Share on Facebook

Main News Page

ਪਹਿਲਾਂ ਇਹ ਤਾਂ ਫ਼ੈਸਲਾ ਕਰੋ ਕਿ 'ਜਥੇਦਾਰ' ਦੀ ਲੋੜ ਵੀ ਹੈ ਜਾਂ ਨਹੀਂ ?
-: ਬੀਬੀ ਕਿਰਨਜੋਤ ਕੌਰ

ਅੰਮ੍ਰਿਤਸਰ, 21 ਜਨਵਰੀ (ਚਰਨਜੀਤ ਸਿੰਘ) : ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ ਅੱਜ ਕਿਹਾ ਕਿ ਪਹਿਲਾਂ ਤਾਂ ਸਾਨੂੰ ਇਹ ਫ਼ੈਸਲਾ ਲੈਣਾ ਚਾਹੀਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਦੀ ਲੋੜ ਹੈ ਵੀ ਕਿ ਨਹੀਂ।

ਉਨ੍ਹਾਂ ਕਿਹਾ ਕਿ ਜਥੇਦਾਰ ਦੀ ਕੋਈ ਆਸਾਮੀ ਹੀ ਨਹੀਂ ਹੈ ਤਾਂ ਕੌਮ ਨੂੰ ਕਿਉਂ ਭੰਬਲਭੂਸੇ ਵਾਲੇ ਹਾਲਾਤ ਵਿਚ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦ ਹੈੱਡ ਗ੍ਰੰਥੀ ਵੀ ਹੈ, ਫਿਰ ਜਥੇਦਾਰ ਕਿਉਂ? ਉਹ ਸ਼੍ਰੋਮਣੀ ਕਮੇਟੀ ਵਲੋਂ ਜਥੇਦਾਰਾਂ ਬਾਰੇ ਨਿਯਮ ਤਿਆਰ ਕਰਨ ਲਈ ਕਾਇਮ ਕੀਤੀ ਕਮੇਟੀ ਬਾਰੇ ਅਪਣਾ ਪ੍ਰਤੀਕਰਮ ਦੇ ਰਹੇ ਸਨ।

ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਕਿਹਾ ਕਿ ਕਮੇਟੀ ਨੂੰ ਚਾਹੀਦਾ ਹੈ, ਕਿ ਅਪਣੀ ਰੀਪੋਰਟ ਪੰਥ ਦੀ ਰਾਏ ਤੇ ਤਖ਼ਤਾਂ ਦੇ ਮਾਣ-ਸਤਿਕਾਰ ਨੂੰ ਧਿਆਨ ਵਿਚ ਰੱਖ ਕੇ ਤਿਆਰ ਕਰੇ। ਉਨ੍ਹਾਂ ਕਿਹਾ ਕਿ ਕਮੇਟੀ ਨੂੰ ਇਸ ਦਾ ਵੀ ਧਿਆਨ ਰਖਣਾ ਚਾਹੀਦਾ ਹੈ ਕਿ ਉਸ ਨੇ ਤਖ਼ਤਾਂ ਦੇ ਜਥੇਦਾਰ ਨਿਯੁਕਤ ਕਰਨ ਬਾਰੇ ਨਿਯਮ ਬਣਾਉਣੇ ਹਨ ਨਾਕਿ ਗੁਰਦਵਾਰਿਆਂ ਦੇ ਗ੍ਰੰਥੀ। ਉਨ੍ਹਾਂ ਕਿਹਾ ਕਿ ਤਖ਼ਤ ਦੀ ਮਾਣ-ਮਰਿਆਦਾ ਨੂੰ ਬਹਾਲ ਰਖਣ ਲਈ ਗ੍ਰ੍ਰੰਥੀ ਜਾਂ ਸੇਵਾਦਾਰ ਤੋਂ ਤਰੱਕੀਆਂ ਕਰ ਕੇ ਜਥੇਦਾਰ ਬਣੇ ਵਿਅਕਤੀਆਂ ਤੋਂ ਆਸ ਨਹੀਂ ਕੀਤੀ ਜਾ ਸਕਦੀ।

ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਇਸ ਕਮੇਟੀ ਦੇ ਫ਼ੈਸਲੇ 'ਤੇ ਟਿਪਣੀ ਕਰਦਿਆਂ ਕਿਹਾ ਕਿ ਇਹ ਕਮੇਟੀ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੇ ਕਾਰਜਕਾਲ ਸਮੇਂ ਬਣਾਈ ਜਾਂਦੀ ਤਾਂ ਇਸ ਦੇ ਨਤੀਜੇ ਦੂਰਗਾਮੀ ਨਿਕਲਣੇ ਸਨ। ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਇਹ ਕਮੇਟੀ ਕਿਸੇ ਵਿਅਕਤੀ ਵਿਸ਼ੇਸ਼ ਜਾਂ ਕਿਸੇ ਪਰਵਾਰ ਦਾ ਪ੍ਰਭਾਵ ਨਾ ਕਬੂਲ ਕੇ ਸਾਰੇ ਪੰਥ ਦੀਆਂ ਭਾਵਨਾਵਾਂ ਮੁਤਾਬਕ ਰੀਪੋਰਟ ਤਿਆਰ ਕਰੇਗੀ।

ਸ. ਸਰਨਾ ਨੇ ਕਿਹਾ ਕਿ ਚੰਗਾ ਹੁੰਦਾ ਜੇਕਰ ਸ਼੍ਰੋਮਣੀ ਕਮੇਟੀ ਇਸ ਕਮੇਟੀ ਦੇ ਗਠਨ ਤੋ ਪਹਿਲਾਂ ਵੱਖ-ਵੱਖ ਪੰਥਕ ਪਾਰਟੀਆਂ ਤੇ ਸਿੱਖ ਜਥੇਬੰਦੀਆਂ ਨਾਲ ਰਾਏ ਕਰਦੀ। ਉਨ੍ਹਾਂ ਕਿਹਾ ਕਿ ਇਸ ਵਿਚ ਹੋਰ ਵਿਦਵਾਨਾਂ ਖ਼ਾਸ ਕਰ ਸ. ਗੁਰਦਰਸ਼ਨ ਸਿੰਘ ਢਿੱਲੋਂ ਨੂੰ ਸ਼ਾਮਲ ਕਰ ਕੇ ਨਿਯਮ ਉਪ ਨਿਯਮ ਬਣਾਏ ਜਾਣੇ ਚਾਹੀਦੇ ਹਨ।

ਸ਼੍ਰੋਮਣੀ ਕਮੇਟੀ ਦੁਆਰਾ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਬਣਾਈ ਗਈ ਵਿਦਵਾਨਾਂ ਦੀ ਕਮੇਟੀ ਬਾਰੇ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਨੇ ਹੈਰਾਨਗੀ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਰਾਮ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਦੇਰ ਨਾਲ ਲਿਆ ਗਿਆ ਸਹੀ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਦੇ ਗਠਨ ਲਈ ਫ਼ੈਸਲੇ ਲੈਣ ਬਾਰੇ ਸਾਲ 2000 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਨੇ ਆਦੇਸ਼ ਜਾਰੀ ਕੀਤਾ ਸੀ, ਪਰ ਹੈਰਾਨਗੀ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਲਾਗੂ ਕਰਨ ਲਈ ਜ਼ਿੰਮੇਵਾਰ ਹੈ, ਨੇ ਖ਼ੁਦ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ਮੰਨਣ ਲਗਿਆਂ 15 ਸਾਲ ਲਗਾ ਦਿਤੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top