਮੇਟੀ ਨੇ ਅਕਾਲੀਆਂ ਦੇ ਸਾਹ ਸੂਤੇ

ਨਵੀਂ ਦਿੱਲੀ, 4 ਜੁਲਾਈ (ਸੁਖਰਾਜ ਸਿੰਘ/ਅਮਨਦੀਪ ਸਿੰਘ): ਹਰਿਆਣੇ ਦੀ ਵਖਰੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਅਕਾਲੀਆਂ ਨੂੰ ਹੱਥਾਂ-ਪੈਰਾਂ ਦੀ ਪਈ ਹੋਈ ਹੈ। ਜਿਸ ਦਿਨ ਤੋਂ ਹਰਿਆਣਾ ਦੇ ਮੁੱਖ ਮੰਤਰੀ ਚੌ. ਭੂਪਿੰਦਰ ਸਿੰਘ ਹੁੱਡਾ ਨੇ, ਵਖਰੀ ਕਮੇਟੀ ਦੇ ਨੁਮਾਇੰਦਿਆਂ ਜਗਦੀਸ਼ ਸਿੰਘ ਝੀਂਡਾ, ਦੀਦਾਰ ਸਿੰਘ ਨਲਵੀ ਅਤੇ ਹੋਰਾਂ ਨੂੰ ਕਮੇਟੀ ਬਣਾਉਣ ਦਾ ਭਰੋਸਾ ਦਿਤਾ ਹੈ, ਉਸ ਦਿਨ ਤੋਂ ਹੀ ਕਮੇਟੀ ਨੂੰ ਹੋਂਦ ਵਿਚ ਆਉਣ ਤੋਂ ਰੋਕਣ ਲਈ ਅਕਾਲੀ ਦਲ ਨੇ ਪੂਰੀ ਵਾਹ ਲਾ ਦਿਤੀ ਹੈ। ਇਸ ਮਕਸਦ ਲਈ ਭਾਵੇਂ ਅਕਾਲੀ ਦਲ ਨੇ ਅਪਣੇ ਆਖ਼ਰੀ ਹਥਿਆਰ ਵਜੋਂ ਅਕਾਲ ਤਖ਼ਤ ਦੇ 'ਜਥੇਦਾਰ' ਨੂੰ ਵੀ ਵਰਤਿਆ ਪਰ ਵਖਰੀ ਕਮੇਟੀ ਦੇ ਨੁਮਾਇੰਦੇ ਉੁਨ੍ਹਾਂ ਦੀਆਂ ਚਾਲਾਂ ਵਿਚ ਨਹੀਂ ਆਏ। 

ਹੁਣ ਅਕਾਲ ਤਖ਼ਤ ਦੇ ਮੁੱਖ ਸੇਵਾਦਾਰ ਗਿ: ਗੁਰਬਚਨ ਸਿੰਘ ਨੇ 10 ਮੈਂਬਰੀ ਕਮੇਟੀ ਬਣਾ ਕੇ ਵਖਰੀ ਕਮੇਟੀ ਦੇ ਆਗੂਆਂ ਨੂੰ ਮਿੱਠੀ ਗੋਲੀ ਦੇਣ ਦੀ ਕੋਸ਼ਿਸ਼ ਕੀਤੀ ਹੈ ਪਰ ਉਹ ਅਜੇ ਅਪਣੀ ਇਸ ਕੋਸ਼ਿਸ਼ ਵਿਚ ਕਾਮਯਾਬ ਨਹੀਂ ਹੋਏ। ਵਖਰੀ ਕਮੇਟੀ ਨੂੰ ਲੈ ਕੇ ਅਕਾਲੀਆਂ ਦੀ ਕਿਵੇਂ ਨੀਂਦ ਹਰਾਮ ਹੋਈ ਪਈ ਹੈ, ਇਸ ਦੀ ਮਿਸਾਲ ਪਿਛਲੇ ਦਿਨੀਂ ਉਦੋਂ ਮਿਲੀ ਸੀ ਜਦੋਂ ਹੁੱਡਾ ਦੇ ਬਿਆਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਕੇਂਦਰੀ ਮੰਤਰੀਆਂ ਨੂੰ ਮਿਲੇ ਸਨ। 

