Share on Facebook

Main News Page

ਸਿੱਖ ਜਥੇਬੰਦੀਆਂ ਵੱਲੋਂ ਗਿਆਨੀ ਇਕਬਾਲ ਸਿੰਘ ਪਟਨਾ ਦੇ ਸਮਾਜਿਕ ਬਾਈਕਾਟ ਦਾ ਐਲਾਨ

ਅੰਮ੍ਰਿਤਸਰ, 24 ਅਗਸਤ:- ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਇੱਥੇ ਇੱਕ ਸਮਾਗਮ ਦੌਰਾਨ ਮਤਾ ਪਾਸ ਕਰ ਕੇ ਆਰ.ਐੱਸ.ਐੱਸ. ਨਾਲ ਸਾਂਝ ਰੱਖਣ ਵਾਲੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਪੰਥਕ ਖੇਤਰ ਦੀ ਹਰ ਸੇਵਾ ਤੋਂ ਦੂਰ ਕਰਨ ਅਤੇ ਉਨ੍ਹਾਂ ਦਾ ਸਮਾਜਿਕ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।

ਇਹ ਸਮਾਗਮ ਪੰਥਕ ਤਾਲਮੇਲ ਸੰਗਠਨ ਚੰਡੀਗੜ੍ਹ ਦੇ ਬੈਨਰ ਹੇਠ ਇਕੱਠੀਆਂ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਰੂਪ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਾਰਜ ਵਿਧੀ ਨੂੰ ਮੁੜ ਵਿਚਾਰਨ ਲਈ ਕੀਤਾ ਗਿਆ ਸੀ।

ਸਮਾਗਮ ਵਿੱਚ ਸਿੱਖ ਬੁੱਧੀਜੀਵੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਾਰਜ ਵਿਧੀ ਬਾਰੇ ਵਿਚਾਰ ਪੇਸ਼ ਕੀਤੇ ਤੇ ਮਤਾ ਪਾਸ ਕਰ ਕੇ 21 ਮੈਂਬਰੀ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਜੋ ਸਿੱਖ ਚਿੰਤਕਾਂ ਤੇ ਬੁੱਧੀਜੀਵੀਆਂ ਨਾਲ ਵਿਚਾਰ-ਚਰਚਾ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ, ਕਾਰਜਸ਼ੈਲੀ ਨੂੰ ਆਜ਼ਾਦ ਬਣਾਉਣ ਅਤੇ ਸਿੱਖੀ ਮਾਣ-ਮਰਿਆਦਾ ਨੂੰ ਕਾਇਮ ਰੱਖਣ ਬਾਰੇ ਸੇਧ ਦੇਵੇਗੀ।

ਦੂਜੇ ਮਤੇ ਰਾਹੀਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਬੀਤੇ ਦਿਨੀਂ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਨਾਲ ਮੰਚ ਸਾਂਝਾ ਕਰਨ ਦੇ ਵਿਰੋਧ ਵਜੋਂ ਉਨ੍ਹਾਂ ਦਾ ਸਮਾਜਿਕ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ। ਇਕੱਠ ਵੱਲੋਂ ਗਿਆਨੀ ਇਕਬਾਲ ਸਿੰਘ ਨੂੰ ਪੰਥਕ ਖੇਤਰ ਦੀ ਹਰ ਸੇਵਾ ਤੋਂ ਦੂਰ ਰੱਖਣ, ਸਮਾਜਿਕ ਬਾਈਕਾਟ ਕਰਨ ਅਤੇ ਸਿੱਖ ਸੰਗਤਾਂ ਨੂੰ ਉਨ੍ਹਾਂ ਦੇ ਕਿਸੇ ਵੀ ਸਮਾਗਮ ‘ਚ ਸ਼ਾਮਲ ਨਾ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਹ ਮਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਸੌਂਪਿਆ ਜਾਵੇਗਾ ਤਾਂ ਜੋ ਉਹ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿੱਚ ਇਸ ਬਾਰੇ ਵਿਚਾਰ ਕਰ ਕੇ ਅਗਲਾ ਫ਼ੈਸਲਾ ਲੈਣ।

