Share on Facebook

Main News Page

ਗੁਰਦੁਆਰਾ ਗਿਆਨ ਗੋਦੜੀ ਦੇ ਸਥਾਨ ‘ਤੇ ਗੁਰਪੁਰਬ ਮਨਾਉਣ ਜਾ ਰਹੇ ਸਿੱਖ ਉਤਰਾਂਚਲ ਪੁਲੀਸ ਵੱਲੋਂ ਗ੍ਰਿਫਤਾਰ

ਅੰਮ੍ਰਿਤਸਰ, 6 ਨਵੰਬਰ - ਹਰਿਦੁਆਰ ਸਥਿਤ ਗੁਰਦੁਆਰਾ ਗਿਆਨ ਗੋਦੜੀ ਦੇ ਸਥਾਨ ‘ਤੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਜਾ ਰਹੇ ਸਿੱਖਾਂ ਨੂੰ ਉਤਰਾਂਚਲ ਪੁਲੀਸ ਨੇ ਕਾਬੂ ਕਰ ਲਿਆ ਅਤੇ ਨਿਰਧਾਰਤ ਥਾਂ ‘ਤੇ ਗੁਰਪੁਰਬ ਮਨਾਉਣ ਲਈ ਜਾਣ ਤੋਂ ਰੋਕ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਸਿੱਖ ਜਥਾ ਗੁਰਚਰਨ ਸਿੰਘ ਬੱਬਰ ਦੀ ਅਗਵਾਈ ਹੇਠ ਹਰਿਦੁਆਰ ਵਿਖੇ ਗੁਰਪੁਰਬ ਮਨਾਉਣ ਲਈ ਗਿਆ ਸੀ ਪਰ ਉਨ੍ਹਾਂ ਨੂੰ ਹਰਿਦੁਆਰ ਤੋਂ ਪਹਿਲਾਂ ਹੀ ਜਵਾਲਾਪੁਰ ਸਬਜ਼ੀ ਮੰਡੀ ਨੇੜੇ ਹਿਰਾਸਤ ਵਿੱਚ ਲੈ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਜਥੇ ਵਿੱਚ ਬੀਬੀਆਂ, ਬੱਚੇ ਅਤੇ ਬਜ਼ੁਰਗ ਵੀ ਸ਼ਾਮਲ ਸਨ। ਇਨ੍ਹਾਂ ਸਾਰਿਆਂ ਨੂੰ ਤੜਕੇ ਚਾਰ ਵਜੇ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਨੂੰ ਹਰਿਦੁਆਰ ਜੇਲ੍ਹ ਰੋਡ ਸਥਿਤ ਪੁਲੀਸ ਲਾਈਨ ਵਿੱਚ ਨਜ਼ਰਬੰਦ ਕਰਕੇ ਰੱਖਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਜਥੇਦਾਰ ਸੂਬਾ ਸਿੰਘ ਢਿੱਲੋਂ, ਬਲਬੀਰ ਸਿੰਘ, ਸਤਵਿੰਦਰ ਸਿੰਘ ਕੈਥਲ, ਵਿਕਰਮਜੀਤ ਸਿੰਘ ਢਿੱਲੋਂ, ਸਾਹਿਬ ਸਿੰਘ ਆਦਿ ਪ੍ਰਮੁੱਖ ਹਨ।

