Share on Facebook

Main News Page

ਭੁੱਲਰ ਨੂੰ ਤਿਹਾੜ ਤੋਂ ਅੰਮ੍ਰਿਤਸਰ ਜੇਲ੍ਹ ਵਿੱਚ ਇਸੇ ਹਫ਼ਤੇ ਤਬਦੀਲ ਕੀਤੇ ਜਾਣ ਦੀ ਉਮੀਦ

ਅੰਮ੍ਰਿਤਸਰ (9 ਜੂਨ 2015) ਸਿੱਖ ਬੰਦੀਆਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਸਿੱਖ ਜਥੇਬੰਦੀਆਂ ਦੀ ਸੰਘਰਸ਼ ਕਮੇਟੀ ਨੂੰ ਉਮੀਦ ਹੈ ਕਿ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਦਵਿੰਦਰਪਾਲ ਸਿੰਘ ਭੁੱਲਰ ਨੂੰ ਇਸ ਹਫ਼ਤੇ ਦੇ ਅਖੀਰ ਤੱਕ ਦਿੱਲੀ ਤੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਤਬਦੀਲ ਕੀਤੇ ਜਾਣ ਦੀ ਸੰਭਾਵਨਾ ਹੈ। ਸਾਂਝੀ ਸੰਘਰਸ਼ ਕਮੇਟੀ ਦੇ ਕਨਵੀਨਰ ਗੁਰਦੀਪ ਸਿੰਘ ਬਠਿੰਡਾ ਨੇ ਗੱਲ ਕਰਦਿਆਂ ਉਮੀਦ ਪ੍ਰਗਟਾਈ ਹੈ ਕਿ ਦੋਵਾਂ ਸਰਕਾਰਾਂ ਵਿਚਾਲੇ ਇਸ ਸਬੰਧੀ ਰਸਮੀ ਸਹਿਮਤੀ ਹੋ ਚੁੱਕੀ ਹੈ। ਹੁਣ ਸਿਰਫ ਉਸਨੂੰ ਇਕ ਜੇਲ੍ਹ ਤੋਂ ਦੂਜੀ ਜੇਲ੍ਹ ਵਿਚ ਤਬਦੀਲ ਕਰਨ ਦੀ ਪ੍ਰਕਿਰਿਆ ਵਿਚ ਹੀ ਸਮਾਂ ਲੱਗੇਗਾ। ਉਨ੍ਹਾਂ ਆਖਿਆ ਕਿ ਇਸ ਹਫਤੇ ਦੇ ਅਖੀਰ ਤੱਕ ਉਸਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਤਬਦੀਲ ਕੀਤੇ ਜਾਣ ਦੀ ਸੰਭਾਵਨਾ ਹੈ। ਇਥੇ ਤਬਦੀਲ ਹੋਣ ਮਗਰੋਂ ਉਸਨੂੰ ਸਿਹਤ ਪੱਖ ਤੋਂ ਪੈਰੋਲ ’ਤੇ ਰਿਹਾਅ ਕੀਤਾ ਜਾਵੇਗਾ ਅਤੇ ਮਗਰੋਂ ਉਸਦੀ ਪੱਕੀ ਜ਼ਮਾਨਤ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਵਿੰਦਰਪਾਲ ਸਿੰਘ ਭੁੱਲਰ ਦੀ ਪਤਨੀ ਅਤੇ ਉਸਦੇ ਭਰਾ ਨਾਲ ਵਿਦੇਸ਼ ਵਿਖੇ ਅੱਜ ਗੱਲਬਾਤ ਹੋਈ ਹੈ ਅਤੇ ਉਹ ਵੀ ਜਲਦੀ ਤੋਂ ਜਲਦੀ ਪੰਜਾਬ ਆਉਣ ਲਈ ਯਤਨਸ਼ੀਲ ਹਨ। ਉਹ ਉਸਦੀ ਜੇਲ੍ਹ ਤਬਦੀਲੀ ਸਮੇਂ ਇਥੇ ਹਾਜ਼ਰ ਹੋਣਾ ਚਾਹੁੰਦੇ ਹਨ।