ਸਮਾਗਮ ਵਿੱਚ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸਿੱਖ ਮਿਸ਼ਨਰੀ ਕਾਲਜ ਵੱਲੋਂ ਹਰਜੀਤ ਸਿੰਘ, ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਡਵਾਂਸ ਸਿੱਖ ਸਟੱਡੀਜ਼ ਦੇ ਡਾਇਰੈਕਟਰ ਹਰਸਿਮਰਨ ਸਿੰਘ, ਅਕਾਲ ਪੁਰਖ ਕੀ ਫ਼ੌਜ ਜਥੇਬੰਦੀ ਦੇ ਮੁਖੀ ਜਸਵਿੰਦਰ ਸਿੰਘ ਐਡਵੋਕੇਟ, ਸ਼ੋ੍ਰਮਣੀ ਕਮੇਟੀ ਮੈਂਬਰ ਹਰਦੀਪ ਸਿੰਘ ਮੁਹਾਲੀ, ਉੱਤਰਾਖੰਡ ਤੋਂ ਪ੍ਰੀਤਮ ਸਿੰਘ, ਪ੍ਰੋ. ਬਲਜਿੰਦਰ ਸਿੰਘ, ਪ੍ਰਭਸ਼ਰਨ ਸਿੰਘ, ਬੀਬੀ ਰਜਿੰਦਰ ਜੀਤ ਕੌਰ ਢੀਂਡਸਾ ਚੰਡੀਗੜ੍ਹ, ਸੁਰਜੀਤ ਸਿੰਘ ਜੰਮੂ, ਸਾਹਿਬਜ਼ਾਦਾ ਜੁਝਾਰ ਸਿੰਘ ਇੰਸਟੀਚਿਊਟ ਵੱਲੋਂ ਅਮਰਜੀਤ ਸਿੰਘ, ਰਾਣਾ ਇੰਦਰਬੀਰ ਸਿੰਘ ਅਤੇ ਹੋਰ ਵਿਦਵਾਨਾਂ ਨੇ ਵਿਚਾਰ ਪੇਸ਼ ਕੀਤੇ।

ਸਮਾਗਮ ਤੋਂ ਬਾਅਦ ਗੱਲਬਾਤ ਕਰਦਿਆਂ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਐਡਵੋਕੇਟ ਜਸਵਿੰਦਰ ਸਿੰਘ ਨੇ ਕਿਹਾ ਕਿ ਸਾਲ 2000 ਵਿੱਚ ਜਦੋਂ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਣੇ ਸਨ ਤਾਂ ਉਨ੍ਹਾਂ ਆਦੇਸ਼ ਜਾਰੀ ਕੀਤਾ ਸੀ ਕਿ ਸ਼ੋ੍ਰਮਣੀ ਕਮੇਟੀ ਸਿੱਖ ਬੁੱਧੀਜੀਵੀਆਂ, ਚਿੰਤਕਾਂ ਤੇ ਹੋਰ ਵਿਦਵਾਨਾਂ ਨਾਲ ਵਿਚਾਰ-ਵਟਾਂਦਰਾ ਕਰ ਕੇ ਜਥੇਦਾਰਾਂ ਦੀ ਨਿਯੁਕਤੀ, ਯੋਗਤਾ, ਸੇਵਾਮੁਕਤੀ ਤੇ ਕਾਰਜ ਖੇਤਰ ਬਾਰੇ ਇੱਕ ਨਿਯਮਾਂਵਲੀ ਤਿਆਰ ਕਰੇ। ਇਸ ਮਾਮਲੇ ਬਾਰੇ ਸ਼ੋ੍ਰਮਣੀ ਕਮੇਟੀ ਦੇ ਜਨਰਲ ਹਾਊਸ ਵੱਲੋਂ ਮਤਾ ਪਾਸ ਕੀਤਾ ਗਿਆ ਸੀ ਪਰ ਹੁਣ ਤਕ ਇਸ ‘ਤੇ ਕਾਰਵਾਈ ਨਹੀਂ ਹੋਈ ਹੈ। ਇਹੀ ਕਾਰਨ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਅਤੇ ਸਾਖ਼ ਨੂੰ ਨਿਰੰਤਰ ਢਾਹ ਲੱਗ ਰਹੀ ਹੈ ਜਿਸਨੂੰ ਬਚਾਉਣ ਦੀ ਵੱਡੀ ਲੋੜ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top