Share on Facebook

Main News Page

ਅਕਾਲ ਤਖ਼ਤ ਦੇ ਹੁਕਮਾਂ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਇਸ਼ਤਿਹਾਰ ਵਿਦਵਾਨਾਂ ਵੱਲੋਂ ਅਕਾਲ ਤਖ਼ਤ ਦੀ ਮਾਣ ਮਰਿਆਦਾ ਅਤੇ ਸ਼੍ਰੋਮਣੀ ਕਮੇਟੀ ਦੇ ਵੱਕਾਰ ਨੂੰ ਖੋਰਾ ਕਰਾਰ

- 1994 ਵਿੱਚ ਜਾਰੀ ਆਦੇਸ਼ ਨੂੰ ਵੀ ਬਾਦਲ ਨੇ ਦਰਕਿਨਾਰ ਕਰ ਦਿੱਤਾ
- 31 ਦਸੰਬਰ1998 ਨੂੰ ਜਾਰੀ ਕੀਤੇ ਹੁਕਮ ਨੂੰ ਵੀ ਨਹੀਂ ਸੀ ਮੰਨਿਆ
- ਸਾਲ 1978 ਵਿਚ ਨਿਰੰਕਾਰੀਆਂ ਖਿਲਾਫ ਅਤੇ ਸਾਲ 2007 ਵਿੱਚ ਸੌਦਾ ਸਾਧ ਖਿਲਾਫ ਜਾਰੀ ਹੁਕਮਨਾਮੇ 'ਤੇ ਵੀ ਅਮਲ ਨਹੀਂ ਕੀਤਾ

ਅੰਮ੍ਰਿਤਸਰ, 30 ਜੁਲਾਈ - ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਨੂੰ ਮਨਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤੇ ਗਏ ਇਸ਼ਤਿਹਾਰ ਨੇ ਸਿੱਖ ਜਗਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਬਾਰੇ ਸਿੱਖ ਵਿਦਵਾਨਾਂ ਦਾ ਮਤ ਹੈ ਕਿ ਇਸ ਨਾਲ ਅਕਾਲ ਤਖ਼ਤ ਦੀ ਮਾਣ ਮਰਿਆਦਾ ਅਤੇ ਸ਼੍ਰੋਮਣੀ ਕਮੇਟੀ ਦੇ ਵੱਕਾਰ ਨੂੰ ਢਾਹ ਲੱਗੀ ਹੈ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੁਝ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤਾ ਗਿਆ ਹੈ, ਜਿਸ ਦੀ ਸ਼ਬਦਾਵਲੀ ਸਿੱਧੇ ਅਸਿੱਧੇ ਤੌਰ ‘ਤੇ ਸਿੱਖਾਂ ਨੂੰ ਅਕਾਲ ਤਖ਼ਤ ਦੇ ਹੁਕਮ ਨੂੰ ਮੰਨਣ ਲਈ ਤਰਲਾ ਮਿੰਨਤ ਕਰਨ ਵਾਲੀ ਹੈ। ਇਸ ਵਿੱਚ ਸ੍ਰੀ ਅਕਾਲ ਤਖ਼ਤ ਦੀ ਸਰਵਉਚਤਾ ਨੂੰ ਕਾਇਮ ਰੱਖਣ ਦਾ ਹਵਾਲਾ ਦਿੰਦਿਆਂ ਅਕਾਲ ਤਖ਼ਤ ਦੇ ਹੁਕਮਨਾਮੇ ਅਤੇ ਆਦੇਸ਼ ਸੰਦੇਸ਼ ਮੰਨਣ ਲਈ ਆਖਿਆ ਗਿਆ ਹੈ।

ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਅਤੇ ਸੀਨੀਅਰ ਆਗੂ ਮਨਜੀਤ ਸਿੱਘ ਕਲਕੱਤਾ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੀ ਇਸ ਕਾਰਵਾਈ ਨਾਲ ਅਕਾਲ ਤਖ਼ਤ ਦੀ ਮਾਣ ਮਰਿਆਦਾ ਅਤੇ ਸਤਿਕਾਰ ਨੂੰ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵਲੋਂ ਜਾਰੀ ਕਿਸੇ ਵੀ ਆਦੇਸ਼ ਸੰਦੇਸ਼ ਜਾਂ ਹੁਕਮਨਾਮੇ ਨੂੰ ਮੰਨਣ ਬਾਰੇ ਕਦੇ ਵੀ ਇਸ਼ਤਿਹਾਰ ਜਾਰੀ ਕਰਨ ਦੀ ਲੋੜ ਨਹੀਂ ਪਈ ਹੈ ਕਿਉਂਕਿ ਇੱਥੋਂ ਜਾਰੀ ਹੋਏ ਹੁਕਮਨਾਮੇ ਨੂੰ ਸਿੱਖਾਂ ਨੇ ਇਲਾਹੀ ਹੁਕਮ ਵਜੋਂ ਲਿਆ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਦੀ ਵੱਖਰੀ ਕਮੇਟੀ ਮਾਮਲੇ ਵਿੱਚ ਦਿੱਤਾ ਗਿਆ ਇਸ਼ਤਿਹਾਰ ਸੰਗਤ ਦੀ ਭੇਟਾ ਨਾਲ ਇਕੱਠੀ ਹੋਈ ਮਾਇਆ ਨਾਲ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਹੁਕਮਨਾਮਾ ਮੰਨਣ ਲਈ ਕਹਿਣ ਵਾਲੇ ਖ਼ੁਦ ਇਨ੍ਹਾਂ ਹੁਕਮਨਾਮਿਆਂ ਤੋਂ ਭੱਜਦੇ ਰਹੇ ਹਨ। ਇਸ ਸਬੰਧ ਵਿੱਚ ਉਨ੍ਹਾਂ ਸ੍ਰੀ ਅਕਾਲ ਤਖ਼ਤ ਤੋਂ 31 ਦਸੰਬਰ 1998 ਨੂੰ ਜਾਰੀ ਕੀਤੇ ਹੁਕਮਨਾਮੇ ਦਾ ਹਵਾਲਾ ਦਿੰਦਿਆਂ ਆਖਿਆ ਕਿ ਉਸ ਵੇਲੇ ਜਥੇਦਾਰ ਵੱਲੋਂ ਪ੍ਰਕਾਸ਼ ਸਿੰਘ ਬਾਦਲ ਅਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ 14 ਅਪਰੈਲ 1999 ਤਕ ਇੱਕ ਦੂਜੇ ਦੇ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਅਤੇ ਏਕਤਾ ਬਣਾਈ ਰੱਖਣ ਦੇ ਆਦੇਸ਼ ਦਿੱਤੇ ਗਏ ਸਨ, ਪਰ ਇਨ੍ਹਾਂ ਆਦੇਸ਼ਾਂ ਨੂੰ ਅਣਡਿੱਠਾ ਕਰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਹਾਕਮ ਧਿਰ ਵੱਲੋਂ 1978 ਵਿੱਚ ਨਿਰੰਕਾਰੀਆਂ ਖ਼ਿਲਾਫ਼ ਅਤੇ 2007 ਵਿਚ ਡੇਰਾ ਸਿਰਸਾ ਖ਼ਿਲਾਫ਼ ਜਾਰੀ ਹੋਏ ਹੁਕਮਨਾਮੇ ਨੂੰ ਪੂਰੀ ਤਰ੍ਹਾਂ ਨਹੀਂ ਮੰਨਿਆ ਗਿਆ। ਉਨ੍ਹਾਂ ਆਖਿਆ ਕਿ ਇਹ ਇਸ਼ਤਿਹਾਰ ਸਿਰਫ ਵੱਖਰੀ ਕਮੇਟੀ ਦੇ ਗਠਨ ਨੂੰ ਰੋਕਣ ਅਤੇ ਗੁਰਦੁਆਰਿਆਂ ‘ਤੇ ਕਬਜ਼ਾ ਬਣਾਈ ਰੱਖਣ ਦੀ ਕਾਰਵਾਈ ਦਾ ਹਿੱਸਾ ਹੈ।

ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਆਖਿਆ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਅਕਾਲ ਤਖ਼ਤ ਦੇ ਆਦੇਸ਼ਾਂ ਨੂੰ ਮਨਵਾਉਣ ਲਈ ਇਸ਼ਤਿਹਾਰ ਦੇਣ ਦੀ ਲੋੜ ਪਈ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਜਾਰੀ ਕੀਤਾ ਗਿਆ ਆਦੇਸ਼ ਸੰਦੇਸ਼ ਕਿਸੇ ਦੇ ਪ੍ਰਭਾਵ ਹੇਠ ਜਾਰੀ ਕੀਤਾ ਗਿਆ ਹੈ, ਜੋ ਇਕਪਾਸੜ ਹੈ ਅਤੇ ਉਸ ਧਿਰ ਵੱਲੋਂ ਮੰਨਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜਿਸ ਤੋਂ ਸਪੱਸ਼ਟ ਹੈ ਕਿ ਕੁਝ ਗਲਤ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਚਾਹੀਦਾ ਇਹ ਸੀ ਕਿ ਗਲਤ ਕਾਰਵਾਈ ਨੂੰ ਦਰੁਸਤ ਕੀਤਾ ਜਾਵੇ ਪਰ ਇੱਥੇ ਪੈਸੇ ਦੇ ਜ਼ੋਰ ਨਾਲ ਗਲਤ ਕਾਰਵਾਈ ਨੂੰ ਮਨਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ, ਜੋ ਕਿ ਨੈਤਿਕ ਆਧਾਰ ‘ਤੇ ਠੀਕ ਨਹੀਂ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਕੁਲਪਤੀ ਡਾ. ਐਸ.ਪੀ. ਸਿੰਘ ਨੇ ਆਖਿਆ ਕਿ ਅਕਾਲ ਤਖ਼ਤ ਵੱਲੋਂ ਸਾਰੀਆਂ ਧਿਰਾਂ ਨੂੰ ਪੰਥਕ ਕਾਨਫਰੰਸਾਂ ਰੱਦ ਕਰਨ ਦਾ ਆਦੇਸ਼ ਦੇਣ ਦਾ ਹਰ ਪੱਖੋਂ ਸਵਾਗਤ ਹੋਇਆ ਸੀ ਪਰ ਮੁੜ ਅਗਲੇ ਦਿਨ ਹਰਿਆਣਾ ਕਮੇਟੀ ਦੇ ਗਠਨ ਨੂੰ ਰੋਕਣ ਦਾ ਵਿਰੋਧ ਹੋਇਆ ਹੈ। ਉਨ੍ਹਾਂ ਆਖਿਆ ਕਿ ਅਕਾਲ ਤਖ਼ਤ ਦੀਆਂ ਰਵਾਇਤਾਂ ਅਨੁਸਾਰ ਧਰਮ ਦਾ ਸਥਾਨ ਉਪਰ ਹੈ ਅਤੇ ਸਿਆਸਤ ਦਾ ਸਥਾਨ ਹੇਠ ਹੈ ਪਰ ਅੱਜ ਕੱਲ੍ਹ ਉਲਟ ਹੋ ਰਿਹਾ ਹੈ। ਇਸ ਸਬੰਧੀ ਇਸ਼ਤਿਹਾਰਾਂ ਨੇ ਸ਼੍ਰੋਮਣੀ ਕਮੇਟੀ ਦੇ ਵੱਕਾਰ ਨੂੰ ਢਾਹ ਲਾਈ ਹੈ।

ਸ਼੍ਰੋਮਣੀ ਕਮੇਟੀ ਦੇ ਮੁਹਾਲੀ ਤੋਂ ਮੈਂਬਰ ਹਰਦੀਪ ਸਿੰਘ ਨੇ ਆਖਿਆ ਕਿ ਅਜਿਹਾ ਕਰਨ ਨਾਲ ਅਕਾਲ ਤਖ਼ਤ ਦੀ ਮਾਣ ਮਰਿਆਦਾ ਨੂੰ ਢਾਹ ਲੱਗੀ ਹੈ, ਜਿਸ ਲਈ ਸਿਆਸੀ ਆਗੂ ਜ਼ਿੰਮੇਵਾਰ ਹਨ। ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਗੁਰਪ੍ਰੀਤ ਸਿੰਘ ਨੇ ਆਖਿਆ ਕਿ ਇਹ ਕਾਰਵਾਈ ਗੁਰੂ ਦੀ ਗੋਲਕ ਦੀ ਦੁਰਵਰਤੋਂ ਹੈ।

ਦਲ ਖ਼ਾਲਸਾ ਦੇ ਪ੍ਰਧਾਨ ਐਚ.ਐਸ. ਧਾਮੀ ਨੇ ਆਖਿਆ ਕਿ ਇਸ਼ਤਿਹਾਰ ਦੇਣਾ ਹੈਰਾਨੀਜਨਕ ਕਾਰਵਾਈ ਹੈ ਅਤੇ ਇਸ ਤੋਂ ਸਾਬਤ ਹੁੰਦਾ ਹੈ ਕਿ ਆਦੇਸ਼ ਨੂੰ ਜਬਰਦਸਤੀ ਮਨਵਾਉਣ ਲਈ ਯਤਨ ਕੀਤੇ ਜਾ ਰਹੇ ਹਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top