ਅੱਜ ਬੰਦੀ ਸਿੱਖਾਂ ਦੀ ਰਿਹਾਈ ਲਈ ਪੁਲੀਸ ਨਾਲ ਸਬੰਧਤ ਮਾਮਲੇ ਵਿਚਾਰਨ ਲਈ ਪੰਜਾਬ ਪੁਲਿਸ ਮੁਖੀ ਸੁਮੇਧ ਸੈਣੀ ਨਾਲ ਬਾਪੂ ਸੂਰਤ ਸਿੰਘ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਤੇ ਯੂਨਾਈਟਿਡ ਅਕਾਲੀ ਦੇ ਜਨਰਲ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ, ਦਮਦਮੀ ਟਕਸਾਲ ਅਜਨਾਲਾ ਦੇ ਭਾਈ ਅਮਰੀਕ ਸਿੰਘ, ਆਖੰਡ ਕੀਰਤਨੀ ਜਥੇ ਵੱਲੋਂ ਆਰ.ਪੀ. ਸਿੰਘ, ਪੰਚ ਪ੍ਰਧਾਨੀ ਦੇ ਐਡਵੋਕੇਟ ਹਰਪਾਲ ਸਿੰਘ ਚੀਮਾ, ਬਾਪੂ ਸੂਰਤ ਸਿੰਘ ਖਾਲਸਾ ਦੇ ਪੁੱਤਰ ਰਵਿੰਦਰਜੀਤ ਸਿੰਘ ਗੋਗੀ, ਅਕਾਲੀ ਦਲ ਮਾਨ ਦੇ ਜਸਕਰਨ ਸਿੰਘ ਕਾਹਨ ਸਿੰਘਵਾਲਾ, ਭਾਈ ਮਨਜਿੰਦਰ ਸਿੰਘ ਅਤੇ ਜਸਪਾਲ ਸਿੰਘ ਹੇਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸੈਣੀ ਨਾਲ ਐਡੀਸ਼ਨਲ ਡਾਇਰੈਕਟਰ ਜਨਰਲ (ਖੁਫੀਆ ਵਿੰਗ) ਹਰਦੀਪ ਸਿੰਘ ਢਿੱਲੋਂ ਅਤੇ ਡਿਪਟੀ ਇੰਸਪੈਕਟਰ ਜਨਰਲ ਆਰ. ਕੇ. ਜੈਸਵਾਲ ਮੌਜੂਦ ਸਨ। ਮੀਟਿੰਗ ਦੌਰਾਨ ਦੋਵਾਂ ਧਿਰਾਂ ਨੇ 78 ਬੰਦੀ ਸਿੱਖਾਂ ਦੀ ਰਿਹਾਈ ਤੇ ਆਪੋ-ਆਪਣੇ ਪੱਖ ਰਖੇ। ਸ੍ਰੀ ਸੈਣੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਕਾਨੂੰਨੀ ਅੜਚਣਾਂ ਦੇ ਵੇਰਵੇ ਦਿੱਤੇ ਤਾਂ ਵਫਦ ਨੇ ਕਿਹਾ ਕਿ ਬੰਦੀ ਸਿੱਖਾਂ ਨੂੰ ਸਿਆਸੀ ਕੈਦੀ ਮੰਨ ਕੇ ਰਿਹਾਅ ਕਰਨ ਵਿੱਚ ਕੋਈ ਰੁਕਾਵਟ ਨਹੀਂ ਹੈ। ਵਫਦ ਨੇ ਕਿਹਾ ਕਿ ਜੇਲ੍ਹਾਂ ਵਿੱਚ ਦਹਾਕਿਆਂ ਤੋਂ ਬੰਦ 78 ਸਿੱਖ ਉਸ ਵੇਲੇ ਅਕਾਲੀ ਦਲ ਵੱਲੋਂ ਲਾਏ ਧਰਮ ਯੁੱਧ ਮੋਰਚੇ ਦੇ ਕੈਦੀ ਹਨ।

ਸਾਂਝੀ ਸੰਘਰਸ਼ ਕਮੇਟੀ ਵਲੋਂ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਭਲਕੇ ਦਸ ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੌਪਈ ਸਾਹਿਬ ਦੇ ਪਾਠ ਕਰਨ ਅਤੇ ਅਰਦਾਸ ਕਰਨ ਦਾ ਵੀ ਪ੍ਰੋਗਰਾਮ ਹੈ। ਸ੍ਰੀ ਬਠਿੰਡਾ ਨੇ ਦੱਸਿਆ ਕਿ ਕਮੇਟੀ ਦੇ ਕੁਝ ਨੁਮਾਇੰਦੇ ਅਰਦਾਸ ਵਿਚ ਸ਼ਾਮਲ ਹੋਣ ਲਈ ਆਉਣਗੇ ਅਤੇ ਮਗਰੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਇਹ ਸੰਘਰਸ਼ ਕਮੇਟੀ ਭਾਈ ਸੂਰਤ ਸਿੰਘ ਖਾਲਸਾ ਜੋ ਲੰਮੇ ਸਮੇਂ ਤੋਂ ਭੁੱਖ ਹੜਤਾਲ ਤੇ ਹਨ, ਦੀ ਮੰਗ ਦੀ ਪੂਰਤੀ ਲਈ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਜਦੋਂ ਤੱਕ ਨਤੀਜਾ ਸਾਹਮਣੇ ਨਹੀਂ ਆਉਂਦਾ, ਸੰਘਰਸ਼ ਕਮੇਟੀ ਵਲੋਂ ਆਪਣਾ ਸੰਘਰਸ਼ ਜਮਹੂਰੀ ਢੰਗ ਨਾਲ ਜਾਰੀ ਰੱਖਿਆ ਜਾਵੇਗਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top