Share on Facebook

Main News Page

ਨਵਜੋਤ ਸਿੱਧੂ ਨੂੰ ਅਕਾਲ ਤਖ਼ਤ ‘ਤੇ ਤਲਬ ਨਹੀਂ ਕੀਤਾ ਜਾ ਸਕਦਾ
-: ਸਿੱਖ ਵਿਦਵਾਨ

ਅੰਮ੍ਰਿਤਸਰ, 26 ਨਵੰਬਰ - ਭਾਜਪਾ ਦੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੂੰ ਗੁਰਬਾਣੀ ਦੀਆਂ ਤੁਕਾਂ ਨੂੰ ਤੋੜਣ ਮਰੋੜਣ ਦੇ ਦੋਸ਼ ਹੇਠ ਅਕਾਲ ਤਖ਼ਤ ‘ਤੇ ਤਲਬ ਕਰਨ ਅਤੇ ਉਸ ਖ਼ਿਲਾਫ਼ ਪੰਥਕ ਕਾਰਵਾਈ ਕਰਨ ਦੀ ਮੰਗ ਜ਼ੋਰ ਫੜ ਰਹੀ ਹੈ। ਇਸ ਮਾਮਲੇ ਵਿੱਚ ਸਿੱਖ ਧਾਰਮਿਕ ਆਗੂਆਂ ਦਾ ਮਤ ਹੈ ਕਿ ਕਿਸੇ ਵੀ ਪਤਿਤ ਸਿੱਖ ਨੂੰ ਅਕਾਲ ਤਖ਼ਤ ‘ਤੇ ਨਹੀਂ ਸੱਦਿਆ ਜਾ ਸਕਦਾ। ਜੇਕਰ ਅਜਿਹਾ ਕੀਤਾ ਗਿਆ ਤਾਂ ਇਹ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਹੋਵੇਗੀ।

ਸ੍ਰੀ ਅਕਾਲ ਤਖ਼ਤ ਵੱਲੋਂ ਪ੍ਰਵਾਨਿਤ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਸਿੱਖ ਰਹਿਤ ਮਰਿਆਦਾ ਦੀ ਧਾਰਾ 3 ਵਿੱਚ ਇਹ ਸਪੱਸ਼ਟ ਕਿਹਾ ਗਿਆ ਹੈ ਕਿ ਅਕਾਲ ਤਖ਼ਤ ਵਿਖੇ ਕਿਸੇ ਪਤਿਤ ਜਾਂ ਤਨਖਾਹੀਆ ਸਿੱਖ ਦੀ ਅਰਦਾਸ ਨਹੀਂ ਕੀਤੀ ਜਾ ਸਕਦੀ। ਇੱਥੇ ਸਿਰਫ ਸਿੱਖ ਵਿਅਕਤੀ ਦੀ ਹੀ ਅਰਦਾਸ ਹੋ ਸਕਦੀ ਹੈ। ਇਸੇ ਤਰ੍ਹਾਂ ਅਕਾਲ ਤਖ਼ਤ ਤੋਂ ਤਨਖਾਹ ਸੁਣਾਏ ਗਏ ਵਿਅਕਤੀ ਬਾਰੇ ਦਰਜ ਹੈ ਕਿ ਉਸ ਦੀ ਖਿਮਾ ਯਾਚਨਾ ਦੀ ਅਰਦਾਸ ਮਗਰੋਂ ਹੀ ਉਹ ਸੁਰਖਰੂ ਹੋ ਸਕਦਾ ਹੈ। ਸਿੱਖ ਵਿਦਵਾਨਾਂ ਦਾ ਕਹਿਣਾ ਕਿ ਜੇਕਰ ਪਤਿਤ ਸਿੱਖ ਅਰਦਾਸ ਨਹੀਂ ਕਰਵਾ ਸਕਦਾ ਤਾਂ ਤਨਖਾਹ ਲਾਉਣ ਮਗਰੋਂ ਉਸ ਦੀ ਖਿਮਾ ਯਾਚਨਾ ਦੀ ਅਰਦਾਸ ਕਿਵੇਂ ਹੋਵੇਗੀ। ਇਸ ਲਈ ਮੁੱਢਲੇ ਤੌਰ ‘ਤੇ ਪਤਿਤ ਸਿੱਖ ਨੂੰ ਅਕਾਲ ਤਖ਼ਤ ਵਿਖੇ ਨਾ ਤਲਬ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਤਨਖਾਹ ਲਾਈ ਜਾ ਸਕਦੀ ਹੈ।

ਇਸ ਸਬੰਧੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਕਿ ਕਿਸੇ ਵੀ ਪਤਿਤ ਸਿੱਖ ਨੂੰ ਕਾਰਵਾਈ ਲਈ ਅਕਾਲ ਤਖ਼ਤ ਸਾਹਿਬ ‘ਤੇ ਨਹੀਂ ਸੱਦਿਆ ਜਾ ਸਕਦਾ। ਉਨ੍ਹਾਂ ਆਖਿਆ ਕਿ ਜੇਕਰ ਕਿਸੇ ਪਤਿਤ ਵਿਅਕਤੀ ਨੂੰ ਪੰਥਕ ਕਾਰਵਾਈ ਦੀ ਸੁਣਵਾਈ ਹੇਠ ਸੱਦ ਲਿਆ ਜਾਵੇ ਅਤੇ ਉਹ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਸਾਹਿਬ ਨੂੰ ਮੰਨਣ ਤੋਂ ਇਨਕਾਰੀ ਹੋਵੇ ਤਾਂ ਇਸ ਨਾਲ ਤਖ਼ਤ ਦੀ ਸਥਿਤੀ ਹਾਸੋਹੀਣੀ ਬਣ ਜਾਵੇਗੀ। ਉਨ੍ਹਾਂ ਆਖਿਆ ਕਿ ਉਂਜ ਵੀ ਰਾਜਸੀ ਝਗੜੇ ਦੇ ਮਾਮਲੇ ਅਕਾਲ ਤਖ਼ਤ ਤੇ ਨਹੀਂ ਲਿਆਉਣੇ ਚਾਹੀਦੇ।

ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਆਖਿਆ ਕਿ ਨਵਜੋਤ ਸਿੰਘ ਸਿੱਧੂ ਮਾਮਲੇ ਦੀ ਸਿੱਖ ਵਿਦਵਾਨਾਂ ਦੀ ਕਮੇਟੀ ਬਣਾ ਕੇ ਜਾਂਚ ਕਰਾਉਣੀ ਚਾਹੀਦੀ ਹੈ। ਜੇਕਰ ਇਸ ਜਾਂਚ ਵਿੱਚ ਉਹ ਦੋਸ਼ੀ ਸਾਬਤ ਹੁੰਦੇ ਹਨ ਤਾਂ ਫਿਰ ਉਸ ਖ਼ਿਲਾਫ਼ ਸਿੱਖ ਜਜ਼ਬਾਤਾਂ ਨੂੰ ਭੜਕਾਉਣ ਦੀ ਧਾਰਾ 295ਏ ਹੇਠ ਕੇਸ ਦਰਜ ਕਰਾਉਣਾ ਚਾਹੀਦਾ ਹੈ। ਸ਼ੋ੍ਰਮਣੀ ਕਮੇਟੀ ਦੇ ਸਾਬਕਾ ਸਕੱਤਰ ਅਤੇ ਸਿੱਖ ਵਿਦਵਾਨ ਮਨਜੀਤ ਸਿੰਘ ਕਲਕੱਤਾ ਨੇ ਵੀ ਆਖਿਆ ਕਿ ਕਿਸੇ ਪਤਿਤ ਸਿੱਖ ਨੂੰ ਅਕਾਲ ਤਖਤ ‘ਤੇ ਤਲਬ ਕਰਕੇ ਕਾਰਵਾਈ ਨਹੀਂ ਕੀਤੀ ਜਾ ਸਕਦੀ। ਅਜਿਹੇ ਵਿਅਕਤੀ ਨੂੰ ਗੁਰਬਾਣੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਜਾਂ ਇਤਿਹਾਸ ਨੂੰ ਬਦਲਣ ਦੇ ਮਾਮਲੇ ਵਿੱਚ ਤਾੜਨਾ ਕੀਤੀ ਜਾ ਸਕਦੀ ਹੈ।

ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਆਖਿਆ ਕਿ ਜੇਕਰ ਕੋਈ ਵਿਅਕਤੀ ਦਸਤਾਰਧਾਰੀ ਹੈ, ਆਪਣੇ ਆਪ ਨੂੰ ਸਿੱਖ ਅਖਵਾਉਂਦਾ ਹੈ ਅਤੇ ਗੁਰੂ ਗ੍ਰੰਥ ਸਾਹਿਬ ਸਮੇਤ 10 ਗੁਰੂਆਂ ਵਿੱਚ ਵਿਸ਼ਵਾਸ ਰੱਖਦਾ ਹੈ ਤਾਂ ਅਜਿਹੇ ਵਿਅਕਤੀ ਨੂੰ ਅਕਾਲ ਤਖ਼ਤ ‘ਤੇ ਤਲਬ ਕਰਕੇ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਪਤਿਤ ਦੀ ਪਰਿਭਾਸ਼ਾ ਬਾਰੇ ਆਖਿਆ ਕਿ ਜੋ ਵਿਅਕਤੀ ਅੰਮ੍ਰਿਤਪਾਨ ਕਰਕੇ ਭੰਗ ਕਰਦਾ ਹੈ ਉਹ ਪਤਿਤ ਹੈ।

ਇਸ ਦੌਰਾਨ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਵੀ ਆਖਿਆ ਕਿ ਜੇਕਰ ਅਕਾਲ ਤਖ਼ਤ ਵੱਲੋਂ ਸ੍ਰੀ ਸਿੱਧੂ ਨੂੰ ਤਲਬ ਕੀਤਾ ਜਾਂਦਾ ਹੈ ਤਾਂ ਇਹ ਪਤਿਤ ਵਿਅਕਤੀਆਂ ਨੂੰ ਮਾਨਤਾ ਦੇਣ ਬਰਾਬਰ ਕਾਰਵਾਈ ਹੋਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਆਪਣੇ ਹਿੱਤਾਂ ਲਈ ਅਕਾਲ ਤਖ਼ਤ ਨੂੰ ਵਰਤਿਆ ਜਾਂਦਾ ਰਿਹਾ ਹੈ ਅਤੇ ਹੁਣ ਸ੍ਰੀ ਸਿੱਧੂ ਖ਼ਿਲਾਫ਼ ਕਾਰਵਾਈ ਲਈ ਵਰਤਣ ਲਈ ਯਤਨ ਕੀਤਾ ਜਾ ਰਿਹਾ ਹੈ।

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ), ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਆਦਿ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਅਤੇ ਸੀ.ਡੀ. ਦੇ ਕੇ ਅਪੀਲ ਕੀਤੀ ਗਈ ਹੈ ਕਿ ਸ੍ਰੀ ਸਿੱਧੂ ਨੂੰ ਗੁਰਬਾਣੀ ਦੀ ਤੁਕ ਤੋੜਣ ਮਰੋੜਣ ਦੇ ਦੋਸ਼ ਹੇਠ ਤਲੱਬ ਕਰਕੇ ਪੰਥਕ ਕਾਰਵਾਈ ਕਰੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top