Share on Facebook

Main News Page

ਆਖ਼ਰਕਾਰ ਜਥੇਦਾਰ ਨੰਦਗੜ੍ਹ ਨੂੰ ਅਹੁਦੇ ਤੋਂ ਲਾਹ ਦਿੱਤਾ ਗਿਆ

* ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੇ ਅਕਾਲ ਤਖ਼ਤ ਦੀ ਮਰਿਆਦਾ ਨੂੰ ਠੇਸ ਪਹੁੰਚਾਈ : ਅਵਤਾਰ ਸਿੰਘ ਮੱਕੜ

ਫ਼ਤਿਹਗੜ੍ਹ ਸਾਹਿਬ, 17 ਜਨਵਰੀ (ਸੁਰਜੀਤ ਸਿੰਘ ਸਾਹੀ): ਮੂਲ ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਵਾਲੇ ਤਖ਼ਤ ਦਮਦਮਾ ਸਾਹਿਬ ਦੇ ਮੁੱਖ ਸੇਵਾਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਆਖ਼ਰਕਾਰ ਅਹੁਦੇ ਤੋਂ ਹਟਾ ਦਿਤਾ ਗਿਆ ਹੈ। ਇਹ ਫ਼ੈਸਲਾ ਅੱਜ ਇਥੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਵਿਚ ਕੀਤਾ ਗਿਆ। ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਗਿਆਨੀ ਗੁਰਮੁਖ ਸਿੰਘ ਨੂੰ ਤਖ਼ਤ ਦਮਦਮਾ ਸਾਹਿਬ ਦਾ ਕਾਰਜਕਾਰੀ ਮੁੱਖ ਸੇਵਾਦਾਰ ਨਿਯੁਕਤ ਕਰ ਦਿਤਾ ਗਿਆ ਹੈ।

ਗੁਰਦਵਾਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਪ੍ਰੈੱਸ ਕਾਨਫ਼ੰਰਸ ਦੌਰਾਨ ਇਹ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਮਾਮਲੇ ਸਬੰਧੀ ਲੰਮਾ ਸਮਾਂ ਵਿਚਾਰਾਂ ਹੋਈਆਂ ਜਿਵੇਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੁਆਰਾ ਕੱਢੇ ਗਏ ਨਗਰ ਕੀਰਤਨ ਵਿਚ ਜਥੇਦਾਰ ਨੰਦਗੜ੍ਹ ਦਾ ਸ਼ਾਮਲ ਨਾ ਹੋਣਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਨਾ ਕਰਨਾ ਤੇ ਪੰਜਾਂ ਪਿਆਰਿਆਂ ਅਤੇ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਣਾ ਆਦਿ। ਉਨ੍ਹਾਂ ਕਿਹਾ ਕਿ ਜਥੇਦਾਰ ਨੰਦਗ੍ਯੜ੍ਹ ਵਲੋਂ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਸਬੰਧੀ ਸੰਗਤਾਂ ਅੰਦਰ ਭਾਰੀ ਰੋਸ ਹੈ, ਇਸ ਲਈ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਨੇ ਜਥੇਦਾਰ ਨੰਦਗੜ੍ਹ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਮੁਕਤ ਕਰ ਦਿਤਾ ਹੈ। ਗਿਆਨੀ ਗੁਰਮੁਖ ਸਿੰਘ ਇਕੋ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਨਿਭਾਉਣਗੇ।

ਜਥੇਦਾਰ ਅਵਤਾਰ ਸਿੰਘ ਨੇ ਦਸਿਆ ਕਿ ਜਥੇਦਾਰ ਨੰਦਗੜ੍ਹ ਦੀ ਸੇਵਾਮੁਕਤੀ ਤੋਂ ਇਲਾਵਾ ਬਾਕੀ ਜਥੇਦਾਰਾਂ ਦੀ ਸੇਵਾ ਸਬੰਧੀ ਨਿਯਮ ਤੇ ਉਪ-ਨਿਯਮ ਬਣਾਉਣ ਸਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ ਹਨ। ਇਸ ਸਬੰਧੀ ਜਲਦ ਹੀ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ।

ਇਕੱਤਰਤਾ ਵਿਚ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ ਅਤੇ ਨਾਲ ਹੀ ਸੰਵਿਧਾਨ ਦੀ ਧਾਰਾ 25 ਵਿਚ ਸੋਧ ਕਰਨ ਦੀ ਵੀ ਮੰਗ ਕੀਤੀ ਗਈ। ਜਥੇਦਾਰ ਦਰਸ਼ਨ ਸਿੰਘ ਈਸਾਪੁਰ ਸਾਬਕਾ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਬਖ਼ਸ਼ ਸਿੰਘ ਪੁੜੈਣ ਸਾਬਕਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਸੰਤ ਅਜੀਤ ਸਿੰਘ ਹੰਸਾਲੀ ਵਾਲੇ ਅਤੇ ਭਾਈ ਜੀਵਨ ਸਿੰਘ ਅਖੰਡ ਕੀਰਤਨੀ ਜਥੇ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਮੀਟਿੰਗ ਵਿਚ ਸੋਗ ਮਤਾ ਪਾਸ ਕੀਤਾ ਗਿਆ ਅਤੇ ਪੰਜ ਮੂਲ ਮੰਤਰ ਦੇ ਪਾਠ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top