ਫੈਡਰੇਸ਼ਨ ਆਗੂ ਨੇ ਪੁਲੀਸ ਦੀ ਇਸ ਕਾਰਵਾਈ ਦਾ ਵਿਰੋਧ ਕਰਦਿਆਂ ਕਿਹਾ ਕਿ ਸਿੱਖ ਵਫ਼ਦ ਸ਼ਾਂਤਮਈ ਢੰਗ ਨਾਲ ਗੁਰਪੁਰਬ ਮਨਾਉਣ ਲਈ ਜਾ ਰਿਹਾ ਸੀ ਕਿ ਉਤਰਾਂਚਲ ਸਰਕਾਰ ਨੇ ਨਾਦਰਸ਼ਾਹੀ ਫੁਰਮਾਨ ਜਾਰੀ ਕਰਕੇ ਇਨ੍ਹਾਂ ਸਿੱਖਾਂ ਨੂੰ ਨਜ਼ਰਬੰਦ ਕਰ ਲਿਆ ਹੈ। ਉਨ੍ਹਾਂ ਆਖਿਆ ਕਿ ਗੁਰਦੁਆਰਾ ਗਿਆਨ ਗੋਦੜੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹੈ ਅਤੇ ਉਨ੍ਹਾਂ ਨੇ ਪਹਿਲੀ ਉਦਾਸੀ ਸਮੇਂ ਹਰਿਦੁਆਰ ਸਥਿਤ ਗੰਗਾ ਦੇ ਕੰਢੇ ‘ਤੇ ਜਾ ਕੇ ਪਾਂਡਿਆਂ ਨਾਲ ਵਿਚਾਰ ਗੋਸ਼ਟੀ ਕੀਤੀ ਸੀ। ਇਸ ਜਗ੍ਹਾ ‘ਤੇ ਗੁਰਦੁਆਰਾ ਬਣਿਆ ਹੋਇਆ ਸੀ, ਜਿਥੇ ਨਵੰਬਰ 1984 ਵਿੱਚ ਕਬਜ਼ਾ ਕਰ ਲਿਆ ਗਿਆ ਅਤੇ ਹੁਣ ਗੁਰਦੁਆਰੇ ਦੀ ਥਾਂ ‘ਤੇ ਹੋਰ ਇਮਾਰਤ ਬਣਾ ਦਿੱਤੀ ਗਈ। ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਪਹਿਲੇ ਪਾਤਸ਼ਾਹ ਨਾਲ ਸਬੰਧਤ ਇਸ ਗੁਰਦੁਆਰੇ ਦੀ ਸਥਾਪਤੀ ਲਈ ਇਕਜੁੱਟ ਹੋ ਕੇ ਹੰਭਲਾ ਮਾਰਨ। ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗੁਰਦੁਆਰੇ ਦੀ ਥਾਂ ਸਿੱਖ ਕੌਮ ਦੇ ਹਵਾਲੇ ਕਰੇ ਤਾਂ ਜੋ ਉਥੇ ਮੁੜ ਗੁਰਦੁਆਰੇ ਦੀ ਸਥਾਪਤੀ ਕੀਤੀ ਜਾ ਸਕੇ।

ਫੈਡਰੇਸ਼ਨ ਆਗੂ ਨੇ ਦੱਸਿਆ ਕਿ ਇਸ ਦੌਰਾਨ ਹਰਿਦੁਆਰ ਅਤੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਪਿੰਡਾਂ ਦੀਨਾਰਪੁਰ ਢਾਡੀ, ਕੈਥਲ ਸੱਦੇਪੁਰ, ਬੁੱਕਣਪੁਰ, ਬੜੀਵਾਲ, ਬਦੋਲਾ ਆਦਿ ਵਿੱਚੋਂ ਵੀ ਪੁਲੀਸ ਨੇ ਕਈ ਥਾਵਾਂ ਤੋਂ ਸਿੱਖਾਂ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਨੇ ਪੁਲੀਸ ਦੀ ਇਸ ਕਾਰਵਾਈ ਨੂੰ ਅਣਉਚਿਤ ਕਰਾਰ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ, ਪੰਜਾਬ ਸਰਕਾਰ, ਸ਼ੋ੍ਰਮਣੀ ਅਕਾਲੀ ਦਲ, ਸ਼ੋ੍ਰਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਗਠਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਚੁੱਪ ਤੋੜਦਿਆਂ ਅੱਗੇ ਆਉਣ ਤਾਂ ਜੋ ਗੁਰਦੁਆਰੇ ਦੀ ਸਥਾਪਤੀ ਲਈ ਯਤਨ ਕੀਤੇ ਜਾ ਸਕਣ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top