Share on Facebook

Main News Page

ਨਲਵੀ ਨੇ ਹਰਿਆਣਾ ਦੇ ਗੁਰਦੁਆਰਿਆਂ ਵਿੱਚ ਟਾਸਕ ਫੋਰਸ ਭੇਜਣ ਦੀ ਕੀਤੀ ਨਿਖੇਧੀ, ਕਿਹਾ ਗੁਰਦੁਆਰੇ ਆਜ਼ਾਦ ਕਰਵਾਉਣ ਲਈ ਸ਼ਾਂਤੀ ਮਾਰਚ ਕੀਤੇ ਜਾਣਗੇ

ਕੁਰੂਕਸ਼ੇਤਰ (19 ਜੁਲਾਈ 2014): ਹਰਿਆਣਾ ਦੇ ਗੁਰਦੁਆਰਿਆਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਟਾਸਕ ਫੋਰਸ ਭੇਜਣ ਦੀ ਨਿਖੇਧੀ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਜਨਰਲ ਸਕੱਤਰ ਦੀਦਾਰ ਸਿੰਘ ਨਲਵੀ ਨੇ ਕਿਹਾ ਕਿ ਹਰਿਆਣਾ ‘ਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਨੂੰਨ ਬਣਨ ਅਤੇ ਉਸ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦਾ ਹਰਿਆਣਾ ਦੇ ਗੁਰਦੁਆਰਿਆਂ ਤੋਂ ਕੰਟਰੋਲ ਖੁਦ-ਬ-ਖੁਦ ਖ਼ਤਮ ਹੋ ਗਿਆ ਹੈ।

ਉਹ ਅੱਜ ਡੇਰਾ ਬਾਬਾ ਚਰਨ ਸਿੰਘ (ਕਾਰ ਸੇਵਾ) ‘ਚ ਸਿੱਖ ਸੰਗਤ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ‘ਚ ਸ਼੍ਰੋਮਣੀ ਕਮੇਟੀ ਨੇ ਨਾਜਾਇਜ਼ ਤੌਰ ‘ਤੇ ਟਾਸਕ ਫੋਰਸ ਤੈਨਾਤ ਕਰ ਰੱਖੀ ਹੈ ਜਿਸ ਦੀ ਉਹ ਨਿਖੇਧੀ ਕਰਦੇ ਹਨ। ਇਸ ਤੋਂ ਆਪਸੀ ਭਾਈਚਾਰਾ ਖ਼ਰਾਬ ਹੋ ਰਿਹਾ ਹੈ ਅਤੇ ਸ਼ਾਂਤੀ ਭੰਗ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਅਮਨ ਅਤੇ ਸ਼ਾਂਤੀ ਦੇ ਹੱਕ ‘ਚ ਹਨ ਅਤੇ ਕੋਈ ਵੀ ਕੰਮ ਕਾਨੂੰਨ ਤੋਂ ਬਾਹਰ ਨਹੀਂ ਕਰਨਗੇ।

ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਗੁਰਦੁਆਰਿਆਂ ਨੂੰ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੋਂ ਮੁਕਤ ਕਰਵਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ‘ਚ ਸ਼ਾਂਤੀ ਮਾਰਚ ਕੱਢਣ ਦਾ ਫੈਸਲਾ ਲਿਆ ਗਿਆ ਹੈ। ਇਸੇ ਲੜੀ ‘ਚ ਐਤਵਾਰ 20 ਜੁਲਾਈ ਨੂੰ ਅੰਬਾਲਾ ‘ਚ ਹਰਿਆਣਾ ਸੂਬੇ ਦੇ ਹਜ਼ਾਰਾਂ ਸਿੱਖ ਇਕੱਠੇ ਹੋ ਕੇ ਸ਼ਾਂਤੀ ਮਾਰਚ ਕੱਢਣਗੇ। ਇਹ ਸ਼ਾਂਤੀ ਮਾਰਚ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਜਾਵੇਗਾ ਜਿੱਥੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਜਾਵੇਗੀ ਕਿ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ‘ਚ ਦਾਖਲ ਹੋਏ ਅਤੇ ਪੰਜਾਬ ਤੋਂ ਆਏ ਸਿੱਖਾਂ ਨੂੰ ਫੌਰੀ ਬਾਹਰ ਕੱਢਿਆ ਜਾਵੇ।

ਉਨ੍ਹਾਂ ਦੱਸਿਆ ਕਿ ਸੋਮਵਾਰ 21 ਜੁਲਾਈ ਨੂੰ ਫਤਿਹਾਬਾਦ, 22 ਜੁਲਾਈ ਨੂੰ ਕਰਨਾਲ ਅਤੇ 23 ਜੁਲਾਈ ਨੂੰ ਕੁਰੂਕਸ਼ੇਤਰ ‘ਚ ਵੀ ਅਜਿਹਾ ਸ਼ਾਂਤੀ ਮਾਰਚ ਕੱਢਿਆ ਜਾਵੇਗਾ। ਜੇਕਰ ਇਸ ਤੋਂ ਬਾਅਦ ਵੀ ਹਾਲਾਤ ਕੰਟਰੋਲ ‘ਚ ਨਾ ਆਏ ਤਾਂ ਸਾਰੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਅਜਿਹੇ ਹੀ ਸ਼ਾਂਤੀ ਮਰਚ ਕੱਢੇ ਜਾਣਗੇ।

ਉਨ੍ਹਾਂ ਦੱਸਿਆ ਕਿ ਛੇਤੀ ਹੀ ਹਰਿਆਣਾ ‘ਚ ਸਰਕਾਰ ਵੱਲੋਂ ਨਵੀਂ ਐਡਹਾਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਜਿਹੜੀ ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਸਬੰਧੀ ਫੈਸਲਾ ਲਵੇਗੀ। ਇਕ ਸਵਾਲ ਦੇ ਜਵਾਬ ‘ਚ ਨਲਵੀ ਨੇ ਕਿਹਾ ਕਿ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ‘ਚ ਲੱਗੇ ਹੋਏ ਮੌਜੂਦਾ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਨਿਯੁਕਤੀ ਦਾ ਫੈਸਲਾ ਵੀ ਨਵੀਂ ਗਠਿਤ ਐਡਹਾਕ ਕਮੇਟੀ ਕਰੇਗੀ।

ਇਸ ਮੌਕੇ ‘ਤੇ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਅਸੰਧ, ਹਰਪਾਲ ਸਿੰਘ ਮਛੌਂਡਾ ਅਤੇ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਬਾਬਾ ਬਲਜੀਤ ਸਿੰਘ ਦਾਦੂਵਾਲ, ਜੋਗਾ ਸਿੰਘ ਯਮੁਨਾਨਗਰ, ਅਵਤਾਰ ਸਿੰਘ ਚੱਕੂ, ਕਰਨੈਲ ਸਿੰਘ ਨਿਮਨਾਬਾਦ, ਜਗਦੇਵ ਸਿੰਘ ਮਟਦਾਦੂ, ਸਵਰਨ ਸਿੰਘ ਰਤੀਆ, ਮਾ. ਸੰਪੂਰਨ ਸਿੰਘ, ਮਨਜੀਤ ਸਿੰਘ ਡਾਚਰ, ਹਰਮਨਪ੍ਰੀਤ ਸਿੰਘ ਅਤੇ ਅਪਾਰ ਸਿੰਘ ਸਮੇਤ ਵੱਡੀ ਗਿਣਤੀ ‘ਚ ਕਮੇਟੀ ਨਾਲ ਜੁੜੇ ਮੈਂਬਰ ਮੌਜੂਦ ਰਹੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top