ਕੈਥਲ ਵਿਚ ਹਰਿਆਣਾ ਦੇ ਮੁੱਖ ਮੰਤਰੀ ਚੌ. ਭੂਪਿੰਦਰ ਸਿੰਘ ਹੁੱਡਾ ਵਲੋਂ ਵਖਰੀ ਕਮੇਟੀ ਦੇ ਕੀਤੇ ਜਾਣ ਵਾਲੇ ਸੰਭਾਵੀ ਐਲਾਨ ਨੂੰ ਰੋਕਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰ ਕੇ ਹੁੱਡਾ ਸਰਕਾਰ ਦੀ ਕੋਝੀ ਕੋਸ਼ਿਸ਼ ਬਾਰੇ ਜਾਣਕਾਰੀ ਦਿਤੀ। ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਿੱਖਾਂ ਦੇ ਧਾਰਮਕ ਮਾਮਲਿਆਂ ਵਿਚ ਦਖ਼ਲ ਦੇ ਕੇ ਸਿੱਖ ਕੌਮ ਨੂੰ ਪਾੜਨ ਦੀ ਕੋਸ਼ਿਸ਼ ਕਰ ਰਹੀ ਹੈ। ਸ. ਬਾਦਲ ਨੇ ਸ੍ਰੀ ਰਾਜਨਾਥ ਸਿੰਘ ਨੂੰ ਕਿਹਾ ਕਿ ਕਾਂਗਰਸ ਵਲੋਂ ਸ਼ੁਰੂ ਤੋਂ ਹੀ ਸਿੱਖ ਕੌਮ ਨੂੰ ਵੰਡ ਕੇ ਰਾਜ ਕਰਨ ਦੀ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਹੁਣ ਫਿਰ ਜਦ ਉਹ ਲੋਕ ਸਭਾ ਚੋਣਾਂ ਪਿੱਛੋਂ ਖ਼ਾਤਮੇ ਦੀ ਕਗਾਰ 'ਤੇ ਹੈ ਤਾਂ ਸਿੱਖਾਂ ਦੀਆਂ ਭਾਵਨਾਵਾਂ 'ਤੇ ਸਿਆਸਤ ਖੇਡ ਕੇ ਅਪਣੀ ਹੋਂਦ ਨੂੰ ਬਚਾਉਣ  ਦਾ ਯਤਨ ਕਰਜ ਰਹੀ ਹੈ। 

ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਜੋ ਕੁੱਝ ਵੀ ਹੋ ਰਿਹਾ ਹੈ, ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਇਸ਼ਾਰੇ 'ਤੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਕਾਂਗਰਸ ਵਲੋਂ ਸਿੱਖ ਕੌਮ ਦੇ ਮਸਲਿਆਂ ਵਿਚ ਬੇਲੋੜਾ ਦਖ਼ਲ ਦਿਤਾ ਜਾ ਰਿਹਾ ਹੈ, ਉਸ ਨਾਲ ਵਿਸ਼ਵ ਭਰ ਵਿਚ ਵਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਕੇਂਦਰ ਸਰਕਾਰ ਸਿੱਖਾਂ ਨੂੰ ਅਪਣੇ ਧਾਰਮਕ ਫ਼ੈਸਲੇ ਖ਼ੁਦ ਲੈਣ ਦੇਣਾ ਯਕੀਨੀ ਬਣਾਏਗੀ। 

ਸ. ਬਾਦਲ ਨੇ ਕਿਹਾ ਕਿ ਸਿੱਖ ਕੌਮ ਵਲੋਂ ਅਥਾਹ ਕੁਰਬਾਨੀਆਂ ਦੇ ਕੇ ਹਾਸਲ ਕੀਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਸਿੱਖ ਕੌਮ ਦੇ ਗੁਰਧਾਮਾਂ ਦੀ ਸਾਂਭ-ਸੰਭਾਲ ਲਈ ਸਰਬ ਪ੍ਰਵਾਨਤ ਸੰਸਥਾ ਹੈ। ਉਨ੍ਹਾਂ ਕਿਹਾ ਕਿ ਜਿਥੋਂ ਤਕ  ਹਰਿਆਣਾ ਸਥਿਤ ਗੁਰਦਵਾਰਿਆਂ ਦੇ ਪ੍ਰਬੰਧ ਦਾ ਸਵਾਲ ਹੈ, ਉਹ ਬਹੁਤ ਸ਼ਾਨਦਾਰ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ ਤੇ ਉਥੇ ਕਮੇਟੀ ਵਲੋਂ ਅਨੇਕਾਂ ਵਿਦਿਅਕ ਤੇ ਸਿਹਤ ਸੰਸਥਾਵਾਂ ਵੀ ਚਲਾਈਆਂ ਜਾ ਰਹੀਆਂ ਹਨ। 

ਇਸ ਮੌਕੇ ਰਾਜਨਾਥ ਸਿੰਘ ਨੇ ਉਪ ਮੁੱਖ ਮੰਤਰੀ ਨੂੰ ਯਕੀਨ ਦਿਵਾਇਆ ਕਿ ਕੇਂਦਰ ਸਰਕਾਰ ਸਿੱਖ ਕੌਮ ਦੇ ਹਿਤਾਂ ਦੀ ਪੂਰੀ ਸੁਹਿਰਦਤਾ ਨਾਲ ਰਾਖੀ ਕਰੇਗੀ।  


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top